ਚੰਡੀਗੜ੍ਹ, 4 ਅਪ੍ਰੈਲ 2024: ਲੋਕ ਸਭਾ ਚੋਣਾਂ 2024 (Lok Sabha election 2024) ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਨੇ ਵੀ ਸਰਗਰਮੀਆਂ ਤੇਜ ਕਰ ਦਿੱਤੀਆਂ ਹਨ | ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਤੀਜੇ ਦਿਨ ਵੀ ਸ੍ਰੀ ਫਤਹਿਗੜ੍ਹ ਸਾਹਿਬ ਲੋਕ ਸਭਾ ਹਲਕੇ ਦੇ ਆਗੂਆਂ ਨਾਲ ਬੈਠਕ ਕੀਤੀ। ਇਹ ਬੈਠਕ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਹੋਈ। ਇਸ ਮੌਕੇ ਵਿਧਾਨ ਸਭਾ ਹਲਕਾ ਆਗੂ ਤੇ ਆਮ ਆਦਮੀ ਪਾਰਟੀ ਉਮੀਦਵਾਰ ਗੁਰਪ੍ਰੀਤ ਸਿੰਘ ਜੀ.ਪੀ. ਵੀ ਮੌਜੂਦ ਰਹੇ |
ਇਸ ਦੌਰਾਨ ਮੁੱਖ ਮੰਤਰੀ ਨੇ ਉਨ੍ਹਾਂ ਤੋਂ ਹਲਕੇ ਦੇ ਹਲਾਤ ਬਾਰੇ ਫੀਡਬੈਕ ਲਿਆ ਅਤੇ ਬੈਠਕ ਦੌਰਾਨ ਆਗਾਮੀ ਲੋਕ ਸਭਾ ਚੋਣ (Lok Sabha election 2024) ਪ੍ਰਚਾਰ ਦੀ ਰਣਨੀਤੀ ਬਣਾਈ ਗਈ। ਸੀਐੱਮ ਭਗਵੰਤ ਮਾਨ ਨੇ ਸਾਰੇ ਵਿਧਾਇਕਾਂ ਨੂੰ ਪਾਰਟੀ ਵੱਲੋਂ ਕੀਤੇ ਕੰਮਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਦੇ ਨਿਰਦੇਸ਼ ਦਿੱਤੇ ਹਨ। ਵੱਡੇ ਪ੍ਰੋਗਰਾਮਾਂ ਦੀ ਥਾਂ ਪਿੰਡਾਂ ਵਿੱਚ ਛੋਟੇ-ਮੋਟੇ ਪ੍ਰੋਗਰਾਮ ਕਰਕੇ ਲੋਕਾਂ ਨਾਲ ਜੁੜਨਾ ਚਾਹੀਦਾ ਹੈ। ਸਰਕਾਰ ਦੀਆਂ ਪ੍ਰਾਪਤੀਆਂ ਲੋਕਾਂ ਨੂੰ ਦੱਸੀਆਂ ਜਾਣੀਆਂ ਚਾਹੀਦੀਆਂ ਹਨ।
ਪਾਰਟੀ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਨੇ ਬੈਠਕ ਤੋਂ ਬਾਅਦ ਕਿਹਾ ਕਿ ਸਰਕਾਰ ਨੇ ਆਪਣੇ ਦੋ ਸਾਲਾਂ ਦੇ ਕਾਰਜਕਾਲ ਦੌਰਾਨ ਬਹੁਤ ਵਧੀਆ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੀ ਜਿੱਤ ਦੀ ਪੂਰੀ ਉਮੀਦ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੇ ਅਰਵਿੰਦ ਕੇਜਰੀਵਾਲ ਨਾਲ ਧੱਕਾ ਕੀਤਾ ਹੈ। ਇਸ ਵਾਰ ਪਾਰਟੀ ਪੰਜਾਬ ਦੇ ਨਾਲ-ਨਾਲ ਦਿੱਲੀ ਦੀਆਂ ਸਾਰੀਆਂ ਸੀਟਾਂ ‘ਤੇ ਜਿੱਤ ਹਾਸਲ ਕਰੇਗੀ।