ਚੰਡੀਗੜ੍ਹ, 26 ਸਤੰਬਰ 2025: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ‘ਚ ਹਾਲ ਹੀ ‘ਚ ਆਏ ਹੜ੍ਹਾਂ ਤੋਂ ਬਾਅਦ ਵੱਖ-ਵੱਖ ਕਸਬਿਆਂ ਅਤੇ ਸ਼ਹਿਰਾਂ ‘ਚ ਸਫਾਈ, ਰਾਹਤ ਅਤੇ ਮੁੜ ਵਸੇਬੇ ਦੇ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲਿਆ ਹੈ।
ਸੀਐੱਮ ਭਗਵੰਤ ਮਾਨ ਨੇ ਸ਼ਹਿਰੀ ਸਥਾਨਕ ਸੰਸਥਾਵਾਂ (ਯੂ.ਐਲ.ਬੀ.) ਦੇ ਕਮਿਸ਼ਨਰਾਂ ਨਾਲ ਵਰਚੁਅਲ ਬੈਠਕ ਦੌਰਾਨ ਕਿਹਾ ਕਿ ਪੰਜਾਬ ਦੇ ਕਈ ਜ਼ਿਲ੍ਹੇ ਰਾਵੀ, ਬਿਆਸ, ਸਤਲੁਜ ਅਤੇ ਘੱਗਰ ਵਰਗੀਆਂ ਨਦੀਆਂ ਦੇ ਨਾਲ-ਨਾਲ ਸਹਾਇਕ ਨਦੀਆਂ ‘ਚ ਹੜ੍ਹਾਂ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਅਗਸਤ ਦੇ ਅਖੀਰ ਅਤੇ ਸਤੰਬਰ ਦੇ ਸ਼ੁਰੂ ‘ਚ ਤੇਜ਼ ਮੀਂਹ ਕਾਰਨ ਕਈ ਕਸਬਿਆਂ ‘ਚ ਭਾਰੀ ਹੜ੍ਹ ਆਏ ਅਤੇ ਪਾਣੀ ਭਰ ਗਿਆ ਸੀ। ਪ੍ਰਭਾਵਿਤ ਸ਼ਹਿਰੀ ਖੇਤਰਾਂ ‘ਚ ਸਾਫ਼-ਸਫਾਈ, ਪੀਣ ਯੋਗ ਪਾਣੀ ਦੀ ਸਪਲਾਈ ਅਤੇ ਸਿਹਤ ਸਬੰਧੀ ਸਾਵਧਾਨੀਆਂ ਵਰਤਣ ਦੀ ਫੌਰੀ ਲੋੜ ‘ਤੇ ਦਿੱਤਾ।
ਮੁੱਖ ਮੰਤਰੀ ਮਾਨ ਨੇ ਪਾਣੀ ਨਾਲ ਭਰੇ ਇਲਾਕਿਆਂ ‘ਚ ਗਾਰ, ਰੇਤ ਅਤੇ ਹੋਰ ਮਲਬੇ ਦੇ ਜਮ੍ਹਾਂ ਹੋਣ ਦਾ ਜ਼ਿਕਰ ਕਰਦੇ ਹੋਏ ਅਧਿਕਾਰੀਆਂ ਨੂੰ ਵਿਸ਼ੇਸ਼ ਸਫਾਈ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਨੇ ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਆਪਣੇ ਮੌਜੂਦਾ ਅਮਲੇ ਦੀ ਵਰਤੋਂ ਕਰਨ ਅਤੇ ਇਸ ਨੇਕ ਕਾਰਜ ਲਈ ਸਮਰਪਿਤ ਟੀਮਾਂ ਬਣਾਉਣ ਦੇ ਨਿਰਦੇਸ਼ ਦਿੱਤੇ। ਭਗਵੰਤ ਮਾਨ ਨੇ ਡੇਂਗੂ, ਮਲੇਰੀਆ ਵਰਗੀਆਂ ਬਰਸਾਤੀ ਮੌਸਮ ਵਾਲੀਆਂ ਬਿਮਾਰੀਆਂ ਦੇ ਫੈਲਾਅ ਨੂੰ ਕੰਟਰੋਲ ਕਰਨ ਲਈ ਵੱਡੇ ਪੱਧਰ ‘ਤੇ ਫੌਗਿੰਗ ਕਰਵਾਉਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।
ਮੁੱਖ ਮੰਤਰੀ ਮਾਨ ਨੇ ਇੰਜੀਨੀਅਰਿੰਗ ਸਟਾਫ ਨੂੰ ਨੁਕਸਾਨੀਆਂ ਜਨਤਕ ਜਾਇਦਾਦਾਂ ਅਤੇ ਨਿੱਜੀ ਜਾਇਦਾਦਾਂ, ਜਿਸ ‘ਚ ਮਕਾਨ, ਦੁਕਾਨਾਂ ਅਤੇ ਹੋਰ ਢਾਂਚੇ ਸ਼ਾਮਲ ਹਨ, ਉਨ੍ਹਾਂ ਦਾ ਤੁਰੰਤ ਸਰਵੇਖਣ ਕਰਨ ਦਾ ਵੀ ਸੱਦਾ ਦਿੱਤਾ। ਉਨ੍ਹਾਂ ਨੇ ਨਿਰਦੇਸ਼ ਦਿੱਤੇ ਕਿ ਸਰਵੇਖਣ ਰਿਪੋਰਟ ਡਿਪਟੀ ਕਮਿਸ਼ਨਰਾਂ ਨੂੰ ਦਿੱਤੀ ਜਾਵੇ ਤਾਂ ਜੋ ਢੁਕਵੀਂ ਰਾਹਤ ਅਤੇ ਮੁਆਵਜ਼ੇ ਲਈ ਪੰਜਾਬ ਸਰਕਾਰ ਨੂੰ ਅੱਗੇ ਭੇਜਿਆ ਜਾ ਸਕੇ। ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਜਲ ਸਪਲਾਈ ਸਕੀਮਾਂ, ਸਟਰੀਟ ਲਾਈਟਾਂ, ਸੀਵਰੇਜ ਟ੍ਰੀਟਮੈਂਟ ਪਲਾਂਟਾਂ (ਐਸ.ਟੀ.ਪੀ.) ਅਤੇ ਖਰਾਬ ਹੋਈਆਂ ਸੜਕਾਂ ਦੀ ਮੁਰੰਮਤ ਦਾ ਕੰਮ ਤੁਰੰਤ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਪੱਸ਼ਟ ਕੀਤਾ ਕਿ ਸੜਕਾਂ ਦੀ ਮੁਰੰਮਤ ‘ਚ ਤੇਜ਼ੀ ਲਿਆਉਣ ਜਾਂ ਖੱਡੇ ਭਰਨ ਦਾ ਕੰਮ ਮੌਨਸੂਨ ਸੀਜ਼ਨ ਖਤਮ ਹੋਣ ਤੋਂ ਬਾਅਦ ਹੀ ਸ਼ੁਰੂ ਹੋਣਾ ਚਾਹੀਦਾ ਹੈ।
ਮੁੱਖ ਮੰਤਰੀ ਮਾਨ ਨੇ ਸਾਰੀਆਂ ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਤਰਜੀਹ ਦੇ ਅਧਾਰ ‘ਤੇ ਲੋੜੀਂਦੇ ਕੰਮਾਂ ਦੀ ਸੂਚੀ ਤਿਆਰ ਕਰਨ, ਸਮਾਂ-ਸੀਮਾ ਨਿਰਧਾਰਤ ਕਰਨ ਅਤੇ ਹਰੇਕ ਕੰਮ ਲਈ ਜ਼ਿੰਮੇਵਾਰ ਅਧਿਕਾਰੀ ਨਿਯੁਕਤ ਕਰਨ ਲਈ ਕਿਹਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਨਤਕ ਫੰਡਾਂ ਦੀ ਸਮਝਦਾਰੀ ਨਾਲ ਵਰਤੋਂ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਨੇ ਸਥਾਨਕ ਸੰਸਥਾਵਾਂ ਨੂੰ ਰਾਹਤ ਅਤੇ ਮੁੜ ਵਸੇਬੇ ਦੇ ਕਾਰਜਾਂ ‘ਚ ਲੋਕਾਂ ਦੀ ਭਾਈਵਾਲੀ ਨੂੰ ਲਾਮਬੰਦ ਕਰਨ ਲਈ ਸਥਾਨਕ ਯੂਥ ਕਲੱਬਾਂ, ਐਨ.ਜੀ.ਓ. ਅਤੇ ਸਮਾਜਿਕ ਸੰਗਠਨਾਂ ਨੂੰ ਸ਼ਾਮਲ ਕਰਨ ਦੀ ਵੀ ਅਪੀਲ ਕੀਤੀ।
