Site icon TheUnmute.com

CM ਭਗਵੰਤ ਮਾਨ ਵੱਲੋਂ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਚੁੰਨੀ ਕਲਾਂ ਦੇ ਸਰਕਾਰੀ ਸਕੂਲ ਦਾ ਅਚਨਚੇਤ ਨਿਰੀਖਣ

ਫਤਹਿਗੜ੍ਹ ਸਾਹਿਬ

ਚੁੰਨੀ ਕਲਾਂ (ਫਤਹਿਗੜ੍ਹ ਸਾਹਿਬ) 30 ਅਗਸਤ 2022: ਸੂਬਾ ਭਰ ਦੇ ਸਰਕਾਰੀ ਸਕੂਲਾਂ ਵਿੱਚ ਬਿਹਤਰ ਸਿੱਖਿਆ ਸਹੂਲਤਾਂ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੋਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਅਚਨਚੇਤ ਨਿਰੀਖਣ ਕਰਕੇ ਸਥਿਤੀ ਦਾ ਜ਼ਮੀਨੀ ਪੱਧਰ ‘ਤੇ ਜਾਇਜ਼ਾ ਲਿਆ। ਮੁੱਖ ਮੰਤਰੀ ਨੇ ਕਿਹਾ, “ਮੇਰੀ ਇਸ ਫੇਰੀ ਦਾ ਉਦੇਸ਼ ਨੁਕਸ ਕੱਢਣਾ ਨਹੀਂ ਹੈ ਸਗੋਂ ਇਸ ਦਾ ਅਸਲ ਮਨੋਰਥ ਸਿੱਖਿਆ ਖੇਤਰ ਵਿੱਚ ਵਿਆਪਕ ਸੁਧਾਰ ਲਿਆਉਣ ਲਈ ਜ਼ਮੀਨੀ ਪੱਧਰ ਉਤੇ ਸਥਿਤੀ ਦਾ ਜਾਇਜ਼ਾ ਲੈਣਾ ਹੈ।” ਮੁੱਖ ਮੰਤਰੀ ਨੇ ਦੁਪਹਿਰ ਵੇਲੇ ਸਕੂਲ ਦਾ ਦੌਰਾ ਕੀਤਾ ਅਤੇ ਉਹ ਕਰੀਬ ਅੱਧਾ ਘੰਟਾ ਸਕੂਲ ਵਿੱਚ ਹੀ ਰਹੇ। ਸਕੂਲ ਵਿੱਚ ਸਹੂਲਤਾਂ ਬਾਰੇ ਜਾਂਚ ਕਰਨ ਤੋਂ ਇਲਾਵਾ ਭਗਵੰਤ ਮਾਨ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਗੱਲਬਾਤ ਕਰਕੇ ਜ਼ਮੀਨੀ ਪੱਧਰ ਦੀਆਂ ਹਾਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਿੱਖਿਆ ਨਵੇਂ ਤੇ ਅਗਾਂਹਵਧੂ ਸਮਾਜ ਦੀ ਉਸਾਰੀ ਦਾ ਮੁੱਖ ਆਧਾਰ ਹੈ ਜਿਸ ਕਰਕੇ ਸੂਬਾ ਸਰਕਾਰ ਇਸ ਖੇਤਰ ਨੂੰ ਪ੍ਰਮੁੱਖ ਤੌਰ ਉਤੇ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਸਿੱਖਿਆ ਦੇ ਖੇਤਰ ਵਿੱਚ ਬਹੁ-ਪੱਖੀ ਸੁਧਾਰਾਂ ਦੀ ਸ਼ੁਰੂਆਤ ਕਰਨ ਦੀ ਦਿਸ਼ਾ ਵਿਚ ਕੰਮ ਕਰ ਰਹੀ ਹੈ ਤਾਂ ਜੋ ਵਿਦਿਆਰਥੀਆਂ ਖਾਸ ਕਰਕੇ ਸਮਾਜ ਦੇ ਲੋੜਵੰਦ ਅਤੇ ਪੱਛੜੇ ਵਰਗਾਂ ਨੂੰ ਲਾਭ ਪਹੁੰਚਾਇਆ ਜਾ ਸਕੇ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਨੂੰ ‘ਆਹਲਾ ਦਰਜੇ ਦੇ ਸਕੂਲਾਂ’ ਵਿੱਚ ਤਬਦੀਲ ਕਰਨ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੂਲ ਨਾ ਸਿਰਫ਼ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਗੇ ਸਗੋਂ ਜੀਵਨ ਵਿੱਚ ਬਿਹਤਰ ਮੁਕਾਮ ਹਾਸਲ ਕਰਨ ਲਈ ਉਨ੍ਹਾਂ ਦੇ ਸਰਬਪੱਖੀ ਵਿਕਾਸ ਨੂੰ ਵੀ ਯਕੀਨੀ ਬਣਾਉਣਗੇ। ਭਗਵੰਤ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਸਕੂਲਾਂ ਨੂੰ ਅਤਿ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਕੀਤਾ ਜਾਵੇਗਾ ਤਾਂ ਜੋ ਇਨ੍ਹਾਂ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਸਹੂਲਤਾਂ ਮਿਲ ਸਕਣ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਇਨ੍ਹਾਂ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀ ਕਾਨਵੈਂਟ ਸਕੂਲਾਂ ਵਿਚ ਪੜ੍ਹਦੇ ਹਾਣੀ ਵਿਦਿਆਰਥੀਆਂ ਦਾ ਮੁਕਾਬਲਾ ਵੀ ਕਰ ਸਕਣਗੇ।

ਵਿਦਿਆਰਥੀਆਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਉਨ੍ਹਾਂ ਪਾਸੋਂ ਸਕੂਲ ਦੇ ਸਿਲੇਬਸ ਬਾਰੇ ਪੁੱਛਿਆ। ਮੁੱਖ ਮੰਤਰੀ ਨੇ ਵਿਦਿਆਰਥੀਆਂ ਤੋਂ ਉਨ੍ਹਾਂ ਦੇ ਜੀਵਨ ਦੀਆਂ ਖਾਹਿਸ਼ਾਂ-ਉਮੰਗਾਂ ਤੇ ਸੁਪਨਿਆਂ ਬਾਰੇ ਵੀ ਪੁੱਛਿਆ ਅਤੇ ਉਨ੍ਹਾਂ ਨੂੰ ਮਿੱਥੇ ਟੀਚਿਆਂ ਦੀ ਪ੍ਰਾਪਤੀ ਲਈ ਸਖ਼ਤ ਮਿਹਨਤ ਕਰਨ ਲਈ ਪ੍ਰਰਿਆ। ਭਗਵੰਤ ਮਾਨ ਨੇ ਕਿਹਾ ਕਿ ਮਿਹਨਤ, ਲਗਨ ਅਤੇ ਸਮਰਪਣ ਭਾਵਨਾ ਸਫਲਤਾ ਦੀ ਕੁੰਜੀ ਹਨ। ਉਨ੍ਹਾਂ ਕਿਹਾ ਕਿ ਸਾਰੇ ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿੱਚ ਇਨ੍ਹਾਂ ਸੁਨਹਿਰੀ ਨਿਯਮਾਂ ਨੂੰ ਤਨਦੇਹੀ ਨਾਲ ਅਪਣਾਉਣ ਦੀ ਲੋੜ ਹੈ ਤਾਂ ਜੋ ਉਹ ਸਫਲਤਾ ਦੀਆਂ ਬੁਲੰਦੀਆਂ ਛੂਹ ਸਕਣ।

ਇਸ ਦੌਰਾਨ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸਕੂਲ ਵਿਚ ਅਤਿ ਆਧੁਨਿਕ ਸਾਇੰਸ ਲੈਬਾਰਟਰੀ ਸਥਾਪਤ ਕਰਨ ਦੇ ਹੁਕਮ ਦਿੱਤੇ। ਇਸ ਦੇ ਨਾਲ ਉਨ੍ਹਾਂ ਨੇ ਅਧਿਕਾਰੀਆਂ ਨੂੰ ਸਕੂਲਾਂ ਦੇ ਕੰਪਿਊਟਰਾਂ ਵਿਚ ਮੌਜੂਦਾ ਸਾਫਟਵੇਅਰ ਨੂੰ ਵੀ ਅਪਗ੍ਰੇਡ ਕਰਨ ਲਈ ਆਖਿਆ। ਭਗਵੰਤ ਮਾਨ ਨੇ ਸਕੂਲ ਵਿਚ ਦਿਵਿਆਂਗ ਵਿਦਿਆਰਥੀਆਂ ਲਈ ਇਮਾਰਤ ਵਿਚ ਲੋੜੀਂਦੀ ਮੁਰੰਮਤ ਤੇ ਵਿਵਸਥਾ ਕਰਨ ਦੇ ਵੀ ਹੁਕਮ ਦਿੱਤੇ।

Exit mobile version