Deputy Commissioners

CM ਭਗਵੰਤ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਰੋਜ਼ਾਨਾ 7-8 ਮੰਡੀਆਂ ਦਾ ਦੌਰਾ ਕਰਨ ਦਾ ਹੁਕਮ

ਚੰਡੀਗੜ੍ਹ, 9 ਅਕਤੂਬਰ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਭਰ ‘ਚ ਝੋਨੇ ਦੀ ਖਰੀਦ ਅਤੇ ਚੁਕਾਈ ਦੇ ਕੰਮਾਂ ਨੂੰ ਲੈ ਕੇ ਡਿਪਟੀ ਕਮਿਸ਼ਨਰਾਂ (Deputy Commissioners) ਨਾਲ ਵਰਚੁਅਲ ਬੈਠਕ ਕੀਤੀ ਹੈ | ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਸਾਰੇ ਡਿਪਟੀ ਕਮਿਸ਼ਨਰਾਂ ਝੋਨੇ ਦੀ ਖਰੀਦ ਅਤੇ ਚੁਕਾਈ ਦੇ ਕੰਮਾਂ ‘ਚ ਤੇਜ਼ੀ ਲਿਆਉਣ ਲਈ ਵਿਆਪਕ ਪੱਧਰ ‘ਤੇ ਮੰਡੀਆਂ ਦਾ ਦੌਰਾ ਕਰਨ ਦੇ ਹੁਕਮ ਦਿੱਤੇ ਹਨ।

ਇਸ ਬੈਠਕ ਦੌਰਾਨ ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਸਾਉਣੀ ਮੰਡੀਕਰਨ ਸੀਜ਼ਨ 2024-25 ਦੌਰਾਨ ਮੰਡੀਆਂ ‘ਚ ਝੋਨੇ ਦੀ ਆਮਦ ‘ਚ ਚੌਖਾ ਵਾਧਾ ਹੋਇਆ ਹੈ | ਉਨ੍ਹਾਂ ਕਿਹਾ ਕਿ ਆਪਣੀ ਫ਼ਸਲ ਵੇਚਣ ਆਏ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਨਹੀਂ ਆਉਣੀ ਚਾਹੀਦੀ | ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ (Deputy Commissioners) ਹੁਕਮ ਦਿੱਤੇ ਹਨ ਕਿ ਓਹਨਾ ਵੱਲੋਂ ਨਿੱਜੀ ਤੌਰ ‘ਤੇ ਅਨਾਜ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਨੂੰ ਯਕੀਨੀ ਬਣਾਇਆ ਜਾਵੇ ਅਤੇ ਇਸ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਕੋਈ ਕਸਰ ਨਾ ਛੱਡੀ ਜਾਵੇ।

ਮੁੱਖ ਮੰਤਰੀ ਨੇ ਆਸ ਪ੍ਰਗਟਾਈ ਹੈ ਕਿ ਪੰਜਾਬ ਸਰਕਾਰ ਵੱਲੋਂ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਵੱਲੋਂ ਮੰਡੀਆਂ ‘ਚ ਲਿਆਂਦੇ ਜਾਣ ਵਾਲੇ 185 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾਵੇਗੀ । ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ‘ਚ ਮੌਜੂਦਾ ਸਮੇਂ 32 ਲੱਖ ਹੈਕਟੇਅਰ ਰਕਬਾ ਝੋਨੇ ਦੀ ਕਾਸ਼ਤ ਅਧੀਨ ਹੈ ਅਤੇ ਪੰਜਾਬ ਦੁਆਰਾ 185 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਟੀਚਾ ਮਿੱਥਿਆ ਹੈ।

ਇਸਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤੀ ਰਿਜ਼ਰਵ ਬੈਂਕ ਦੁਆਰਾ ਪਹਿਲਾਂ ਹੀ ਸਾਉਣੀ ਮੰਡੀਕਰਨ ਸੀਜ਼ਨ 2024-25 ਲਈ 41,378 ਕਰੋੜ ਰੁਪਏ ਦੀ ਨਕਦ ਕਰਜ਼ਾ ਸੀਮਾ (ਸੀ.ਸੀ.ਐਲ.) ਜਾਰੀ ਕੀਤੀ ਗਈ ਹੈ।

