PARVINDER SINGH

CM ਭਗਵੰਤ ਮਾਨ ਨੇ ਸ਼ਹੀਦ ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਸਨਮਾਨ ਰਾਸ਼ੀ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ

ਛਾਜਲੀ (ਸੰਗਰੂਰ), 16 ਅਕਤੂਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜੰਮੂ ਕਸ਼ਮੀਰ ਵਿੱਚ ਕਾਰਗਿਲ ਵਿਖੇ ਦੇਸ਼ ਦੀ ਰਾਖੀ ਕਰਦਿਆਂ ਸ਼ਹੀਦੀ ਪ੍ਰਾਪਤ ਕਰਨ ਵਾਲੇ ਬਹਾਦਰ ਜਵਾਨ ਪਰਵਿੰਦਰ ਸਿੰਘ (PARVINDER SINGH) ਦੇ ਘਰ ਜਾ ਕੇ ਪਰਿਵਾਰ ਨੂੰ ਸਨਮਾਨ ਰਾਸ਼ੀ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ।

ਮੁੱਖ ਮੰਤਰੀ ਨੇ ਸ਼ਹੀਦ ਪਰਵਿੰਦਰ ਸਿੰਘ ਦੇ ਮਾਪਿਆਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਦੇਸ਼ ਹਮੇਸ਼ਾ ਆਪਣੇ ਸ਼ਹੀਦਾਂ ਦਾ ਰਿਣੀ ਰਹੇਗਾ ਜੋ ਦੁਸ਼ਮਣ ਤਾਕਤਾਂ ਤੋਂ ਆਪਣੇ ਵਤਨ ਦੀ ਰਾਖੀ ਕਰਦਿਆਂ ਜਾਨ ਨਿਛਾਵਰ ਕਰ ਦਿੰਦੇ ਹਨ। ਉਨ੍ਹਾਂ ਨੇ ਸ਼ਹੀਦ ਪਰਵਿੰਦਰ ਸਿੰਘ ਦੀ ਯਾਦ ਵਿੱਚ ਪਿੰਡ ਵਿੱਚ ਬੁੱਤ ਲਾਉਣ ਦਾ ਵੀ ਐਲਾਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਪਰਿਵਾਰ ਵੱਲੋਂ ਸ਼ਹੀਦ ਦੀ ਪਤਨੀ ਲਈ ਨੌਕਰੀ ਦੀ ਮੰਗ ਕੀਤੀ ਗਈ ਹੈ ਅਤੇ ਸੂਬਾ ਸਰਕਾਰ ਵੱਲੋਂ ਆਪਣੀ ਨੀਤੀ ਦੇ ਤਹਿਤ ਨੌਕਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਵੇਂ ਸ਼ਹੀਦ ਦੀ ਕੁਰਬਾਨੀ ਦੀ ਕੋਈ ਕੀਮਤ ਨਹੀਂ ਦਿੱਤੀ ਜਾ ਸਕਦੀ ਪਰ ਸਰਕਾਰ ਨੇ ਸ਼ਹੀਦ ਦੇ ਸਤਿਕਾਰ ਵਿੱਚ ਇਕ ਨਿਮਾਣਾ ਜਿਹਾ ਉਪਰਾਲਾ ਕੀਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਰਵਿੰਦਰ ਸਿੰਘ (PARVINDER SINGH) ਦਾ ਪਰਿਵਾਰ ਦੇਸ਼ ਸੇਵਾ ਪ੍ਰਤੀ ਸਮਰਪਿਤ ਹੈ ਕਿਉਂ ਜੋ ਉਨ੍ਹਾਂ ਦੇ ਪਿਤਾ ਜੀ ਵੀ ਫੌਜ ਵਿੱਚ ਸੇਵਾ ਨਿਭਾਅ ਚੁੱਕੇ ਹਨ ਅਤੇ ਉਨ੍ਹਾ ਦੇ ਭਰਾ ਵੀ ਇਸ ਵੇਲੇ ਫੌਜ ਵਿੱਚ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਕਿਸੇ ਇਕ ਪਰਿਵਾਰ ਜਾਂ ਸੂਬੇ ਦੇ ਨਹੀਂ ਸਗੋਂ ਪੂਰੇ ਦੇਸ਼ ਦੇ ਸ਼ਹੀਦ ਹੁੰਦੇ ਹਨ। ਭਗਵੰਤ ਸਿੰਘ ਮਾਨ ਨੇ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੂੰ ਇਹ ਯਕੀਨੀ ਬਣਾਉਣ ਲਈ ਆਖਿਆ ਕਿ ਭਵਿੱਖ ਵਿੱਚ ਪਰਿਵਾਰ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹਰ ਦੁੱਖ-ਸੁੱਖ ਵਿਚ ਪਰਿਵਾਰ ਨਾਲ ਖੜ੍ਹੇਗੀ ਅਤੇ ਦੁੱਖ ਦੀ ਇਸ ਘੜੀ ਵਿਚ ਉਸ ਦੀ ਮਦਦ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਦੇਸ਼ ਦੀ ਸੁਰੱਖਿਆ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਸ਼ਹੀਦੀ ਪ੍ਰਾਪਤ ਕਰਨ ਵਾਲੇ ਜਵਾਨ ਪਰਵਿੰਦਰ ਸਿੰਘ ਦੀ ਕੁਰਬਾਨੀ ਲਈ ਦੇਸ਼ ਵਾਸੀ ਸਦਾ ਰਿਣੀ ਰਹਿਣਗੇ। ਸ਼ਹੀਦ ਸੈਨਿਕ ਪਰਵਿੰਦਰ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਡਿਊਟੀ ਨਿਭਾਉਂਦੇ ਹੋਏ ਬਹਾਦਰੀ, ਪੇਸ਼ੇਵਰ ਵਚਨਬੱਧਤਾ ਅਤੇ ਸਾਹਸ ਦਾ ਪ੍ਰਗਟਾਵਾ ਕਰਕੇ ਮੁਲਕ ਅਤੇ ਖਾਸ ਕਰਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ।

Scroll to Top