ਸਰਹੱਦ

CM ਭਗਵੰਤ ਮਾਨ ਦੀ ਅਮਿਤ ਸ਼ਾਹ ਨਾਲ ਮੁਲਾਕਾਤ, ਕਾਨੂੰਨ ਵਿਵਸਥਾ ਸਮੇਤ ਇਨ੍ਹਾਂ ਮੁੱਦਿਆਂ ‘ਤੇ ਕੀਤੀ ਚਰਚਾ

ਚੰਡੀਗੜ, 2 ਮਾਰਚ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਅੱਜ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ਅਮਿਤ ਸ਼ਾਹ ਨਾਲ ਕਰੀਬ 40 ਮਿੰਟ ਤੱਕ ਗੱਲਬਾਤ ਕੀਤੀ। ਇਸ ਦੌਰਾਨ ਪਾਕਿਸਤਾਨ ਤੋਂ ਆਉਣ ਵਾਲੇ ਡਰੋਨ ਅਤੇ ਡਰੱਗ ਤਸਕਰੀ ਨੂੰ ਲੈ ਕੇ ਚਰਚਾ ਕੀਤੀ ਗਈ। ਇਸ ਦੇ ਨਾਲ ਹੀ ਸਰਹੱਦੀ ਸੁਰੱਖਿਆ ਨੂੰ ਹੋਰ ਮਜ਼ਬੂਤ ​​ਕਰਨ ਲਈ ਕੇਂਦਰ ਅਤੇ ਸੂਬਾਈ ਏਜੰਸੀਆਂ ਦਰਮਿਆਨ ਬਿਹਤਰ ਤਾਲਮੇਲ ਸਥਾਪਤ ਕਰਨ ‘ਤੇ ਵੀ ਚਰਚਾ ਹੋਈ।

ਮੁੱਖ ਮੰਤਰੀ ਭਗਵੰਤ ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨੂੰ ਪਾਕਿਸਤਾਨ ਵੱਲੋਂ ਡਰੱਗ ਮਾਫੀਆ ਨੂੰ ਸੁਰੱਖਿਆ ਦੇਣ ਬਾਰੇ ਦੱਸਿਆ। ਇਸ ਦੇ ਨਾਲ ਹੀ ਭਾਰਤ-ਪਾਕਿ ਸਰਹੱਦ ‘ਤੇ ਨਸ਼ਿਆਂ ਅਤੇ ਡਰੋਨਾਂ ਦੀ ਆਮਦ ‘ਤੇ ਵੀ ਚਰਚਾ ਕੀਤੀ ਗਈ। ਇਸ ਦੌਰਾਨ ਸੀਐਮ ਮਾਨ ਨੇ ਕਾਨੂੰਨ ਵਿਵਸਥਾ ਦੇ ਮਾਮਲੇ ‘ਤੇ ਪੰਜਾਬ ਅਤੇ ਕੇਂਦਰ ਸਰਕਾਰ ਦਰਮਿਆਨ ਤਾਲਮੇਲ ਬਾਰੇ ਵੀ ਚਰਚਾ ਕੀਤੀ। ਇਸ ਤੋਂ ਇਲਾਵਾ ਪਿਛਲੇ ਦਿਨੀਂ ਗ੍ਰਿਫਤਾਰ ਕੀਤੇ ਗਏ ਗੈਂਗਸਟਰਾਂ ਬਾਰੇ ਵੀ ਚਰਚਾ ਕੀਤੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿਖੇ ਸਾਲ 2022 ਤੋਂ ਪੰਜਾਬ ਕੇਡਰ ਦੇ ਐਸਐਸਪੀ ਦੀ ਖਾਲੀ ਪਈ ਅਸਾਮੀ ‘ਤੇ ਛੇਤੀ ਨਿਯੁਕਤੀ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਚਰਚਾ ਕੀਤੀ। ਇਸ ਤੋਂ ਇਲਾਵਾ ਅੰਤਰਰਾਸ਼ਟਰੀ ਸਰਹੱਦ ‘ਤੇ ਕੰਡਿਆਲੀ ਤਾਰ ਨੇੜੇ ਜ਼ਮੀਨਾਂ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ |

ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਪੇਂਡੂ ਵਿਕਾਸ ਫੰਡ ਦੇ ਰੁਕੇ ਹੋਏ ਮੁੱਦੇ ਨੂੰ ਅਮਿਤ ਸ਼ਾਹ ਅੱਗੇ ਰੱਖਿਆ। ਪੰਜਾਬ ਨੂੰ ਇਹ ਫੰਡ ਲੰਬੇ ਸਮੇਂ ਤੋਂ ਨਹੀਂ ਮਿਲ ਰਿਹਾ। ਮਾਨ ਨੇ ਸ਼ਾਹ ਨੂੰ ਇਹ ਫੰਡ ਜਾਰੀ ਕਰਨ ਦੀ ਮੰਗ ਕੀਤੀ।

ਦਰਅਸਲ, ਪੰਜਾਬ ਦੇ ਰਾਜਪਾਲ ਬਨਵਾਰੀ ਲਾਲਾ ਪਰੋਹਿਤ ਨੇ ਵੀ 1 ਮਾਰਚ ਨੂੰ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਚਕਾਰ ਲੰਬੇ ਸਮੇਂ ਤੋਂ ਟਕਰਾਅ ਚੱਲ ਰਿਹਾ ਹੈ। ਇੱਥੋਂ ਤੱਕ ਕਿ ਦੋਵਾਂ ਦੇ ਵਿਵਾਦ ਕਾਰਨ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਮਨਜ਼ੂਰੀ ਦਾ ਮਾਮਲਾ ਸੁਪਰੀਮ ਕੋਰਟ ਤੱਕ ਪਹੁੰਚ ਗਿਆ ਹੈ। ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਵਿਧਾਨ ਸਭਾ ਦਾ ਬਜਟ ਸੈਸ਼ਨ ਭਲਕੇ 3 ਮਾਰਚ ਤੋਂ ਸ਼ੁਰੂ ਹੋ ਰਿਹਾ ਹੈ।

Scroll to Top