June 30, 2024 1:22 pm
Surjit Patar

ਮਸ਼ਹੂਰ ਪੰਜਾਬੀ ਸ਼ਾਇਰ ਸੁਰਜੀਤ ਪਾਤਰ ਦੇ ਦਿਹਾਂਤ ‘ਤੇ CM ਭਗਵੰਤ ਮਾਨ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 11 ਮਈ 2024: ਪੰਜਾਬ ਦੇ ਪ੍ਰਸਿੱਧ ਕਵੀਆਂ ਵਿੱਚੋਂ ਇੱਕ ਸੁਰਜੀਤ ਪਾਤਰ (Surjit Patar) ਦਾ ਅੱਜ ਦਿਹਾਂਤ ਹੋ ਗਿਆ ਹੈ। ਸੁਰਜੀਤ ਪਾਤਰ 79 ਸਾਲ ਦੇ ਸਨ। ਲੁਧਿਆਣਾ ਦੇ ਆਸ਼ਾਪੁਰੀ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਸੁਰਜੀਤ ਪਾਤਰ ਦੇ ਦਿਹਾਂਤ ਦੀ ਖ਼ਬਰ ਸੁਣਦਿਆਂ ਹੀ ਸੋਗ ਦੀ ਲਹਿਰ ਹੈ। ਕੇਂਦਰ ਸਰਕਾਰ ਨੇ ਉਨ੍ਹਾਂ ਨੂੰ 2012 ਵਿੱਚ ਪਦਮਸ਼੍ਰੀ ਨਾਲ ਸਨਮਾਨਿਤ ਕੀਤਾ ਸੀ। ਸੁਰਜੀਤ ਪਾਤਰ ਨੇ ਤਾਂ ਕਿਸਾਨ ਅੰਦੋਲਨ ਵਿੱਚ ਕਿਸਾਨਾਂ ਦੇ ਸਮਰਥਨ ਵਿੱਚ ਪਦਮਸ੍ਰੀ ਵਾਪਸ ਕਰਨ ਦਾ ਐਲਾਨ ਵੀ ਕੀਤਾ ਸੀ।

ਮਸ਼ਹੂਰ ਸ਼ਾਇਰ ਸੁਰਜੀਤ ਪਾਤਰ (Surjit Patar ) ਦੇ ਦਿਹਾਂਤ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਉਨ੍ਹਾਂ ਐਕਸ ‘ਤੇ ਇੱਕ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਪੰਜਾਬੀ ਬੋਲੀ ਦੇ ਮਾਣਮੱਤੇ ਪੁੱਤ ਸੁਰਜੀਤ ਪਾਤਰ ਸਾਹਬ ਦੇ ਅਚਾਨਕ ਚਲੇ ਜਾਣ ਤੇ ਬਹੁਤ ਦੁੱਖ ਹੋਇਆ, ਪੰਜਾਬੀ ਮਾਂ ਬੋਲੀ ਦਾ ਵਿਹੜਾ ਅੱਜ ਸੁੰਨਾਂ ਹੋ ਗਿਆ |

ਇਸਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਦਮਸ਼੍ਰੀ ਸੁਰਜੀਤ ਪਾਤਰ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਤਰ ਨੇ ਪੰਜਾਬੀ ਭਾਸ਼ਾ ਦਾ ਪ੍ਰਚਾਰ ਪ੍ਰਸਾਰ ਕਰਨ ਵਿਚ ਅਹਿਮ ਯੋਗਦਾਨ ਪਾਇਆ ਹੈ। ਇਕ ਖੇਤਰੀ ਭਾਸ਼ਾ ਵਿਚ ਲਿਖਣ ਕਾਰਜ ਕਰਕੇ ਪਦਮਸ਼੍ਰੀ ਅਤੇ ਸਾਹਿਤ ਅਕਾਦਮੀ ਐਵਾਰਡ ਵਰਗੇ ਸਿਖਰਲੇ ਸਨਮਾਨ ਹਾਸਲ ਕਰਨੇ ਉਨ੍ਹਾਂ ਦੀ ਵੱਡੀ ਪ੍ਰਾਪਤੀ ਹੈ।

ਧਾਮੀ ਨੇ ਕਿਹਾ ਕਿ ਅਜਿਹੇ ਮਹਾਨ ਲੇਖਕ ਦਾ ਤੁਰ ਜਾਣਾ ਉਨ੍ਹਾਂ ਦੇ ਪਰਿਵਾਰ ਦੇ ਨਾਲ ਨਾਲ ਅਕਾਦਮਿਕ ਅਤੇ ਪੰਜਾਬੀ ਸਾਹਿਤਕ ਖੇਤਰ ਲਈ ਵੀ ਬੇਹੱਦ ਦੁੱਖਦਾਈ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ।