ਚੰਡੀਗੜ੍ਹ 24 ਦਸੰਬਰ 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੈਡੀਕਲ ਕਾਲਜਾਂ ‘ਚ ਲੋਕਾਂ ਨੂੰ ਮਿਆਰੀ ਇਲਾਜ ਤੇ ਮੈਡੀਕਲ ਟੈਸਟਾਂ ਦੀਆਂ ਸਹੂਲਤਾਂ ਦੇਣ ਲਈ ਪ੍ਰਮੁੱਖ ਮੈਡੀਕਲ ਕਾਲਜਾਂ ਨੂੰ ਅਪਗ੍ਰੇਡ ਕਰਨ ਲਈ 68.98 ਕਰੋੜ ਰੁਪਏ ਦੇ ਫੰਡ ਫੌਰੀ ਜਾਰੀ ਕਰਨ ਦਾ ਆਦੇਸ਼ ਦਿੱਤਾ ਹੈ।
ਇਸ ਸੰਬੰਧੀ ਮੁੱਖ ਮੰਤਰੀ ਮਾਨ ਨੇ ਅੱਜ ਮੈਡੀਕਲ ਸਿੱਖਿਆ ਦੇ ਖੋਜ ਵਿਭਾਗ ਦੀ ਸਮੀਖਿਆ ਬੈਠਕ ‘ਚ ਕਿਹਾ ਕਿ ਪੰਜਾਬ ਦੇ ਇਨ੍ਹਾਂ ਮੈਡੀਕਲ ਕਾਲਜਾਂ ‘ਚ ਇਨ੍ਹਾਂ ਸਹੂਲਤਾਂ ਦਾ ਵਿਸਤਾਰ ਕਰਨਾ ਸਮੇਂ ਦੀ ਲੋੜ ਸੀ ਤਾਂ ਕਿ ਲੋਕਾਂ ਨੂੰ ਵਧੀਆ ਇਲਾਜ ਦੇ ਨਾਲ-ਨਾਲ ਮੈਡੀਕਲ ਟੈਸਟਾਂ ਦੀ ਸਹੂਲਤ ਯਕੀਨੀ ਬਣਨ।
ਸੀਐੱਮ ਮਾਨ ਨੇ ਕਿਹਾ ਕਿ ਇਨ੍ਹਾਂ ਮੈਡੀਕਲ ਕਾਲਜਾਂ ਨੂੰ ਅਤਿ-ਆਧੁਨਿਕ ਤੇ ਵਿਸ਼ਵ ਪੱਧਰੀ ਮਸ਼ੀਨਰੀ ਨਾਲ ਲੈਸ ਕਰਨਾ ਜ਼ਰੂਰੀ ਹੈ ਤਾਂ ਕਿ ਇਹ ਮਰੀਜ਼ਾਂ ਨੂੰ ਬਿਹਤਰ ਤਰੀਕੇ ਨਾਲ ਸੇਵਾਵਾਂ ਦੇ ਸਕਣ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਮੈਡੀਕਲ ਕਾਲਜਾਂ ‘ਚ ਸਹੂਲਤਾਂ ਨੂੰ ਅਪਗ੍ਰੇਡ ਕਰਨ ਲਈ ਫੌਰੀ 68.98 ਕਰੋੜ ਰੁਪਏ ਜਾਰੀ ਕੀਤੇ ਜਾਣ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ 26.53 ਕਰੋੜ ਰੁਪਏ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ, 28.51 ਕਰੋੜ ਰੁਪਏ ਸਰਕਾਰੀ ਮੈਡੀਕਲ ਕਾਲਜ ਪਟਿਆਲਾ, 9.43 ਕਰੋੜ ਰੁਪਏ ਡਾ. ਬੀ.ਆਰ. ਅੰਬੇਦਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਸ.ਏ.ਐਸ. ਨਗਰ (ਮੋਹਾਲੀ) ਅਤੇ 4.51 ਕਰੋੜ ਰੁਪਏ ਪੀ.ਜੀ.ਆਈ. ਸੈਟੇਲਾਈਟ ਸੈਂਟਰ, ਫ਼ਿਰੋਜ਼ਪੁਰ ਲਈ ਤੁਰੰਤ ਦਿੱਤੇ ਜਾਣ।
