ਚੰਡੀਗੜ੍ਹ, 18 ਮਈ 2024: ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਦੇ ਨੂੰਹ (Nuh) ਵਿਖੇ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਅੱਗ ਲੱਗਣ ਕਾਰਨ ਸ਼ਰਧਾਲੂਆਂ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਵਿੱਛੜੀਆਂ ਰੂਹਾਂ ਦੀ ਸ਼ਾਂਤੀ ਅਤੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਕੀਤੀ।
ਮੁੱਖ ਮੰਤਰੀ ਭਗਵੰਤ ਮਾਨ ਨੇ ‘ਐਕਸ’ ‘ਤੇ ਲਿਖਿਆ ਕਿ ਹਰਿਆਣਾ ਦੇ ਨੂੰਹ (Nuh) ‘ਚ ਸ਼ਰਧਾਲੂਆਂ ਨਾਲ ਭਰੀ ਇੱਕ ਬੱਸ ਨੂੰ ਅੱਗ ਲੱਗਣ ਦੌਰਾਨ ਵਾਪਰੇ ਵੱਡੇ ਹਾਦਸੇ ਦੀ ਖ਼ਬਰ ਮਿਲੀ। ਜਿਸ ਵਿੱਚ ਪੰਜਾਬ ਦੇ ਹੁਸ਼ਿਆਰਪੁਰ ਅਤੇ ਲੁਧਿਆਣਾ ਤੋਂ ਧਾਰਮਿਕ ਸਥਾਨਾਂ ਦੀ ਯਾਤਰਾ ਲਈ ਗਏ ਪੰਜਾਬੀਆਂ ਦੀ ਦੁਖਦਾਈ ਮੌਤ ਦੀ ਖ਼ਬਰ ਮਿਲੀ ਹੈ ਅਤੇ ਕੁੱਝ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਮੈਂ ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕਰਦਾ ਹਾਂ। ਸਰਕਾਰ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਤੇ ਹਰ ਸੰਭਵ ਮਦਦ ਕੀਤੀ ਜਾਵੇਗੀ।
ਦੱਸ ਦੇਈਏ ਕਿ ਕੁੰਡਲੀ ਮਾਨੇਸਰ ਪਲਵਲ ਐਕਸਪ੍ਰੈਸਵੇਅ ‘ਤੇ ਦੇਰ ਰਾਤ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਅਚਾਨਕ ਅੱਗ ਲੱਗ ਗਈ। ਹਾਦਸੇ ਦਾ ਸ਼ਿਕਾਰ ਹੋਏ ਜ਼ਿਆਦਾਤਰ ਪੰਜਾਬ ਦੇ ਵਸਨੀਕ ਦੱਸੇ ਜਾਂਦੇ ਹਨ। ਜੋ ਮਥੁਰਾ ਅਤੇ ਵ੍ਰਿੰਦਾਵਨ ਤੋਂ ਦਰਸ਼ਨ ਕਰਕੇ ਵਾਪਸ ਆ ਰਹੇ ਸਨ। ਬੱਸ ਵਿੱਚ ਕਰੀਬ 60 ਲੋਕ ਸਵਾਰ ਸਨ। ਇਨ੍ਹਾਂ ਵਿੱਚ ਬੱਚੇ ਅਤੇ ਔਰਤਾਂ ਵੀ ਸ਼ਾਮਲ ਸਨ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ‘ਚ 9 ਲੋਕ ਜ਼ਿੰਦਾ ਸੜ ਗਏ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ।