CM Bhagwant Mann

CM ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਕੀਤੀ ਇਹ ਖ਼ਾਸ ਅਪੀਲ

ਅੰਮ੍ਰਿਤਸਰ, 13 ਅਕਤੂਬਰ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਨੇ ਬੀਤੇ ਦਿਨ ਨੂੰ ਦੁਸਹਿਰੇ ਮੌਕੇ ਲੋਕਾਂ ਨੂੰ ਵਧਾਈ ਦਿੱਤੀ | ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਦੁਸਹਿਰੇ ਦਾ ਤਿਓਹਾਰ ਬੁਰਾਈ ‘ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ | ਉਨ੍ਹਾਂ ਨੇ ਸੂਬਾ ਵਾਸੀਆਂ ਨੂੰ ਦੁਸਹਿਰੇ ਮੌਕੇ ਸੂਬੇ ‘ਚੋਂ ਸਮਾਜਿਕ ਬੁਰਾਈਆਂ ਦਾ ਖਾਤਮਾ ਕਰਨ ਅਤੇ ਸੱਚਾਈ ਦੇ ਮਾਰਗ ‘ਤੇ ਚੱਲਣ ਦੀ ਅਪੀਲ ਕੀਤੀ ਹੈ।

ਅੰਮ੍ਰਿਤਸਰ ਦੇ ਦੁਸਹਿਰਾ ਗਰਾਊਂਡ ਵਿਖੇ ਮੁੱਖ ਮੰਤਰੀ ਨੇ ਕਿਹਾ ਕਿ ਦੁਸਹਿਰੇ ਦਾ ਤਿਉਹਾਰ ਸਾਨੂੰ ਨਿਮਰ ਬਣਨ, ਆਪਣੇ ਗੁੱਸੇ ‘ਤੇ ਕਾਬੂ ਰੱਖਣ ਅਤੇ ਨਫ਼ਰਤ ਤੋਂ ਦੂਰ ਰਹਿਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਤਿੰਨਾਂ ਕਾਰਨਾਂ ਕਰਕੇ ਸਭ ਤੋਂ ਬੁੱਧੀਮਾਨ ਰਾਜਾ ਰਾਵਣ ਦਾ ਪਤਨ ਹੋਇਆ। ਭਗਵੰਤ ਮਾਨ ਨੇ ਕਿਹਾ ਕਿ ਇਹ ਤਿਉਹਾਰ ਸਾਨੂੰ ਭਾਈਚਾਰਾ ਬਣਾਈ ਰੱਖਣ ਦਾ ਸੰਦੇਸ਼ ਵੀ ਦਿੰਦਾ ਹੈ। ਉਨ੍ਹਾਂ ਲੋਕਾਂ ਨੂੰ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਪੁੱਟਣ ਦਾ ਸੱਦਾ ਦਿੱਤਾ।

ਮੁੱਖ ਮੰਤਰੀ (CM Bhagwant Mann) ਨੇ ਕਿ ਸਾਡੇ ਦੇਸ਼ ‘ਚ ਇਸ ਤਿਉਹਾਰ ਨੂੰ ਮਨਾਉਣ ਦੀ ਸਦੀਆਂ ਪੁਰਾਣੀ ਪਰੰਪਰਾ ਹੈ, ਜੋ ਸਮਾਜ ‘ਚ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਪ੍ਰਫੁੱਲਤ ਕਰਨ ਦੇ ਨਾਲ-ਨਾਲ ਬਰਾਬਰੀ ਅਤੇ ਸਦਭਾਵਨਾ ਵਾਲੇ ਸਮਾਜ ਦੀ ਉਸਾਰੀ ਕਰਕੇ ਆਦਰਸ਼ ਜੀਵਨ ਜਿਊਣ ਦਾ ਮਾਰਗ ਦਰਸਾਉਂਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ‘ਚ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਉਤਸ਼ਾਹਿਤ ਕਰਨ ਲਈ ਇਸ ਖੁਸ਼ੀ ਦੇ ਤਿਉਹਾਰ ਨੂੰ ਇਕਜੁੱਟ ਹੋ ਕੇ ਮਨਾਉਣ।

ਉਨ੍ਹਾਂ ਨੇ ਕਿਹਾ ਕਿ ਸਾਨੂੰ ਇਹ ਤਿਉਹਾਰ ਜਾਤ, ਨਸਲ ਅਤੇ ਰੰਗ ਤੋਂ ਉੱਪਰ ਉੱਠ ਕੇ ਪੂਰੇ ਧਾਰਮਿਕ ਉਤਸ਼ਾਹ ਨਾਲ ਮਨਾਉਣਾ ਚਾਹੀਦਾ ਹੈ। ਇਹ ਤਿਉਹਾਰ ਸਾਨੂੰ ਏਕਤਾ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਕਿਹਾ ਕਿ ਇਸ ਦਿਨ ਸਾਨੂੰ ਸਾਰੀਆਂ ਸਮਾਜਿਕ ਬੁਰਾਈਆਂ ਤੋਂ ਮੁਕਤ ਕਰਵਾ ਕੇ ਆਪਣੇ ਸੂਬੇ ਨੂੰ ਦੇਸ਼ ਦਾ ਆਗੂ ਬਣਾਉਣ ਦਾ ਸੰਕਲਪ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੁਸਹਿਰੇ ਦਾ ਅਸਲ ਮਹੱਤਵ ਪਿਆਰ ਅਤੇ ਧਰਮ ਨਿਰਪੱਖਤਾ ਨਾਲ ਅਨਿਆਂ, ਬੁਰਾਈ ਅਤੇ ਹਉਮੈ ਵਿਰੁੱਧ ਲੜਨ ‘ਚ ਹੈ।

Scroll to Top