ਝਬਾਲ (ਤਰਨ ਤਾਰਨ), 04 ਅਕਤੂਬਰ 2025: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੀਤੇ ਦਿਨ 4,150.42 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ‘ਚ 19,491.56 ਕਿਲੋਮੀਟਰ ਪੇਂਡੂ ਲਿੰਕ ਸੜਕਾਂ ਦੀ ਮੁਰੰਮਤ ਅਤੇ ਅਪਗ੍ਰੇਡ ਕਰਨ ਲਈ ਵੱਡਾ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ ਹੈ। ਮੁੱਖ ਮੰਤਰੀ ਮਾਨ ਨੇ ਤਰਨ ਤਾਰਨ ਵਿਖੇ ਕਿਹਾ ਕਿ ਪੰਜਾਬ ਦੇ ਪੇਂਡੂ ਖੇਤਰਾਂ ਲਈ ਪੇਂਡੂ ਲਿੰਕ ਸੜਕਾਂ ਦੀ ਮੁਰੰਮਤ ਅਤੇ ਨਵੀਨੀਕਰਨ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਨੇ ਇਕ ਹੋਰ ਫੈਸਲਾ ਲਿਆ ਹੈ, ਜਿਸ ਤਹਿਤ ਹੁਣ ਇਨ੍ਹਾਂ ਲਿੰਕ ਸੜਕਾਂ ਦੀ ਮੁਰੰਮਤ ਦੇ ਨਾਲ-ਨਾਲ ਅਗਲੇ ਪੰਜ ਸਾਲਾਂ ਲਈ ਠੇਕੇਦਾਰਾਂ ਵੱਲੋਂ ਇਨ੍ਹਾਂ ਦੀ ਸਾਂਭ-ਸੰਭਾਲ ਵੀ ਯਕੀਨੀ ਬਣਾਈ ਜਾਵੇਗੀ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ‘ਚ ਕੁੱਲ 30,237 ਲਿੰਕ ਸੜਕਾਂ ਹਨ, ਜਿਨ੍ਹਾਂ ਦੀ ਕੁੱਲ ਲੰਬਾਈ 64,878 ਕਿਲੋਮੀਟਰ ਹੈ। ਉਨ੍ਹਾਂ ਕਿਹਾ ਕਿ 33,492 ਕਿਲੋਮੀਟਰ ਪੰਜਾਬ ਮੰਡੀ ਬੋਰਡ ਅਧੀਨ ਹਨ ਅਤੇ 31,386 ਕਿਲੋਮੀਟਰ ਸੜਕਾਂ ਲੋਕ ਨਿਰਮਾਣ ਵਿਭਾਗ (PWD) ਅਧੀਨ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੁਣ 19,491.56 ਕਿਲੋਮੀਟਰ ਦੀ ਕੁੱਲ ਲੰਬਾਈ ਵਾਲੀਆਂ 7373 ਲਿੰਕ ਸੜਕਾਂ ਦੀ ਮੁਰੰਮਤ ਅਤੇ ਅਪਗ੍ਰੇਡ ਕਰਨ ਦਾ ਪ੍ਰਾਜੈਕਟ ਸ਼ੁਰੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ `ਤੇ 4,150.42 ਕਰੋੜ ਰੁਪਏ ਦੀ ਲਾਗਤ ਆਵੇਗੀ, ਜਿਸ ‘ਚ ਪੰਜ ਸਾਲ ਦੀ ਸਾਂਭ-ਸੰਭਾਲ ਸ਼ਾਮਲ ਹੈ ਅਤੇ 3,424.67 ਕਰੋੜ ਰੁਪਏ ਮੁਰੰਮਤ ਅਤੇ ਅਪਗ੍ਰੇਡੇਸ਼ਨ ਲਈ ਖ਼ਰਚੇ ਜਾਣਗੇ, ਜਦੋਂ ਕਿ 725.75 ਕਰੋੜ ਰੁਪਏ ਪੰਜ ਸਾਲਾਂ ਦੀ ਸਾਂਭ-ਸੰਭਾਲ ਲਈ ਖ਼ਰਚੇ ਜਾਣਗੇ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਨ੍ਹਾਂ ਸੜਕਾਂ ਦੀ ਮੁਰੰਮਤ ਅਤੇ ਅਪਗ੍ਰੇਡੇਸ਼ਨ ਲਈ ਈ-ਟੈਂਡਰਿੰਗ ਪ੍ਰਕਿਰਿਆ ਪੂਰੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਲਈ ਇਕ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਸਰਵੇਖਣ ਕਰਵਾਇਆ ਸੀ, ਜਿਸ ਦੇ ਨਤੀਜੇ ਵਜੋਂ 383.53 ਕਰੋੜ ਰੁਪਏ ਦੀ ਬੱਚਤ ਹੋਈ।
ਮੁੱਖ ਮੰਤਰੀ ਨੇ ਬੈਠਕ ‘ਚ ਮੰਡੀ ਬੋਰਡ ਦੇ ਅਧਿਕਾਰੀਆਂ, ਠੇਕੇਦਾਰਾਂ ਅਤੇ ਹੋਰ ਹਿੱਸੇਦਾਰਾਂ ਨੇ ਮੁੱਖ ਮੁੱਦਿਆਂ `ਤੇ ਚਰਚਾ ਕੀਤੀ ਅਤੇ ਹਦਾਇਤ ਕੀਤੀ ਕਿ ਇਸ ਲਿੰਕ ਸੜਕ ਪ੍ਰਾਜੈਕਟ ‘ਚ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਧੁੰਦ ਜਾਂ ਹਨੇਰੇ ਦੌਰਾਨ ਜਨਤਕ ਸੁਰੱਖਿਆ ਯਕੀਨੀ ਬਣਾਉਣ ਲਈ 91.83 ਕਰੋੜ ਰੁਪਏ ਦੀ ਲਾਗਤ ਨਾਲ ਮੁਰੰਮਤ ਅਤੇ ਅਪਗ੍ਰੇਡ ਕੀਤੀਆਂ ਲਿੰਕ ਸੜਕਾਂ `ਤੇ ਵਿਸ਼ੇਸ਼ ਸੜਕ ਸੁਰੱਖਿਆ ਪ੍ਰਾਜੈਕਟ ਲਾਗੂ ਕੀਤਾ ਜਾ ਰਿਹਾ ਹੈ।
ਸਕੂਲਾਂ ਜਾਂ ਲਿੰਕ ਸੜਕਾਂ ਦੇ ਨਾਲ ਸਥਿਤ ਜਨਤਕ ਇਕੱਠ ਵਾਲੇ ਖੇਤਰਾਂ ਦੇ ਨੇੜੇ ਡਰਾਈਵਰਾਂ ਨੂੰ ਸੁਚੇਤ ਕਰਨ ਅਤੇ ਬੱਚਿਆਂ ਤੇ ਪੈਦਲ ਚੱਲਣ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਕੂਲ ਦੇ ਗੇਟਾਂ ਅਤੇ ਜਨਤਕ ਖੇਤਰਾਂ ਦੇ ਦੋਵੇਂ ਪਾਸੇ ਜ਼ੈਬਰਾ ਕਰਾਸਿੰਗਾਂ ਨੂੰ ਚਿੰਨ੍ਹਿਤ ਕੀਤਾ ਜਾਵੇਗਾ। ਸਾਰੀਆਂ ਲਿੰਕ ਸੜਕਾਂ `ਤੇ ਹਰ ਦੋ ਕਿਲੋਮੀਟਰ ਬਾਅਦ ਸਾਈਨ ਬੋਰਡ ਲਗਾਏ ਜਾਣਗੇ। ਇਹ ਬੋਰਡ ਸੜਕ ਦਾ ਨਾਮ, ਲੰਬਾਈ, ਸੜਕ ਬਣਾਉਣ ਵਾਲੀ ਏਜੰਸੀ ਅਤੇ ਸੜਕ ਬਾਰੇ ਹੋਰ ਮਹੱਤਵਪੂਰਨ ਜਾਣਕਾਰੀ ਦਰਸਾਉਣਗੇ |
ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹਾਂ ਨਾਲ 2,300 ਤੋਂ ਵੱਧ ਪਿੰਡ ਡੁੱਬ ਗਏ ਹਨ, 20 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ ਅਤੇ ਪੰਜ ਲੱਖ ਏਕੜ ਜ਼ਮੀਨ ‘ਚ ਫਸਲਾਂ ਤਬਾਹ ਕਰ ਦਿੱਤੀਆਂ ਹਨ।
ਇਸਦੇ ਨਾਲ ਹੀ ਲਗਭਗ 60 ਜਾਨਾਂ ਗਈਆਂ ਹਨ ਅਤੇ ਸੱਤ ਲੱਖ ਲੋਕ ਬੇਘਰ ਹੋ ਗਏ ਹਨ। ਇਸ ਤੋਂ ਇਲਾਵਾ 3,200 ਸਰਕਾਰੀ ਸਕੂਲ ਨੁਕਸਾਨੇ ਗਏ ਹਨ, 19 ਕਾਲਜ ਮਲਬੇ ‘ਚ ਬਦਲ ਗਏ ਹਨ, 1,400 ਕਲੀਨਿਕ ਅਤੇ ਹਸਪਤਾਲ ਬਰਬਾਦ ਹੋ ਗਏ ਹਨ, 8,500 ਕਿਲੋਮੀਟਰ ਸੜਕਾਂ ਤਬਾਹ ਹੋ ਗਈਆਂ ਹਨ ਅਤੇ 2,500 ਪੁਲ ਤੇ ਪੁਲੀਆਂ ਢਹਿ ਗਏ ਹਨ।
ਭਗਵੰਤ ਮਾਨ ਨੇ ਕਿਹਾ ਕਿ ਸ਼ੁਰੂਆਤੀ ਅਨੁਮਾਨਾਂ ਮੁਤਾਬਕ ਕੁੱਲ ਨੁਕਸਾਨ ਲਗਭਗ 13,800 ਕਰੋੜ ਰੁਪਏ ਹੈ, ਹਾਲਾਂਕਿ ਅਸਲ ਅੰਕੜਾ ਇਸ ਤੋਂ ਵੀ ਵੱਧ ਹੋ ਸਕਦਾ ਹੈ। ਕਿਸਾਨਾਂ ਨੂੰ ਫਸਲ ਦੇ ਨੁਕਸਾਨ ਲਈ 20,000 ਰੁਪਏ ਪ੍ਰਤੀ ਏਕੜ ਦਿੱਤੇ ਜਾਣਗੇ, ਜੋ ਕਿ ਦੇਸ਼ ‘ਚ ਸਭ ਤੋਂ ਵੱਧ ਹੋਵੇਗਾ।
ਇਸ ਸੰਕਟ ਦੀ ਘੜੀ ‘ਚ ਵੀ ਸੂਬੇ ਦੀਆਂ ਮੰਗਾਂ ਨੂੰ ਠੰਢੇ ਬਸਤੇ ‘ਚ ਰੱਖਣ ਲਈ ਭਾਰਤ ਸਰਕਾਰ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਫੰਡਾਂ ਨੂੰ ਬੇਵਜ੍ਹਾ ਰੋਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਕੇਂਦਰ ਦਾ ਸੂਬੇ ਪ੍ਰਤੀ ਦੁਸ਼ਮਣੀ ਭਰਿਆ ਵਤੀਰਾ ਜ਼ਾਹਰ ਹੁੰਦਾ ਹੈ।
Read More: ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮਾਂ ਲਈ ਤਿਆਰ: ਹਰਜੋਤ ਸਿੰਘ ਬੈਂਸ