ਨਵਾਂ ਸ਼ਹਿਰ, 07 ਅਪ੍ਰੈਲ 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਭਰ ‘ਚ ਸਿੱਖਿਆ ਕ੍ਰਾਂਤੀ` (Sikhiya Kranti) ਤਹਿਤ 2000 ਕਰੋੜ ਰੁਪਏ ਦੀ ਲਾਗਤ ਨਾਲ ਸਿੱਖਿਆ ਖੇਤਰ ਨੂੰ ਵੱਡਾ ਹੁਲਾਰਾ ਦਿੱਤਾ ਹੈ |
ਇੱਥੇ ਅਤਿ-ਆਧੁਨਿਕ ‘ਸਕੂਲ ਆਫ਼ ਐਮੀਨੈਂਸ’ ਦੇ ਨਵੇਂ ਬਲਾਕ ਨੂੰ ਜਨਤਾ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ‘ਚ ਸਿਹਤ ਅਤੇ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਠੋਸ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ, “ਹੁਣ ਤੱਕ, ਆਮ ਆਦਮੀ ਲਈ ਆਪਣੇ ਬੱਚੇ ਨੂੰ ਸਰਕਾਰੀ ਸਕੂਲ ਭੇਜਣਾ ਇੱਕ ਮਜਬੂਰੀ ਸੀ, ਪਰ ਹੁਣ ਸਿੱਖਿਆ ਪ੍ਰਣਾਲੀ ਨੂੰ ਸੁਧਾਰਨ ਤੋਂ ਬਾਅਦ, ਮਾਪੇ ਚਾਹੁਣਗੇ ਕਿ ਉਨ੍ਹਾਂ ਦਾ ਬੱਚਾ ਸਰਕਾਰੀ ਸਕੂਲ ਤੋਂ ਸਿੱਖਿਆ ਪ੍ਰਾਪਤ ਕਰੇ।
ਭਗਵੰਤ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਭਰ ‘ਚ ‘ਸਕੂਲ ਆਫ਼ ਐਮੀਨੈਂਸ’ ਸਥਾਪਤ ਕੀਤੇ ਗਏ ਹਨ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਵਰਗ, ਖਾਸ ਕਰਕੇ ਨੌਜਵਾਨਾਂ ਦੀ ਭਲਾਈ ਲਈ ਵਚਨਬੱਧ ਹੈ, ਜਿਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਵੱਖ-ਵੱਖ ਮੁਕਾਬਲਿਆਂ ਲਈ ਤਿਆਰ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਵਿਦਿਆਰਥੀ ਸਿੱਖਿਆ ਦੇ ਖੇਤਰ ‘ਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦਾ ਧਿਆਨ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ‘ਤੇ ਹੈ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਵੱਲ ਕਦੇ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਵੱਡੇ ਰਾਜਨੀਤਿਕ ਆਗੂਆਂ ਦੇ ਪੁੱਤਰ ਅਤੇ ਧੀਆਂ ਪਹਾੜਾਂ ਦੇ ਕਾਨਵੈਂਟ ਸਕੂਲਾਂ ‘ਚ ਪੜ੍ਹਦੇ ਸਨ, ਜਿਸ ਕਾਰਨ ਉਨ੍ਹਾਂ ਨੇ ਕਦੇ ਵੀ ਸਰਕਾਰੀ ਸਕੂਲਾਂ ਵੱਲ ਧਿਆਨ ਨਹੀਂ ਦਿੱਤਾ।
ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ, ਸਰਕਾਰੀ ਸਕੂਲ ਸਿੱਖਿਆ ਦੀ ਬਜਾਏ ਸਿਰਫ਼ ‘ਮਿਡ-ਡੇ-ਮੀਲ ਸੈਂਟਰ’ ਸਨ। ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਤੋਂ ਵਾਂਝਾ ਰੱਖਣ ਵਾਲੇ ਅਤੇ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਨੂੰ ਆਪਣੇ ਪਾਪਾਂ ਦੀ ਸਜ਼ਾ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਪਹਿਲਾਂ ਹੀ ਅਜਿਹੇ ਆਗੂਆਂ ਨੂੰ ਸੱਤਾ ਤੋਂ ਲਾਂਭੇ ਕਰ ਚੁੱਕੇ ਹਨ ਅਤੇ ਹੁਣ ਉਹ ਰਾਜਨੀਤਿਕ ਗੁੰਮਨਾਮੀ ‘ਚ ਹਨ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀ ਇਨ੍ਹਾਂ ਨੂੰ ਉਨ੍ਹਾਂ ਦੇ ਪਾਪਾਂ ਲਈ ਕਦੇ ਮੁਆਫ਼ ਨਹੀਂ ਕਰਨਗੇ ਅਤੇ ਉਨ੍ਹਾਂ ਨੂੰ ਸਬਕ ਸਿਖਾਉਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਅਧਿਆਪਕਾਂ ਨੂੰ ਵਿਦੇਸ਼ਾਂ ਅਤੇ ਇੱਥੋਂ ਤੱਕ ਕਿ ਵੱਕਾਰੀ ਰਾਸ਼ਟਰੀ ਸੰਸਥਾਵਾਂ ‘ਚ ਭੇਜ ਰਹੀ ਹੈ ਤਾਂ ਜੋ ਉਨ੍ਹਾਂ ਦੇ ਅਧਿਆਪਨ ਹੁਨਰ ਨੂੰ ਹੋਰ ਵਧਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਚੰਗੀ ਤਰ੍ਹਾਂ ਸਿਖਲਾਈ ਪ੍ਰਾਪਤ ਸਟਾਫ਼ ਨੇ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਦਰ ਵਧਾਉਣ ‘ਚ ਮਦਦ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਭਰ ਵਿੱਚ ਸਿੱਖਿਆ ਕ੍ਰਾਂਤੀ ਦਾ ਗਵਾਹ ਬਣ ਰਿਹਾ ਹੈ ਕਿਉਂਕਿ ਸੂਬਾ ਸਰਕਾਰ ਨੇ ਇਸ ‘ਤੇ ਬਹੁਤ ਜ਼ੋਰ ਦਿੱਤਾ ਹੈ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ 54,000 ਤੋਂ ਵੱਧ ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸਾਰੀਆਂ ਨੌਕਰੀਆਂ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਭਾਈ-ਭਤੀਜਾਵਾਦ ਦੇ ਸ਼ੁੱਧ ਯੋਗਤਾ ਦੇ ਆਧਾਰ ‘ਤੇ ਦਿੱਤੀਆਂ ਗਈਆਂ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਦੀ ਬੁਰਾਈ ਵਿਰੁੱਧ ‘ ਯੁੱਧ ਨਸ਼ਿਆਂ ਵਿਰੁੱਧ’ ਸ਼ੁਰੂ ਕੀਤੀ ਹੈ ਅਤੇ ਨੌਜਵਾਨਾਂ ਦੀ ਅਥਾਹ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਿਜਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਦੀ ਬੁਰਾਈ ਤੋਂ ਬਚਾਉਣਾ ਬਹੁਤ ਜ਼ਰੂਰੀ ਹੈ ਕਿਉਂਕਿ ਪੰਜਾਬ ਪਹਿਲਾਂ ਹੀ ਇਸ ਬੁਰਾਈ ਕਾਰਨ ਮਨੁੱਖੀ ਸ਼ਕਤੀ ਦਾ ਵੱਡਾ ਨੁਕਸਾਨ ਝੱਲ ਚੁੱਕਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਹ ਮੁਹਿੰਮ (Sikhiya Kranti) ਆਮ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਸ਼ੁਰੂ ਕੀਤੀ ਹੈ ਤਾਂ ਜੋ ਸੂਬੇ ਵਿੱਚੋਂ ਨਸ਼ੇ ਦੀ ਬੁਰਾਈ ਨੂੰ ਖਤਮ ਕੀਤਾ ਜਾ ਸਕੇ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ‘ਚ ‘ਸਕੂਲ ਮੈਂਟਰਸ਼ਿਪ ਪ੍ਰੋਗਰਾਮ’ ਲਾਗੂ ਕਰ ਰਹੀ ਹੈ, ਜਿਸ ਨਾਲ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਆਈ.ਏ.ਐਸ./ਆਈ.ਪੀ.ਐਸ. ਅਧਿਕਾਰੀਆਂ ਨੂੰ ਰਾਜ ਭਰ ਦੇ ਪੇਂਡੂ ਸਕੂਲਾਂ ਨੂੰ ਅਪਣਾਉਣਾ ਚਾਹੀਦਾ ਹੈ ਅਤੇ ਵਿਦਿਆਰਥੀਆਂ ਨੂੰ ਜੀਵਨ ‘ਚ ਸਫਲਤਾ ਪ੍ਰਾਪਤ ਕਰਨ ਲਈ ਮਾਰਗਦਰਸ਼ਨ ਕਰਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਇਹ ਪਾਇਲਟ ਪ੍ਰੋਜੈਕਟ ਸੂਬੇ ਦੇ 80 “ਸਕੂਲ ਆਫ਼ ਐਮੀਨੈਂਸ” ਵਿੱਚ ਸ਼ੁਰੂ ਕੀਤਾ ਜਾਵੇਗਾ ਅਤੇ ਹਰੇਕ ਅਧਿਕਾਰੀ ਨੂੰ ਪੰਜ ਸਾਲਾਂ ਲਈ ਇੱਕ ਸਕੂਲ ਅਲਾਟ ਕੀਤਾ ਜਾਵੇਗਾ, ਭਾਵੇਂ ਇਸ ਸਮੇਂ ਦੌਰਾਨ ਉਸਦੀ ਤਾਇਨਾਤੀ ਕੋਈ ਵੀ ਹੋਵੇ। ਇਸ ਤੋਂ ਇਲਾਵਾ, ਅਧਿਕਾਰੀ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰ ਕਰਨਗੇ ਅਤੇ ਅਧਿਆਪਕਾਂ ਨੂੰ ਉਨ੍ਹਾਂ ਦੇ ਹੁਨਰ ਨੂੰ ਅਪਗ੍ਰੇਡ ਕਰਨ ਲਈ ਸਿਖਲਾਈ ਯਕੀਨੀ ਬਣਾਉਣਗੇ।
Read More: ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਪੰਜਾਬ ‘ਚ ‘ਸਿੱਖਿਆ ਕ੍ਰਾਂਤੀ’ ਦੀ ਪ੍ਰਸ਼ੰਸਾ