ਸ਼ਹੀਦੀ ਸਭਾ

CM ਭਗਵੰਤ ਮਾਨ ਵੱਲੋਂ ਸ਼ਹੀਦੀ ਸਭਾ ਦੌਰਾਨ ਸੰਗਤਾਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕਰਨ ਦੇ ਹੁਕਮ

ਚੰਡੀਗੜ੍ਹ,15 ਦਸੰਬਰ 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਿਸ ਅਤੇ ਹੋਰ ਸੰਬੰਧਿਤ ਅਧਿਕਾਰੀਆਂ ਨੂੰ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ 25 ਤੋਂ 27 ਦਸੰਬਰ ਨੂੰ ਸ਼ਹੀਦੀ ਸਭਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕਰਨ ਦੇ ਹੁਕਮ ਦਿੱਤੇ ਹਨ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਕ ਬੈਠਕ ਦੌਰਾਨ ਸ਼ਹੀਦੀ ਸਭਾ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ | ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸ੍ਰੀ ਫਤਹਿਗੜ੍ਹ ਸਾਹਿਬ ਧਰਤੀ ‘ਤੇ ਮੱਥਾ ਟੇਕਣ ਲਈ ਲਗਭੱਗ 50 ਲੱਖ ਸ਼ਰਧਾਲੂਆਂ ਦੇ ਪਹੁੰਚਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਸ੍ਰੀ ਫਤਹਿਗੜ੍ਹ ਸਾਹਿਬ ਦੀ ਇਸ ਮਹਾਨ ਧਰਤੀ ’ਤੇ ਸਾਹਿਬਾਜ਼ਾਦਾ ਜ਼ੋਰਾਵਰ ਸਿੰਘ ਤੇ ਸਾਹਿਬਜ਼ਾਦਾ ਫਤਹਿ ਸਿੰਘ ਜੀ ਨੇ ਮਾਤਾ ਗੁਜਰੀ ਜੀ ਨਾਲ ਲਾਸਾਨੀ ਸ਼ਹਾਦਤ ਦਿੱਤੀ ਸੀ।

ਉਨ੍ਹਾਂ ਨੇ ਕਿਹਾ ਕਿ ਸੰਗਤ ਲਈ ਕੀਤੇ ਜਾ ਰਹੇ ਪ੍ਰਬੰਧਾਂ ‘ਚ ਸੁਰੱਖਿਆ ਵਿਵਸਥਾ ਅਤੇ ਪਵਿੱਤਰ ਸ਼ਹਿਰ ਦੀ ਸਫਾਈ ਲਈ ਵੱਧ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੜਕਾਂ ਦੀ ਮੁਰੰਮਤ ਲਈ ਪਹਿਲਾਂ ਹੀ ਫੰਡ ਅਲਾਟ ਕਰ ਦਿੱਤੇ ਹਨ ਅਤੇ ਸਮੇਂ ਸਰ ‘ਚ ਕੰਮ ਮੁਕੰਮਲ ਕੀਤਾ ਜਾਣਾ ਚਾਹੀਦਾ ਹੈ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸੰਗਤ ਦੀ ਵੱਡੀ ਆਮਦ ਨੂੰ ਦੇਖਦੇ ਹੋਏ ਪੂਰੇ ਜ਼ਿਲ੍ਹੇ ਨੂੰ ਸੈਕਟਰਾਂ ‘ਚ ਵੰਡ ਦੇਣਾ ਚਾਹੀਦਾ ਹੈ ਅਤੇ ਹਰੇਕ ਸੈਕਟਰ ਦੀ ਨਿਗਰਾਨੀ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ‘ਚ 300 ਮੋਬਾਈਲ ਪਖਾਨੇ ਸਥਾਪਤ ਕੀਤੇ ਜਾਣ ਅਤੇ ਪ੍ਰਮੁੱਖ ਥਾਵਾਂ ’ਤੇ ਐਂਬੂਲੈਂਸਾਂ ਅਤੇ ਅੱਗ ਬੁਝਾਊ ਗੱਡੀਆਂ ਤਾਇਨਾਤ ਕੀਤੀਆਂ ਜਾਣ ਤਾਂ ਕਿ ਲੋੜ ਪੈਣ ’ਤੇ ਤੁਰੰਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਭਗਵੰਤ ਮਾਨ ਨੇ ਕਿਹਾ ਕਿ ਸ਼ਹਿਰ ਵਿੱਚ ਆ ਰਹੇ ਸ਼ਰਧਾਲੂਆਂ ਲਈ 200 ਈ-ਰਿਕਸ਼ੇ ਅਤੇ 200 ਸ਼ਟਲ ਬੱਸਾਂ ਤਾਇਨਾਤ ਕੀਤੀਆਂ ਜਾਣੀਆਂ ਚਾਹੀਦੀਆਂ ਹਨ ਜੋ ਮੁਫਤ ਸਫ਼ਰ ਦੀ ਸਹੂਲਤ ਮੁਹੱਈਆ ਕਰਵਾਉਣਗੀਆਂ।

