ਚੰਡੀਗੜ੍ਹ, 30 ਸਤੰਬਰ 2024: ਅੱਜ ਬਟਾਲਾ-ਕਾਦੀਆਂ (Batala-Qadian) ਰੋਡ ‘ਤੇ ਦਰਦਨਾਕ ਬੱਸ ਹਾਦਸਾ ਵਾਪਰਿਆ ਹੈ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਦਰਦਨਾਕ ਸੜਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਇਸ ਹਾਦਸੇ ‘ਚ 3 ਜਣਿਆਂ ਦੀ ਮੌਤ ਹੋ ਗਈ ਜਦਕਿ 18 ਜਣੇ ਜ਼ਖਮੀ ਹੋ ਗਏ।
ਮੁੱਖ ਮੰਤਰੀ ਮਾਨ ਨੇ ਦਰਦਨਾਕ ਹਾਦਸੇ ‘ਤੇ ਦੁੱਖ ਜ਼ਾਹਿਰ ਕਰਦਿਆਂ ਦੁਖੀ ਪਰਿਵਾਰਾਂ ਦੇ ਮੈਂਬਰਾਂ ਨਾਲ ਦਿਲੀ ਹਮਦਰਦੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ‘ਚ ਸਦੀਵੀ ਨਿਵਾਸ ਦੇਣ ਅਤੇ ਇਸ ਔਖੀ ਘੜੀ ‘ਚ ਇਹ ਨਾ ਪੂਰਿਆ ਜਾਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖਸ਼ਣ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਲਗਾਤਾਰ ਪ੍ਰਸ਼ਾਸਨ ਦੇ ਸੰਪਰਕ ‘ਚ ਹਨ ਅਤੇ ਸਥਿਤੀ ’ਤੇ ਨਜ਼ਰ ਰੱਖ ਰਹੇ ਹਨ। ਉਨ੍ਹਾਂ ਨੇ ਪਹਿਲਾਂ ਹੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਾਰੇ ਜ਼ਖਮੀਆਂ ਦਾ ਮੁਫ਼ਤ ਇਲਾਜ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਜ਼ਖਮੀਆਂ ਦੇ ਛੇਤੀ ਠੀਕ ਹੋਣ ਦੀ ਕਾਮਨਾ ਵੀ ਕੀਤੀ ਹੈ ।