ਭਗਵੰਤ ਮਾਨ ਕਿ ਇਨ੍ਹਾਂ ਫੰਡਾਂ ਦੀ ਵਰਤੋਂ ਆਧੁਨਿਕ ਮਸ਼ੀਨਾਂ ਤੇ ਹੋਰ ਉਪਕਰਨ ਖ਼ਰੀਦਣ ਦੇ ਨਾਲ-ਨਾਲ ਮੈਡੀਕਲ ਕਾਲਜਾਂ ‘ਚ ਵਿਕਾਸ ਕਾਰਜਾਂ ਲਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਨਾਲ ਇਲਾਜ ਤੇ ਮੈਡੀਕਲ ਟੈਸਟਾਂ ਦੀਆਂ ਸਹੂਲਤਾਂ ਨੂੰ ਹੋਰ ਹੁਲਾਰਾ ਮਿਲੇਗਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੈਡੀਕਲ ਕਾਲਜਾਂ ‘ਚ ਇਹ ਕੰਮ ਸਮਾਂ-ਬੱਧ ਤੇ ਢੁਕਵੇਂ ਤਰੀਕੇ ਨਾਲ ਮੁਕੰਮਲ ਕੀਤੇ ਜਾਣ ਤਾਂ ਕਿ ਲੋਕਾਂ ਨੂੰ ਇਲਾਜ ਸਹੂਲਤਾਂ ਕਿਫ਼ਾਇਤੀ ਦਰਾਂ ‘ਤੇ ਉਪਲਬੱਧ ਹੋਣ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦਾ ਇਤਿਹਾਸ ਰਿਹਾ ਹੈ ਕਿ ਇਸ ਨੇ ਵਿਸ਼ਵ ਪੱਧਰ ਦੇ ਡਾਕਟਰ ਪੈਦਾ ਕੀਤੇ ਹਨ ਅਤੇ ਅੱਜ ਵੀ ਸੂਬੇ ‘ਚ ਵੱਡੀ ਗਿਣਤੀ ‘ਚ ਵਿਦਿਆਰਥੀ ਡਾਕਟਰ ਬਣਨ ਲਈ ਮੈਡੀਕਲ ਸਿੱਖਿਆ ਲੈ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਮੈਡੀਕਲ ਕਾਲਜਾਂ ‘ਚ ਮਿਆਰੀ ਸਿੱਖਿਆ ਦੇਣਾ ਪੰਜਾਬ ਸਰਕਾਰ ਦਾ ਫ਼ਰਜ਼ ਬਣਦਾ ਹੈ ਤਾਂ ਕਿ ਮੈਡੀਕਲ ਸਿੱਖਿਆ ਲੈ ਰਹੇ ਵਿਦਿਆਰਥੀਆਂ ਨੂੰ ਵੱਡੇ ਪੱਧਰ ਉੱਤੇ ਲਾਭ ਮਿਲੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਮੈਡੀਕਲ ਕਾਲਜਾਂ ਦੀ ਕਾਇਆ-ਕਲਪ ਕਰਨ ਦਾ ਉਦੇਸ਼ ਲੋਕਾਂ ਦੀ ਮਿਆਰੀ ਸਿਹਤ ਸੇਵਾਵਾਂ ਤੱਕ ਪਹੁੰਚ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਮੁੱਖ ਕਾਲਜਾਂ ‘ਚ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਨ ਨਾਲ ਆਮ ਆਦਮੀ ਦੀ ਭਲਾਈ ਯਕੀਨੀ ਬਣੇਗੀ।
Read More: ਪੰਜਾਬ ਸਰਕਾਰ ਵੱਲੋਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦਾ ਸਾਲ 2025 ਦਾ ਲੇਖਾ-ਜੋਖਾ ਜਾਰੀ




