ਚੰਡੀਗੜ੍ਹ 02 ਜੂਨ 2022: ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਸਿਹਤ ਸੰਸਥਾ ਪੰਜਾਬ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (PIMS) ਵਿਚ ਕਰ ਦਾਤਿਆਂ ਦੇ ਪੈਸੇ ਨੂੰ ਖ਼ੁਰਦ-ਬੁਰਦ ਕਰਨ ਦੇ ਨਾਲ-ਨਾਲ ਉਨ੍ਹਾਂ ਹੋਰ ਖ਼ਾਮੀਆਂ ਦਾ ਪਤਾ ਲਾਉਣ ਲਈ ਡੂੰਘਾਈ ਨਾਲ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਹਨ, ਜੋ ਕਿ ਇਸ ਸੰਸਥਾ ਲਈ ਵਿੱਤੀ ਸੰਕਟ ਦਾ ਕਾਰਨ ਬਣੇ।
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ‘ਚ ਟਵੀਟ ਕਰਦਿਆਂ ਕਿਹਾ ਕਿ ਇਹ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਪਿਛਲੇ 6 ਸਾਲਾਂ ‘ਚ ਗਵਰਨਿੰਗ ਬਾਡੀ ਦੀ ਇਕ ਵੀ ਮੀਟਿੰਗ ਨਹੀਂ ਹੋਈ। ਉਨ੍ਹਾਂ ਕਿਹਾ ਕਿ ਕਈ ਊਣਤਾਈਆਂ ਗੰਭੀਰ ਘੁਟਾਲਿਆਂ ਵੱਲ ਇਸ਼ਾਰਾ ਕਰਦੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਖ਼ਾਮੀਆਂ ਅਤੇ ਗਬਨ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।