ਚੰਡੀਗੜ੍ਹ, 19 ਜਨਵਰੀ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 23 ਸਾਲਾ ਫੌਜੀ ਜਵਾਨ ਅਜੈ ਸਿੰਘ (jawan Ajay Singh) ਦੀ ਡਿਊਟੀ ਨਿਭਾਉਂਦੇ ਸਮੇਂ ਹੋਈ ਸ਼ਹਾਦਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਥੇ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਅਗਨੀਵੀਰ ਅਜੈ ਸਿੰਘ, ਜੋ ਖੰਨਾ ਨੇੜਲੇ ਪਿੰਡ ਰਾਮਗੜ੍ਹ ਸਰਦਾਰਾਂ ਦਾ ਰਹਿਣ ਵਾਲਾ ਸੀ, ਇਕ ਬਾਰੂਦੀ ਸੁਰੰਗ ਧਮਾਕੇ ਵਿੱਚ ਸ਼ਹੀਦ ਹੋ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਬਹਾਦਰ ਜਵਾਨ ਨੇ ਜੰਮੂ-ਕਸ਼ਮੀਰ ਵਿਖੇ ਡਿਊਟੀ ਨਿਭਾਉਂਦੇ ਹੋਏ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਕਿਹਾ ਕਿ ਇਹ ਦੇਸ਼ ਲਈ ਅਤੇ ਖਾਸ ਕਰਕੇ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ।
ਮੁੱਖ ਮੰਤਰੀ ਨੇ ਬਹਾਦਰ ਸ਼ਹੀਦ (jawan Ajay Singh) ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਪਰਿਵਾਰ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਇਸ ਸ਼ਹੀਦ ਨੇ ਆਪਣੀ ਡਿਊਟੀ ਪੂਰੀ ਬਹਾਦਰੀ ਤੇ ਲਗਨ ਨਾਲ ਨਿਭਾਈ ਅਤੇ ਸ਼ਹੀਦ ਦੀ ਕੁਰਬਾਨੀ ਨੌਜਵਾਨਾਂ ਨੂੰ ਹਮੇਸ਼ਾ ਪ੍ਰੇਰਨਾ ਦਿੰਦੀ ਰਹੇਗੀ। ਭਗਵੰਤ ਸਿੰਘ ਮਾਨ ਨੇ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਦੀ ਨੀਤੀ ਅਨੁਸਾਰ ਪੀੜਤ ਪਰਿਵਾਰ ਨੂੰ ਵਿੱਤੀ ਸਹਾਇਤਾ ਦਿੱਤੀ ਜਾਵੇਗੀ।