ਚੰਡੀਗੜ੍ਹ, 21 ਅਪ੍ਰੈਲ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅੰਤਰਰਾਸ਼ਟਰੀ ਪ੍ਰਸਿੱਧ ਹਾਕੀ ਖਿਡਾਰੀ ਫਲੋਰਿਸ ਜਾਨ ਬੋਵੇਲੈਂਡਰ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ‘ਚ ਹਾਕੀ ਨੂੰ ਹੋਰ ਮਜ਼ਬੂਤ ਕਰਨ ਦੇ ਤਰੀਕਿਆਂ ‘ਤੇ ਚਰਚਾ ਕੀਤੀ, ਖਾਸ ਕਰਕੇ ਵੱਕਾਰੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਤਿਆਰੀਆਂ ਲਈ ਉਨ੍ਹਾਂ ਦੀ ਮੁਹਾਰਤ ਦਾ ਲੈਣ ਦੀ ਪੇਸ਼ਕਸ਼ ਕੀਤੀ।
ਮੁਲਾਕਾਤ ਦੌਰਾਨ ਉਨ੍ਹਾਂ ਬੋਵੇਲੈਂਡਰ ਦੇ ਅਸਾਧਾਰਨ ਹੁਨਰ ਅਤੇ ਹਾਕੀ ‘ਚ ਮਹੱਤਵਪੂਰਨ ਯੋਗਦਾਨ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਸ਼ਾਨਦਾਰ ਕਰੀਅਰ ਦੁਨੀਆ ਭਰ ਦੇ ਨੌਜਵਾਨ ਖਿਡਾਰੀਆਂ ਲਈ ਪ੍ਰੇਰਨਾ ਸਰੋਤ ਹੈ।
ਮੁੱਖ ਮੰਤਰੀ ਮਾਨ ਨੇ ਓਲੰਪੀਅਨ ਬੋਵੇਲੈਂਡਰ ਨੂੰ ਪੰਜਾਬ ਆਉਣ ਦਾ ਸੱਦਾ ਦਿੱਤਾ, ਮੁੱਖ ਮੰਤਰੀ ਨੇ ਕਿਹਾ ਕਿ _ਪੰਜਾਬ ਆਪਣੇ ਖਿਡਾਰੀਆਂ ਦੀ ਪ੍ਰਤਿਭਾ ਨੂੰ ਹੋਰ ਨਿਖਾਰਨ ਲਈ ਉਨ੍ਹਾਂ ਦੀਆਂ ਸੇਵਾਵਾਂ ਦੀ ਵਰਤੋਂ ਕਰਨ ਲਈ ਉਤਸੁਕ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਤਿਹਾਸ ‘ਚ ਪਹਿਲੀ ਵਾਰ, ਪੰਜਾਬ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰੇਗਾ, ਜੋ ਕਿ ਸੂਬੇ ਦੇ ਖੇਡ ਦ੍ਰਿਸ਼ ਲਈ ਇੱਕ ਮਹੱਤਵਪੂਰਨ ਪ੍ਰਾਪਤੀ ਹੈ।
ਆਉਣ ਵਾਲੇ ਅੰਤਰਰਾਸ਼ਟਰੀ ਮੁਕਾਬਲਿਆਂ ਦੀ ਮਹੱਤਤਾ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਏਸ਼ੀਅਨ ਖੇਡਾਂ ਅਕਤੂਬਰ ਦੇ ਸ਼ੁਰੂ ‘ਚ ਸਮਾਪਤ ਹੋਣਗੀਆਂ, ਜਿਸ ਤੋਂ ਬਾਅਦ ਚੋਟੀ ਦੀਆਂ 6 ਟੀਮਾਂ ਚੈਂਪੀਅਨਜ਼ ਟਰਾਫੀ ‘ਚ ਹਿੱਸਾ ਲੈਣਗੀਆਂ। ਉਨ੍ਹਾਂ ਕਿਹਾ ਕਿ ਅਜਿਹੇ ਅੰਤਰਰਾਸ਼ਟਰੀ ਟੂਰਨਾਮੈਂਟਾਂ ਦੀ ਮੇਜ਼ਬਾਨੀ ਪੰਜਾਬ ਦੀ ਵਿਸ਼ਵ ਹਾਕੀ ਹੱਬ ਵਜੋਂ ਪਛਾਣ ਨੂੰ ਹੋਰ ਮਜ਼ਬੂਤ ਕਰੇਗੀ। ਉਨ੍ਹਾਂ ਇਹ ਵੀ ਕਿਹਾ ਕਿ ਦਹਾਕਿਆਂ ਤੋਂ ਭਾਰਤੀ ਹਾਕੀ ‘ਚ ਪੰਜਾਬੀਆਂ ਦੀ ਮਜ਼ਬੂਤ ਮੌਜੂਦਗੀ ਦੇ ਬਾਵਜੂਦ, ਪੰਜਾਬ ਨੇ ਕਦੇ ਵੀ ਕਿਸੇ ਵੱਡੇ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਨਹੀਂ ਕੀਤੀ, ਅਤੇ ਇਹ ਇੱਕ ਇਤਿਹਾਸਕ ਤਬਦੀਲੀ ਹੈ।