ਮੁੱਖ ਮੰਤਰੀ ਮਾਨ ਨੇ ਸਖ਼ਤ ਸ਼ਬਦਾਂ ‘ਚ ਕਿਹਾ ਕਿ ਝੋਨੇ ਖਰੀਦ ਅਤੇ ਚੁਕਾਈ ਦੇ ਕੰਮਾਂ ‘ਚ ਕਿਸੇ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਕਿਸਾਨਾਂ ਦੀ ਫਸਲ ਛੇਤੀ ਤੋਂ ਛੇਤੀ ਖਰੀਦ ਅਤੇ ਚੁਕਾਈ ਨੂੰ ਯਕੀਨੀ ਬਣਾਇਆ ਜਾਵੇ | ਉਨ੍ਹਾਂ ਕਿਹਾ ਕਿ ਅਧਿਕਾਰੀਆਂ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਪੰਜਾਬ ਸਰਕਾਰ ਦੇ ਫੈਸਲੇ ਨੂੰ ਸਹੀ ਅਰਥਾਂ ‘ਚ ਲਾਗੂ ਕਰਨਾ ਯਕੀਨੀ ਬਣਾਉਣ।

ਇਸਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਜ਼ਮੀਨੀ ਪੱਧਰ ‘ਤੇ ਸਮੁੱਚੇ ਖਰੀਦ ਕਾਰਜਾਂ ਦਾ ਜਾਇਜ਼ਾ ਲੈਣ ਲਈ ਹਰ ਰੋਜ਼ 7-8 ਮੰਡੀਆਂ ਦਾ ਦੌਰਾ ਕਰਨ ਦਾ ਹੁਕਮ ਦਿੱਤਾ ਹੈ | ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਆਪਣੇ ਅਧਿਕਾਰ ਖੇਤਰ ‘ਚ ਆਉਂਦੀਆਂ ਅਨਾਜ ਮੰਡੀਆਂ ਦਾ ਲਗਾਤਾਰ ਦੌਰਾ ਕਰਨ ਅਤੇ ਨਿਯਮਤ ਨਿਗਰਾਨੀ ਲਈ ਰੋਜ਼ਾਨਾ ਰਿਪੋਰਟ ਪੇਸ਼ ਕੀਤੀ ਜਾਵੇ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਖਰੀਦ ਕਾਰਜਾਂ ‘ਤੇ ਨੇੜਿਓਂ ਨਿਗਰਾਨੀ ਕਰਨ ਲਈ ਵੀ ਕਿਹਾ ਹੈ, ਤਾਂ ਜੋ ਮੰਡੀਆਂ ‘ਚ ਵਾਧੂ ਅਨਾਜ ਨਾ ਇਕੱਠਾ ਹੋਵੇ ਅਤੇ ਇਸ ਦੀ ਛੇਤੀ ਤੋਂ ਛੇਤੀ ਚੁਕਾਈ ਨੂੰ ਯਕੀਨੀ ਬਣਾਇਆ ਜਾ ਸਕੇ।

ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ/ਕਰਮਚਾਰੀਆਂ ਨੂੰ ਝੋਨੇ ਦੀ ਫਸਲ ਦੀ ਆਮਦ, ਖਰੀਦ ਅਤੇ ਅਦਾਇਗੀ ਦੀ ਰੋਜ਼ਾਨਾ ਰਿਪੋਰਟ ਨਿੱਜੀ ਤੌਰ ‘ਤੇ ਉਨ੍ਹਾਂ ਨੂੰ ਭੇਜ ਕੇ ਖਰੀਦ ਕਾਰਜਾਂ ਬਾਰੇ ਅਪਡੇਟ ਦੇਣ ਦੀ ਹਦਾਇਤ ਕੀਤੀ ਹੈ । ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਦਾਣਾ ਮੰਡੀਆਂ ‘ਚੋਂ ਕਿਸਾਨਾਂ ਦੀ ਫ਼ਸਲ ਦੀ ਨਿਰਵਿਘਨ, ਸਮੇਂ ਸਿਰ ਅਤੇ ਬਿਨਾਂ ਕਿਸੇ ਰੁਕਾਵਟ ਦੇ ਚੁਕਾਈ ਯਕੀਨੀ ਬਣਾਉਣ ਲਈ ਪਹਿਲਾਂ ਹੀ ਪੁਖਤਾ ਪ੍ਰਬੰਧ ਕੀਤੇ ਹਨ।

Scroll to Top