ਚੰਡੀਗੜ੍ਹ, 09 ਅਪ੍ਰੈਲ 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਪੁਲਿਸ ਸੇਵਾ (PPS) ਦੇ ਨਵੇਂ ਤਰੱਕੀ ਪ੍ਰਾਪਤ ਅਧਿਕਾਰੀਆਂ ਨੂੰ ਸੂਬੇ ‘ਚੋਂ ਨਸ਼ਿਆਂ ਦੀ ਅਲਾਮਤ ਨੂੰ ਖਤਮ ਕਰਨ ਲਈ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ।
ਮੁੱਖ ਮੰਤਰੀ ਮਾਨ ਨੇ ਤਕਨੀਕੀ ਕਾਡਰ ਦੇ 17 ਨਵੇਂ ਤਰੱਕੀ ਪ੍ਰਾਪਤ ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀਐਸਪੀ) (DSP officers) ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਨਸ਼ਿਆਂ ਵਿਰੁੱਧ ਜੰਗ ਲੜ ਰਿਹਾ ਹੈ ਅਤੇ ਪੁਲਿਸ ਇਸ ‘ਚ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ‘ਚ ਪੁਲਿਸ ਅਧਿਕਾਰੀਆਂ ਦੀ ਵੱਡੀ ਭੂਮਿਕਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਦੇ ਸਰਾਪ ਤੋਂ ਬਚਾਉਣਾ ਸਮੇਂ ਦੀ ਲੋੜ ਹੈ।
ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਪੁਲਿਸ ਨੂੰ ਸਭ ਤੋਂ ਵਧੀਆ ਬੁਨਿਆਦੀ ਢਾਂਚਾ ਸਹੂਲਤਾਂ ਪ੍ਰਦਾਨ ਕਰ ਰਹੀ ਹੈ ਅਤੇ ਇਸਦਾ ਵਿਗਿਆਨਕ ਅਧਾਰ ‘ਤੇ ਆਧੁਨਿਕੀਕਰਨ ਕਰ ਰਹੀ ਹੈ ਤਾਂ ਜੋ ਕਾਨੂੰਨ ਵਿਵਸਥਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸੰਭਾਲਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸਰਹੱਦੀ ਸੂਬਾ ਹੋਣ ਕਰਕੇ ਦੁਸ਼ਮਣ ਤਾਕਤਾਂ ਪੰਜਾਬ ਦੀ ਸ਼ਾਂਤੀ ਭੰਗ ਕਰਨ ਲਈ ਸਾਜ਼ਿਸ਼ਾਂ ਰਚ ਰਹੀਆਂ ਹਨ ਅਤੇ ਇਨ੍ਹਾਂ ਚੁਣੌਤੀਆਂ ਨਾਲ ਨਜਿੱਠਣ ਲਈ ਜ਼ਰੂਰੀ ਹੈ ਕਿ ਪੁਲਿਸ ਫੋਰਸ ਨੂੰ ਜਾਂਚ, ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਸਮੇਂ ਸਿਰ ਅੱਪਡੇਟ ਕੀਤਾ ਜਾਵੇ।
ਮੁੱਖ ਮੰਤਰੀ ਮਾਨ ਨੇ ਉਮੀਦ ਪ੍ਰਗਟਾਈ ਕਿ ਤਰੱਕੀ ਪ੍ਰਾਪਤ ਅਧਿਕਾਰੀ ਸਮਾਜ ਦੇ ਲੋੜਵੰਦ ਅਤੇ ਵਾਂਝੇ ਵਰਗਾਂ ਦੀ ਮੱਦਦ ਲਈ ਆਪਣੇ ਅਹੁਦੇ ਦੀ ਸਹੀ ਵਰਤੋਂ ਕਰਨਗੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਜਨਤਕ ਭਲਾਈ ਨੂੰ ਯਕੀਨੀ ਬਣਾਉਣ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਲਾਭ ਮਿਲ ਸਕੇ।
Read More: CM ਭਗਵੰਤ ਮਾਨ ਵੱਲੋਂ ਸੂਬੇ ‘ਚ 2000 ਕਰੋੜ ਰੁਪਏ ਦੀ ਲਾਗਤ ਨਾਲ ‘ਸਿੱਖਿਆ ਕ੍ਰਾਂਤੀ’ ਦੀ ਸ਼ੁਰੂਆਤ