ਮੁੱਖ ਮੰਤਰੀ ਮਾਨ ਨੇ ਕਿਹਾ ਸ਼ਹਿਰ ‘ਚ ਸਫਾਈ ਨੂੰ ਯਕੀਨੀ ਬਣਾਉਣ ਲਈ ਸੰਗਤ ਦੇ ਸਹਿਯੋਗ ਲਈ ਪਾਰਟੀ ਅਤੇ ਸਿਵਲ ਸੁਸਾਇਟੀ ਦੇ ਵਲੰਟੀਅਰਾਂ ਨੂੰ ਸੇਵਾ ‘ਤੇ ਲਗਾਇਆ ਜਾਵੇ | ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸਾਰੇ ਕੋਨਿਆਂ ‘ਚ 300 ਤੋਂ ਵੱਧ ਸੀਸੀਟੀਵੀ ਕੈਮਰੇ ਲਗਾਏ ਜਾਣੇ ਚਾਹੀਦੇ ਹਨ ਤਾਂ ਜੋ ਕਸਬੇ ‘ਚ ਕਾਨੂੰਨ ਵਿਵਸਥਾ ਦੀ ਸਥਿਤੀ ‘ਤੇ ਨਜ਼ਰ ਰੱਖੀ ਜਾ ਸਕੇ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਪਵਿੱਤਰ ਨਗਰੀ ‘ਚ 20 ਆਮ ਆਦਮੀ ਕਲੀਨਿਕ (ਏ.ਏ.ਸੀ.) ਸਥਾਪਤ ਕੀਤੇ ਜਾਣੇ ਚਾਹੀਦੇ ਹਨ ਤਾਂ ਜੋ ਲੋਕਾਂ ਲਈ ਲੋੜ ਪੈਣ ‘ਤੇ ਮਿਆਰੀ ਇਲਾਜ ਯਕੀਨੀ ਬਣਾਇਆ ਜਾ ਸਕੇ।

ਮੁੱਖ ਮੰਤਰੀ ਮਾਨ ਨੇ ਜ਼ਿਲ੍ਹਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ ਸ਼ਹਿਰ ਦੇ ਆਲੇ-ਦੁਆਲੇ ਲੋੜੀਂਦੀ ਗਿਣਤੀ ‘ਚ ਪਾਰਕਿੰਗ ਸਥਾਨ ਯਕੀਨੀ ਬਣਾਉਣ ਲਿਆ ਕਿਹਾ ਹੈ | ਉਨ੍ਹਾਂ ਅਧਿਕਾਰੀਆਂ ਨੂੰ ਸ਼ਹੀਦੀ ਸਭਾ ਦੌਰਾਨ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਲੋੜੀਂਦੀ ਗਿਣਤੀ ‘ਚ ਸਫਾਈ ਮਸ਼ੀਨਾਂ, ਸੀਵਰੇਜ ਸਫਾਈ ਮਸ਼ੀਨਾਂ, ਸੁਪਰ ਸਕਸ਼ਨ ਮਸ਼ੀਨਾਂ ਦੇ ਨਾਲ ਨਾਲ ਲੋੜੀਂਦੀ ਗਿਣਤੀ ‘ਚ ਕਾਮਿਆਂ ਨੂੰ ਤਾਇਨਾਤ ਕਰਨ ਲਈ ਵੀ ਕਿਹਾ। ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਸਾਰੇ ਵਿਭਾਗਾਂ ਦਾ ਸਾਂਝਾ ਕੰਟਰੋਲ ਰੂਮ ਸਥਾਪਤ ਕਰਨ ਦੇ ਵੀ ਨਿਰਦੇਸ਼ ਦਿੱਤੇ ਜਿਸ ‘ਚ ਇੱਕ ਟੋਲ ਫ੍ਰੀ ਨੰਬਰ ਹੋਵੇ ਤਾਂ ਜੋ ਲੋੜ ਪੈਣ ‘ਤੇ ਲੋਕ ਉਨ੍ਹਾਂ ਨਾਲ ਸੰਪਰਕ ਕਰ ਸਕਣ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਗੁਰੂ ਸਾਹਿਬ ਦੇ ਛੋਟੇ ਸਾਹਿਬਜ਼ਾਦਿਆਂ ਨੇ ਨਿੱਕੀ ਉਮਰ ‘ਚ ਮਹਾਨ ਕੁਰਬਾਨੀ ਦਿੱਤੀ, ਜਿਸ ਦੀ ਮਿਸਾਲ ਦੁਨੀਆ ਦੇ ਕਿਸੇ ਵੀ ਇਤਿਹਾਸ ‘ਚ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਹਰ ਸਾਲ ਸ਼ਹੀਦੀ ਸਭਾ ਦੌਰਾਨ ਲੱਖਾਂ ਦੀ ਗਿਣਤੀ ‘ਚ ਸੰਗਤ ਇਸ ਸਥਾਨ ‘ਤੇ ਆਉਂਦੀ ਹੈ, ਇਸ ਲਈ ਪੰਜਾਬ ਸਰਕਾਰ ਵੱਲੋਂ ਇਸ ਸ਼ਹਿਰ ਨੂੰ ਨਵਾਂ ਰੂਪ ਦਿੱਤਾ ਜਾ ਰਿਹਾ ਹੈ।

Read More: ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਬੁਨਿਆਦੀ ਢਾਂਚੇ ‘ਚ 930 ਕਰੋੜ ਰੁਪਏ ਦੇ ਨਿਵੇਸ਼ ਨਾਲ ਲੁਧਿਆਣਾ ਕਾਇਆ ਕਲਪ ਲਈ ਤਿਆਰ

ਵਿਦੇਸ਼

Scroll to Top