Tilla Baba Sheikh Farid

CM ਭਗਵੰਤ ਮਾਨ ਨੇ ਟਿੱਲਾ ਬਾਬਾ ਸ਼ੇਖ ਫਰੀਦ ਵਿਖੇ ਟੇਕਿਆ ਮੱਥਾ

ਫਰੀਦਕੋਟ, 15 ਅਗਸਤ 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਟਿੱਲਾ ਬਾਬਾ ਸ਼ੇਖ ਫਰੀਦ ਵਿਖੇ ਮੱਥਾ ਟੇਕਿਆ ਅਤੇ ਲੋਕਾਂ ਨੂੰ ਸਤਿਕਾਰਯੋਗ ਸੂਫੀ ਸੰਤ ਦੇ ਨਕਸ਼ੇ-ਕਦਮਾਂ ‘ਤੇ ਚੱਲਣ ਦੀ ਅਪੀਲ ਕੀਤੀ। ਮੁੱਖ ਮੰਤਰੀ ਮਾਨ ਨੇ ਬਾਬਾ ਸ਼ੇਖ ਫਰੀਦ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਨੂੰ ਇੱਕ ਮਹਾਨ ਅਧਿਆਤਮਿਕ ਆਗੂ, ਕਵੀ-ਵਕਤਾ ਅਤੇ ਭਾਰਤ ‘ਚ ਸੂਫੀ ਪਰੰਪਰਾ ਦੇ ਮੋਢੀ ਦੱਸਿਆ। ਉਨ੍ਹਾਂ ਕਿਹਾ ਕਿ ਬਾਬਾ ਫਰੀਦ ਜੀ ਨੂੰ ਪੰਜਾਬੀ ਕਵਿਤਾ ਦਾ ਪਿਤਾਮਾ ਮੰਨਿਆ ਜਾਂਦਾ ਹੈ ਅਤੇ ਉਨ੍ਹਾਂ ਦਾ ਦਰਸ਼ਨ ਪਿਆਰ, ਦਇਆ, ਸਮਾਨਤਾ, ਨਿਮਰਤਾ, ਭਾਈਚਾਰਾ ਅਤੇ ਆਜ਼ਾਦੀ ‘ਤੇ ਅਧਾਰਤ ਹੈ ਜੋ ਸਦੀਵੀ ਅਤੇ ਵਿਸ਼ਵਵਿਆਪੀ ਤੌਰ ‘ਤੇ ਪ੍ਰਸੰਗਿਕ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਸ਼ੇਖ ਫਰੀਦ ਦੀ ਬਾਣੀ, ਜਿਸ ‘ਚ 112 ਸ਼ਲੋਕ ਅਤੇ ਚਾਰ ਸ਼ਬਦ ਸ਼ਾਮਲ ਹਨ, ਉਨ੍ਹਾਂ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ‘ਚ ਸ਼ਾਮਲ ਕੀਤਾ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਇੱਕ ਵਿਸ਼ਵਵਿਆਪੀ ਗ੍ਰੰਥ ਹੈ, ਜੋ ਸਾਰੇ ਧਰਮਾਂ ਦੀ ਨੁਮਾਇੰਦਗੀ ਕਰਦਾ ਹੈ ਅਤੇ ਗਿਆਨ ਦਾ ਇਹ ਵਿਸ਼ਾਲ ਭੰਡਾਰ ਸਮੁੱਚੀ ਮਨੁੱਖਤਾ ਲਈ ਮਾਰਗਦਰਸ਼ਕ ਵਜੋਂ ਕੰਮ ਕਰਦਾ ਹੈ।

ਉਨ੍ਹਾਂ ਕਿਹਾ ਕਿ ਜਦੋਂ ਅਸੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਸ਼ਰਧਾ ਨਾਲ ਸਿਰ ਝੁਕਾਉਂਦੇ ਹਾਂ, ਤਾਂ ਅਸੀਂ ਮਹਾਨ ਗੁਰੂਆਂ ਦੇ ਨਾਲ-ਨਾਲ ਬਾਬਾ ਫਰੀਦ ਨੂੰ ਵੀ ਸਤਿਕਾਰ ਦਿੰਦੇ ਹਾਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਾਬਾ ਫਰੀਦ ਦਾ ਜੀਵਨ ਅਤੇ ਸਿੱਖਿਆਵਾਂ ਅੱਜ ਦੇ ਭੌਤਿਕਵਾਦੀ ਸਮਾਜ ਵਿੱਚ ਵਿਸ਼ੇਸ਼ ਤੌਰ ‘ਤੇ ਪ੍ਰਸੰਗਿਕ ਹਨ। ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਫਰੀਦ ਦੀਆਂ ਸਿੱਖਿਆਵਾਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਮਰਪਣ ਅਤੇ ਨਿਮਰਤਾ ਨਾਲ ਮਨੁੱਖਤਾ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦੀਆਂ ਰਹਿਣਗੀਆਂ।

Read More: ਹੈਰੋਇਨ ਫੜਨ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਦੇਵੇਗੀ ਇਨਾਮ: CM ਭਗਵੰਤ ਮਾਨ

Scroll to Top