ਉਨ੍ਹਾਂ ਕਿਹਾ ਕਿ ਪੰਜਾਬੀ ਖਿਡਾਰੀਆਂ ਤੋਂ ਬਿਨਾਂ ਭਾਰਤੀ ਹਾਕੀ ਦੀ ਕਲਪਨਾ ਕਰਨਾ ਮੁਸ਼ਕਿਲ ਹੈ। ਪੰਜਾਬ ਦੇ 50 ਤੋਂ ਵੱਧ ਖਿਡਾਰੀਆਂ ਨੇ ਓਲੰਪਿਕ ਤਗਮੇ ਜਿੱਤੇ ਹਨ, ਅਤੇ 10 ਪੰਜਾਬੀ ਖਿਡਾਰੀਆਂ ਨੇ ਓਲੰਪਿਕ ‘ਚ ਭਾਰਤੀ ਟੀਮ ਦੀ ਕਪਤਾਨੀ ਕੀਤੀ ਹੈ।
ਪੰਜਾਬ ਦੀ ਅਮੀਰ ਖੇਡ ਵਿਰਾਸਤ ਨੂੰ ਉਜਾਗਰ ਕਰਦੇ ਹੋਏ, ਉਨ੍ਹਾਂ ਦੱਸਿਆ ਕਿ ਸੰਸਾਰਪੁਰ, ਖੁਸਰੋਪੁਰ ਅਤੇ ਮਿੱਠਾਪੁਰ ਵਰਗੇ ਪਿੰਡਾਂ ਨੇ ਮਿਲ ਕੇ 20 ਤੋਂ ਵੱਧ ਓਲੰਪੀਅਨ ਪੈਦਾ ਕੀਤੇ ਹਨ। ਉਨ੍ਹਾਂ ਕਿਹਾ ਕਿ ਟੋਕੀਓ 2020 ਓਲੰਪਿਕ ‘ਚ ਭਾਰਤ ਨੇ 41 ਸਾਲਾਂ ਦੇ ਅੰਤਰਾਲ ਤੋਂ ਬਾਅਦ ਕਾਂਸੀ ਦਾ ਤਗਮਾ ਜਿੱਤਿਆ, ਜਿਸ ‘ਚ ਮਨਪ੍ਰੀਤ ਸਿੰਘ ਦੀ ਅਗਵਾਈ ਵਾਲੀ ਟੀਮ ਵਿੱਚ ਨੌਂ ਪੰਜਾਬੀ ਖਿਡਾਰੀ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਭਾਰਤ ਨੇ ਪੈਰਿਸ 2024 ਓਲੰਪਿਕ ‘ਚ ਵੀ ਕਾਂਸੀ ਦਾ ਤਗਮਾ ਜਿੱਤਿਆ ਸੀ, ਜਿਸ ‘ਚ 10 ਪੰਜਾਬੀ ਖਿਡਾਰੀ ਸਨ, ਅਤੇ ਹਰਮਨਪ੍ਰੀਤ ਸਿੰਘ ਨੇ ਕਪਤਾਨ ਵਜੋਂ ਟੀਮ ਦੀ ਅਗਵਾਈ ਕੀਤੀ, ਜਿਸ ‘ਚ ਸਭ ਤੋਂ ਵੱਧ ਗੋਲ ਕੀਤੇ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਨੀਦਰਲੈਂਡਜ਼ ‘ਚ ਓਲੰਪੀਅਨ ਫਲੋਰਿਸ ਜਾਨ ਬੋਵੇਲੈਂਡਰ ਨੂੰ ਮਿਲ ਕੇ ਬਹੁਤ ਖੁਸ਼ ਹਨ। ਉਨ੍ਹਾਂ ਕਿਹਾ ਕਿ ਬੋਵੇਲੈਂਡਰ ਦਾ ਤਜਰਬਾ ਅਤੇ ਪ੍ਰਾਪਤੀਆਂ ਨੌਜਵਾਨ ਖਿਡਾਰੀਆਂ ਨੂੰ ਪ੍ਰੇਰਿਤ ਕਰਨਗੀਆਂ। ਉਨ੍ਹਾਂ ਦੱਸਿਆ ਕਿ ਬੋਵੇਲੈਂਡਰ ਨੇ ਪੰਜਾਬ ਆਉਣ ਦਾ ਸੱਦਾ ਖੁਸ਼ੀ ਨਾਲ ਸਵੀਕਾਰ ਕਰ ਲਿਆ ਹੈ ਅਤੇ ਆਉਣ ਵਾਲੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਤੋਂ ਪਹਿਲਾਂ ਖਿਡਾਰੀਆਂ ਨਾਲ ਜੁੜਨ ਅਤੇ ਉਨ੍ਹਾਂ ਦਾ ਮਾਰਗਦਰਸ਼ਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
Read More: CM ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਖੋਜ ਤੇ ਵਿਕਾਸ ਕੇਂਦਰ ਸਥਾਪਤ ਕਰਨ ਦੀ ਸੰਭਾਵਨਾ ਪੜਚੋਲਣ ਲਈ NXP ਨੂੰ ਸੱਦਾ




