ਚੰਡੀਗੜ੍ਹ 31 ਅਗਸਤ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਤਰਨਤਾਰਨ (Tarn Taran) ਜ਼ਿਲ੍ਹੇ ਦੇ ਪਿੰਡ ਬਾਕਰਪੁਰਾ ਵਿਖੇ ਇਕ ਚਰਚ ਵਿੱਚ ਹੋਈ ਬੇਅਦਬੀ ਅਤੇ ਅੱਗ ਲਾਉਣ ਦੀ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ, “ਇਹ ਬਹੁਤ ਹੀ ਨਿੰਦਣਯੋਗ ਘਟਨਾ ਹੈ ਅਤੇ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਡੀ.ਜੀ.ਪੀ. ਨੂੰ ਇਸ ਨਾ-ਮੁਆਫੀਯੋਗ ਘਟਨਾ ਦੀ ਤਹਿ ਤੱਕ ਜਾ ਕੇ ਜਾਂਚ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਘਟਨਾ ਪਿੱਛੇ ਸੂਬੇ ਦੀ ਅਮਨ-ਸ਼ਾਂਤੀ, ਖੁਸ਼ਹਾਲੀ ਅਤੇ ਤਰੱਕੀ ਦੀਆਂ ਦੁਸ਼ਮਣ ਤਾਕਤਾਂ ਦਾ ਹੱਥ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਮੰਦਭਾਗੀ ਘਟਨਾ ਦਾ ਮਕਸਦ ਸੂਬੇ ਦੇ ਸ਼ਾਂਤਮਈ ਮਾਹੌਲ ਨੂੰ ਖਰਾਬ ਕਰਨਾ ਅਤੇ ਪੰਜਾਬ ਦੀ ਫਿਰਕੂ ਸਦਭਾਵਨਾ ਤੇ ਭਾਈਚਾਰਕ ਸਾਂਝ ਨੂੰ ਲੀਹੋਂ ਲਾਹੁਣਾ ਸੀ।
ਮੁੱਖ ਮੰਤਰੀ ਨੇ ਸਪੱਸ਼ਟ ਤੌਰ ਉਤੇ ਕਿਹਾ ਕਿ ਸੂਬਾ ਸਰਕਾਰ ਅਜਿਹੇ ਨਾਪਾਕ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਅਜਿਹੀਆਂ ਸਾਰੀਆਂ ਸਾਜ਼ਿਸ਼ਾਂ ਨੂੰ ਨਾਕਾਮ ਕਰੇਗੀ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰੇਗੀ ਤਾਂ ਜੋ ਭਵਿੱਖ ਵਿੱਚ ਬਾਕੀਆਂ ਨੂੰ ਸਬਕ ਮਿਲ ਸਕੇ। ਭਗਵੰਤ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਅਮਨ-ਸ਼ਾਂਤੀ ਨੂੰ ਬਰਕਰਾਰ ਰੱਖਣ ਲਈ ਵਚਨਬੱਧ ਹੈ ਅਤੇ ਇਸ ਨੂੰ ਕਿਸੇ ਵੀ ਕੀਮਤ ‘ਤੇ ਕਿਸੇ ਨੂੰ ਵੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਇਸ ਘਟਨਾ ਦੀ ਨਿੰਦਾ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸਰਕਾਰ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਡੱਕਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਪੁਲਿਸ ਨੂੰ ਇਸ ਮਾਮਲੇ ਦੀ ਤੁਰੰਤ ਅਤੇ ਨਤੀਜਾਮੁਖੀ ਢੰਗ ਰਾਹੀਂ ਡੂੰਘਾਈ ਨਾਲ ਜਾਂਚ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਦੇਸ਼ ਦਾ ਸ਼ਾਂਤਮਈ ਅਤੇ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।