ਮੁੱਖ ਮੰਤਰੀ ਮਾਨ ਨੇ ਨਿਰਦੇਸ਼ ਦਿੱਤੇ ਕਿ ਰਾਹਤ ਅਤੇ ਪੁਨਰਵਾਸ ਗਤੀਵਿਧੀਆਂ ਦੇ ਤਾਲਮੇਲ ‘ਚ ਸਹਾਇਤਾ ਲਈ ਵੱਖ-ਵੱਖ ਸ਼ਹਿਰੀ ਜ਼ੋਨਾਂ, ਖਾਸ ਕਰਕੇ ਵੱਡੇ ਕਸਬਿਆਂ ਲਈ ਨੋਡਲ ਅਫਸਰ ਨਿਯੁਕਤ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸੰਚਾਰ ਅਤੇ ਸਹਾਇਤਾ ਲਈ ਇਨ੍ਹਾਂ ਨੋਡਲ ਅਫਸਰਾਂ ਦੇ ਨਾਮ ਅਤੇ ਸੰਪਰਕ ਨੰਬਰ ਸ਼ਹਿਰ ਵਾਸੀਆਂ ਨਾਲ ਸਾਂਝੇ ਕੀਤੇ ਜਾਣੇ ਚਾਹੀਦੇ ਹਨ। ਭਗਵੰਤ ਸਿੰਘ ਮਾਨ ਨੇ ਚੱਲ ਰਹੇ ਰਾਹਤ ਅਤੇ ਪੁਨਰਵਾਸ ਯਤਨਾਂ ਦੀ ਰਿਪੋਰਟਿੰਗ ਅਤੇ ਤਸਦੀਕ ਵਿੱਚ ਸਹਾਇਤਾ ਲਈ ਪੈਸਕੋ ਦੇ ਸਾਬਕਾ ਸੈਨਿਕਾਂ ਨੂੰ ਸ਼ਾਮਲ ਕਰਨ ਦੀ ਮਹੱਤਤਾ ‘ਤੇ ਵੀ ਚਾਨਣਾ ਪਾਇਆ।
ਮੁੱਖ ਮੰਤਰੀ ਮਾਨ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਕਮਿਸ਼ਨਰਾਂ ਨੂੰ ਉਨ੍ਹਾਂ ਦੇ ਸਬੰਧਤ ਨਗਰ ਨਿਗਮਾਂ ਵਿੱਚ ਅਜਿਹੀਆਂ ਸਾਰੀਆਂ ਗਤੀਵਿਧੀਆਂ ਲਈ ਜਵਾਬਦੇਹ ਬਣਾਇਆ ਜਾਵੇਗਾ। ਇਸੇ ਤਰ੍ਹਾਂ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ/ਜਨਰਲ) ਆਪਣੇ ਜ਼ਿਲ੍ਹਿਆਂ ‘ਚ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੁਆਰਾ ਕੀਤੇ ਨੁਕਸਾਨ ਦੀ ਰਿਪੋਰਟਿੰਗ ਅਤੇ ਮੁੜ ਵਸੇਬੇ ਦੇ ਕਾਰਜਾਂ ਦੀ ਨਿਗਰਾਨੀ ਕਰਨਗੇ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਯਤਨਾਂ ‘ਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਜਾਂ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਦੌਰਾਨ ਕੈਬਨਿਟ ਮੰਤਰੀ ਡਾ. ਰਵਜੋਤ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਹੋਰ ਵੀ ਮੌਜੂਦ ਸਨ।
Read More: ਪੰਜਾਬ ਵਿਧਾਨ ਸਭਾ ‘ਚ ਹੜ੍ਹਾਂ ਦੌਰਾਨ ਜਾਨ ਗਵਾਉਣ ਵਾਲੇ 59 ਨਾਗਰਿਕਾਂ ਨੂੰ ਸ਼ਰਧਾਂਜਲੀ ਭੇਂਟ