ਚੰਡੀਗੜ੍ਹ 11 ਅਗਸਤ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਅੱਜ ਅਨੁਸੂਚਿਤ ਜਾਤੀ (SC) ਨਾਲ ਸਬੰਧਤ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੋਸਟ ਮੈਟ੍ਰਿਕ ਵਜ਼ੀਫਾ ਸਕੀਮ ਦੀ ਆੜ ਵਿਚ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀਆਂ ਡਿਗਰੀਆਂ ਰੋਕਣ ਵਾਲੇ ਵਿਦਿਅਕ ਅਦਾਰਿਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।
ਅੱਜ ਇੱਥੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦਾ ਭਵਿੱਖ ਖਰਾਬ ਕਰਨ ਲਈ ਜ਼ਿੰਮੇਵਾਰ ਵਿਦਿਅਕ ਅਦਾਰਿਆਂ ਵਿਰੁੱਧ ਕਰੜੀ ਤੋਂ ਕਰੜੀ ਕਾਰਵਾਈ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਕਿਸੇ ਵੀ ਵਿਦਿਅਕ ਸੰਸਥਾ ਵੱਲੋਂ ਇੱਕ ਵੀ ਵਿਦਿਆਰਥੀ ਦੀ ਡਿਗਰੀ ਨਾ ਰੋਕੀ ਜਾਵੇ।”
ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਇਸ ਸਕੀਮ ਤਹਿਤ ਫੰਡਾਂ ਦੀ ਅਦਾਇਗੀ ਦਾ ਮਾਮਲਾ ਸੂਬਾ ਸਰਕਾਰ ਅਤੇ ਵਿਦਿਅਕ ਅਦਾਰਿਆਂ ਦਾ ਆਪਸੀ ਮਸਲਾ ਹੈ ਅਤੇ ਸਮਾਜ ਦੇ ਪੱਛੜੇ ਅਤੇ ਕਮਜ਼ੋਰ ਵਰਗ ਦੇ ਵਿਦਿਆਰਥੀਆਂ ਦਾ ਇਸ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਜਿਸ ਕਰਕੇ ਉਨ੍ਹਾਂ ਨੂੰ ਕਿਸੇ ਵੀ ਕੀਮਤ ‘ਤੇ ਪ੍ਰੇਸ਼ਾਨ ਨਹੀਂ ਕੀਤਾ ਜਾਣਾ ਚਾਹੀਦਾ। ਭਗਵੰਤ ਮਾਨ ਨੇ ਕਿਹਾ ਕਿ ਵਿਦਿਅਕ ਸੰਸਥਾਵਾਂ ਨੂੰ ਵਿਦਿਆਰਥੀਆਂ ਦੀਆਂ ਡਿਗਰੀਆਂ ਰੋਕ ਕੇ ਉਨ੍ਹਾਂ ਦਾ ਭਵਿੱਖ ਤਬਾਹ ਕਰਨ ਦਾ ਕੋਈ ਹੱਕ ਨਹੀਂ ਹੈ।
ਭਗਵੰਤ ਮਾਨ (Bhagwant Mann) ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਵਿਦਿਅਕ ਸੰਸਥਾਵਾਂ ਵੱਲੋਂ ਸ਼ਰਮਨਾਕ ਢੰਗ ਨਾਲ ਅਜਿਹਾ ਕੰਮ ਕਰਨਾ ਬਹੁਤ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਇਹ ਕੁਝ ਵਿਦਿਅਕ ਅਦਾਰਿਆਂ ਦੀ ਸੌੜੀ ਮਾਨਸਿਕਤਾ ਨੂੰ ਵੀ ਦਰਸਾਉਂਦਾ ਹੈ ਜੋ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਰਾਹ ਵਿੱਚ ਅੜਿੱਕੇ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਅਜਿਹੀਆਂ ਕੋਝੀਆਂ ਚਾਲਾਂ ਦਾ ਸਹਾਰਾ ਲੈਣ ਵਾਲੇ ਵਿਦਿਅਕ ਅਦਾਰਿਆਂ ਵਿਰੁੱਧ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਵਿਦਿਅਕ ਸੰਸਥਾਵਾਂ ਨੂੰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨਾਲ ਧੱਕੇਸ਼ਾਹੀ ਵਾਲਾ ਵਤੀਰਾ ਅਪਨਾਉਣ ਅਤੇ ਉਨ੍ਹਾਂ ਦੀ ਤਰੱਕੀ ਵਿੱਚ ਰੁਕਾਵਟ ਪਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਚੁੱਪ ਕਰਕੇ ਨਹੀਂ ਬੈਠੇਗੀ ਅਤੇ ਨਾ ਹੀ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਵਿਦਿਅਕ ਅਦਾਰਿਆਂ ਦੇ ਹੱਥੋਂ ਤੰਗ-ਪ੍ਰੇਸ਼ਾਨ ਹੋਣ ਦੇਵੇਗੀ।