CM Bhagwant Mann

CM ਭਗਵੰਤ ਮਾਨ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਟੇਕਿਆ ਮੱਥਾ

ਫ਼ਤਹਿਗੜ੍ਹ ਸਾਹਿਬ, 23 ਦਸੰਬਰ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਨੇ ਅੱਜ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਮਹਾਨ ਕੁਰਬਾਨੀ ਨੂੰ ਸਿਜਦਾ ਕੀਤਾ | ਮੁੱਖ ਮੰਤਰੀ ਨੇ ਕਿਹਾ ਕਿ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਵੱਲੋਂ ਦਿੱਤੀ ਬੇਮਿਸਾਲ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਜ਼ੁਲਮ ਅਤੇ ਅਨਿਆਂ ਵਿਰੁੱਧ ਲੜਨ ਲਈ ਪ੍ਰੇਰਿਤ ਕਰੇਗੀ।

ਮੁੱਖ ਮੰਤਰੀ ਮਾਨ  (CM Bhagwant Mann) ਨੇ ਕਿਹਾ ਕਿ ਇਨ੍ਹਾਂ ਕੁਰਬਾਨੀਆਂ ਦੀ ਵਿਸ਼ਵ ਭਰ ਦੇ ਮਾਨਵਤਾ ਦੇ ਇਤਿਹਾਸ ‘ਚ ਕੋਈ ਲਾਸਾਨੀ ਮਿਸਾਲ ਨਹੀਂ ਹੈ। ਸਮੁੱਚਾ ਪੰਜਾਬ ਇਸ ਮਹੀਨੇ ਨੂੰ ‘ਸੋਗ ਦੇ ਮਹੀਨੇ’ ਵਜੋਂ ਮਨਾਉਂਦਾ ਹੈ ਕਿਉਂਕਿ ਇਨ੍ਹਾਂ ਦਿਨਾਂ ਦੌਰਾਨ ਜ਼ਾਲਮ ਹਾਕਮਾਂ ਵੱਲੋਂ ਛੋਟੇ ਸਾਹਿਬਜ਼ਾਦਿਆਂ ਨੂੰ ਜਿਊਂਦਿਆਂ ਹੀ ਨੀਂਹ ‘ਚ ਚਿਣ ਦਿੱਤਾ ਸੀ। ਸੀਐੱਮ ਮਾਨ ਨੇ ਕਿਹਾ ਕਿ ਸਮੁੱਚੇ ਵਿਸ਼ਵ ਨੂੰ ਇਸ ਮਹਾਨ ਅਤੇ ਲਾਸਾਨੀ ਕੁਰਬਾਨੀ ‘ਤੇ ਮਾਣ ਹੈ, ਜੋ ਨਾ ਸਿਰਫ਼ ਪੰਜਾਬੀਆਂ, ਸਾਡੇ ਦੇਸ਼ਵਾਸੀਆਂ, ਸਗੋਂ ਵਿਸ਼ਵ ਭਰ ਦੇ ਹਰੇਕ ਵਿਅਕਤੀ ਲਈ ਸਤਿਕਾਰ ਵਾਲੀ ਗੱਲ ਹੈ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸ ਖੇਤਰ ਦੀ ਇਕ-ਇਕ ਇੰਚ ਜ਼ਮੀਨ ਬਹੁਤ ਪਵਿੱਤਰ ਹੈ, ਜਿਸ ਕਾਰਨ ਲੋਕ ਵੱਡੀ ਗਿਣਤੀ ‘ਚ ਇਸ ਪਵਿੱਤਰ ਸਥਾਨ ‘ਤੇ ਮੱਥਾ ਟੇਕਣ ਲਈ ਆਉਂਦੇ ਹਨ। ਉਨ੍ਹਾਂ ਕਿਹਾ ਕਿ ਪੁਰਾਤਨ ਸਮੇਂ ਤੋਂ ਹੀ ਦਸਵੇਂ ਸਿੱਖ ਗੁਰੂ ਸਾਹਿਬਾਨ ਅਤੇ ਸਾਹਿਬਜ਼ਾਦਿਆਂ ਦੀ ਮਾਤਾ ਦੀ ਮਹਾਨ ਕੁਰਬਾਨੀ ਨੂੰ ਯਾਦ ਕਰਨ ਲਈ ਹਰ ਸਾਲ ਸ਼ਹੀਦੀ ਜੋੜ ਮੇਲ ਮਨਾਇਆ ਜਾਂਦਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਹਿਬਜ਼ਾਦਿਆਂ ਨੂੰ ਬਹਾਦਰੀ ਅਤੇ ਨਿਰਸਵਾਰਥ ਸੇਵਾ ਦੇ ਗੁਣ ਆਪਣੇ ਪਿਤਾ ਦਸਮੇਸ਼ ਪਿਤਾ ਤੋਂ ਵਿਰਸੇ ‘ਚ ਮਿਲੇ ਹਨ, ਜਿਨ੍ਹਾਂ ਨੇ ਮਨੁੱਖਤਾ ਦੇ ਹਿੱਤਾਂ ਲਈ ਅਣਥੱਕ ਲੜਾਈ ਲੜੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦਾ ਇਤਿਹਾਸ ਸਾਡੇ ਮਹਾਨ ਗੁਰੂ ਸਾਹਿਬਾਨ ਸ੍ਰੀ ਗੁਰੂ ਅਰਜਨ ਦੇਵ ਜੀ, ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ ਪ੍ਰੇਰਨਾ ਲੈ ਕੇ ਦੇਸ਼ ਲਈ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਅਣਗਿਣਤ ਕੁਰਬਾਨੀਆਂ ਨਾਲ ਭਰਪੂਰ ਹੈ।

Read More: Trident Group: ਟ੍ਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਨੂੰ ਅੰਤਰਰਾਸ਼ਟਰੀ ਟਾਈਮ ਮੈਗਜ਼ੀਨ ‘ਚ ਮਿਲੀ ਥਾਂ

Scroll to Top