ਚੰਡੀਗੜ੍ਹ, 19 ਮਾਰਚ 2024: ਮੁੱਖ ਮੰਤਰੀ ਭਗਵੰਤ ਮਾਨ ਬਦਮਾਸ਼ ਜਰਨੈਲ ਸਿੰਘ ਉਰਫ਼ ਰਾਣਾ ਮਨਸੂਰਪੁਰੀਆ ਦੀ ਗੋਲੀ ਨਾਲ ਸ਼ਹੀਦ ਹੋਏ ਸੀਆਈਏ ਪੁਲਿਸ ਸਟਾਫ਼ ਦੇ ਕਾਂਸਟੇਬਲ ਅੰਮ੍ਰਿਤਪਾਲ ਸਿੰਘ (Constable Amritpal Singh) ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਸ਼ਹੀਦ ਦੇ ਜੱਦੀ ਪਿੰਡ ਜੰਡੌਰ ਪੁੱਜੇ। ਜਿੱਥੇ ਉਨ੍ਹਾਂ ਨੇ ਸ਼ਹੀਦ ਅੰਮ੍ਰਿਤਪਾਲ ਸਿੰਘ ਦੇ ਪਿਓ, ਮਾਤਾ ਅਤੇ ਘਰਵਾਲੀ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਉਨ੍ਹਾਂ ਦਾ ਦੁੱਖ ਸਾਂਝਾ ਕੀਤਾ।
ਇਸ ਮੌਕੇ ਭਗਵੰਤ ਮਾਨ ਨੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ। ਪੰਜਾਬ ਸਰਕਾਰ ਪਰਿਵਾਰ ਦੀ ਹਰ ਸੰਭਵ ਮੱਦਦ ਕਰੇਗੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅੰਮ੍ਰਿਤਪਾਲ ਇੱਕ ਬਹਾਦਰ ਸਿਪਾਹੀ ਸੀ ਜਿਸ ਨੇ ਆਪਣੀ ਡਿਊਟੀ ਨਿਭਾਉਂਦੇ ਹੋਏ ਆਪਣੀ ਜਾਨ ਕੁਰਬਾਨ ਕਰ ਦਿੱਤੀ। ਇਸ ਦੌਰਾਨ ਅੰਮ੍ਰਿਤਪਾਲ ਦੇ ਨਾਂ ’ਤੇ ਪਿੰਡ ਵਿੱਚ ਖੇਡ ਸਟੇਡੀਅਮ ਬਣਾਉਣ ਦਾ ਐਲਾਨ ਵੀ ਕੀਤਾ ਗਿਆ।
ਬੀਤੇ ਦਿਨ ਕਾਂਸਟੇਬਲ (Constable Amritpal Singh) ਦਾ ਕਤਲ ਕਰਨ ਵਾਲੇ ਬਦਮਾਸ਼ ਜਰਨੈਲ ਸਿੰਘ ਉਰਫ਼ ਰਾਣਾ ਮਨਸੂਰਪੁਰੀਆ ਅਤੇ ਪੁਲਿਸ ਵਿਚਾਲੇ ਮੁਕਾਬਲਾ ਹੋਇਆਹੈ। ਉਸ ਨੇ ਪਿਛਲੇ ਐਤਵਾਰ (17 ਮਾਰਚ) ਨੂੰ ਮੁਕੇਰੀਆਂ ਵਿੱਚ ਇੱਕ ਮੁਕਾਬਲੇ ਦੌਰਾਨ ਸੀਨੀਅਰ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਨੂੰ ਗੋਲੀ ਮਾਰ ਦਿੱਤੀ ਸੀ। ਇਸ ਤੋਂ ਬਾਅਦ ਉਹ ਫਰਾਰ ਹੋ ਗਿਆ ਸੀ।