ਚੰਡੀਗੜ੍ਹ, 03 ,ਨਵੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ‘ਤੇ 16 ਨਵੰਬਰ ਨੂੰ ਪਿੰਡ ਸਰਾਭਾ ਵਿਖੇ ਹੋਣ ਵਾਲੀ ਭਾਰਤ ਦੀ ਸਭ ਤੋਂ ਵੱਡੀ ਮੈਗਾ ਸਾਈਕਲ ਰੈਲੀ (Mega cycle Rally) ਦਾ ਪੋਸਟਰ ਰਿਲੀਜ਼ ਕੀਤਾ ਹੈ ।ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ, ਡੀਜੀਪੀ ਗੌਰਵ ਯਾਦਵ, ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ, ਡੀਆਈਜੀ ਲੁਧਿਆਣਾ ਰੇਂਜ ਧਨਪ੍ਰੀਤ ਕੌਰ ਰੰਧਾਵਾ, ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਹੋਰ ਹਾਜ਼ਰ ਸਨ।
ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪੁਲਿਸ ਕਮਿਸ਼ਨਰੇਟ ਵੱਲੋਂ 16 ਨਵੰਬਰ ਨੂੰ ਲੁਧਿਆਣਾ ਦੇ ਪਿੰਡ ਸਰਾਭਾ ਵਿੱਚ ਦੇਸ਼ ਦੀ ਸਭ ਤੋਂ ਵੱਡੀ ਸਾਈਕਲ ਰੈਲੀ (Mega cycle Rally) ਕੀਤੀ ਜਾਵੇਗੀ, ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਪੰਜਾਬ ਵਾਸੀ ਸ਼ਮੂਲੀਅਤ ਕਰਨਗੇ।
ਉਨ੍ਹਾਂ ਕਿਹਾ ਕਿ ਪਿਛਲੇ ਮਹੀਨੇ ਪੁਲਿਸ ਕਮਿਸ਼ਨਰੇਟ ਲੁਧਿਆਣਾ ਵੱਲੋਂ ਪਿੰਡ ਡੱਲੇ ਵਿੱਚ “ਪ੍ਰੋਮਿਸ ਕ੍ਰਿਕਟ ਕੱਪ” ਕਰਵਾਇਆ ਗਿਆ ਸੀ, ਜਿੱਥੇ ਸੈਂਕੜੇ ਨੌਜਵਾਨਾਂ ਨੇ ਨਸ਼ਿਆਂ ਵਿਰੁੱਧ ਲੜਨ ਦੀ ਸਹੁੰ ਚੁੱਕੀ ਸੀ। ਉਨ੍ਹਾਂ ਦੱਸਿਆ ਕਿ ਇਸ ਪ੍ਰੋਮਿਸ ਕੱਪ ਵਿੱਚ ਕੁੱਲ 32 ਟੀਮਾਂ ਨੇ ਭਾਗ ਲਿਆ ਅਤੇ ਸਾਡੇ ਸਮਾਜ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਦਾ ਪ੍ਰਣ ਲਿਆ।
ਇਸ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਸੀ.ਪੀ ਨੇ ਦੱਸਿਆ ਕਿ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਪ੍ਰੇਰਿਤ ਕਰਨ ਲਈ ਇਹ ਸਾਈਕਲ ਰੈਲੀ ਕੱਢੀ ਜਾਵੇਗੀ।