ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ

CM ਭਗਵੰਤ ਮਾਨ ਨੇ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਪ੍ਰਬੰਧਾਂ ਦਾ ਲਿਆ ਜਾਇਜ਼ਾ, ਲੋਗੋ ਜਾਰੀ

ਚੰਡੀਗੜ੍ਹ, 11 ਫਰਵਰੀ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 13-15 ਮਾਰਚ, 2026 ਨੂੰ ਮੋਹਾਲੀ ਵਿਖੇ ਹੋਣ ਵਾਲੇ “ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ” ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਇਸਨੂੰ ਇੱਕ ਫੈਸਲਾਕੁੰਨ ਕਦਮ ਦੱਸਿਆ ਜੋ ਸੂਬੇ ‘ਚ ਉਦਯੋਗਿਕ ਵਿਕਾਸ ਨੂੰ ਉੱਚਾ ਚੁੱਕੇਗਾ।

ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “13-15 ਮਾਰਚ, 2026 ਨੂੰ ਮੋਹਾਲੀ ਵਿਖੇ ਹੋਣ ਵਾਲਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਸੂਬੇ ‘ਚ ਉਦਯੋਗਿਕ ਤਰੱਕੀ ਨੂੰ ਵੱਡਾ ਹੁਲਾਰਾ ਦੇਵੇਗਾ। ਪੰਜਾਬ ਪਹਿਲਾਂ ਹੀ ਵਿਸ਼ਵ ਪੱਧਰ ‘ਤੇ ਨਿਵੇਸ਼ ਲਈ ਇੱਕ ਪਸੰਦੀਦਾ ਸਥਾਨ ਵਜੋਂ ਉਭਰਿਆ ਹੈ।

ਮੁੱਖ ਮੰਤਰੀ ਨੇ ਕਿਹਾ, “ਅੰਤਰਰਾਸ਼ਟਰੀ ਉਦਯੋਗਿਕ ਆਗੂਆਂ ਨਾਲ ਵਿਆਪਕ ਵਿਚਾਰ-ਵਟਾਂਦਰੇ ਤੋਂ ਬਾਅਦ, ਸੂਬੇ ਦੇ ਉਦਯੋਗ ਲਈ ਇੱਕ ਉਦਯੋਗ-ਅਨੁਕੂਲ ਕਾਰਜ ਯੋਜਨਾ ਤਿਆਰ ਕਰਨ ਲਈ ਇੱਕ ਸਹਿਮਤੀ ਵਿਕਸਤ ਕੀਤੀ ਜਾਵੇਗੀ | ਉਨ੍ਹਾਂ ਨੇ ਪੰਜਾਬੀਆਂ ਦੇ ਮੋਹਰੀ ਗੁਣਾਂ ਅਤੇ ਉੱਦਮੀ ਭਾਵਨਾ ਦੀ ਪ੍ਰਸ਼ੰਸਾ ਕੀਤੀ |

ਕਾਨਫਰੰਸ ਦੇ ਥੀਮ ਨੂੰ ਉਜਾਗਰ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੰਮੇਲਨ ‘ਪੰਜਾਬ ਮੀਨਜ਼ ਬਿਜ਼ਨਸ–ਪਾਲਿਸੀ-ਟੂ-ਪ੍ਰੈਕਟਿਸ’ (ਪੰਜਾਬ ਮਤਲਬ ਕਾਰੋਬਾਰ-ਨੀਤੀ ਤੋਂ ਅਮਲ) ਦੇ ਵਿਸ਼ੇ ‘ਤੇ ਆਧਾਰਤ ਹੋਵੇਗਾ।” ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਗੁਰੂਗ੍ਰਾਮ, ਨਵੀਂ ਦਿੱਲੀ, ਚੇਨਈ, ਬੰਗਲੁਰੂ, ਹੈਦਰਾਬਾਦ, ਮੁੰਬਈ ਅਤੇ ਜਾਪਾਨ ਅਤੇ ਦੱਖਣੀ ਕੋਰੀਆ ਵਰਗੇ ਦੇਸ਼ਾਂ ਵਿੱਚ ਰੋਡ ਸ਼ੋਅ ਆਯੋਜਿਤ ਕਰ ਚੁੱਕੀ ਹੈ। ਉਨ੍ਹਾਂ ਨੇ ਕਿਹਾ, “ਕਾਨਫਰੰਸ ਦੌਰਾਨ ਮੁੱਖ ਸੈਸ਼ਨਾਂ ‘ਚ ਉਦਘਾਟਨ, ਸਮਾਪਤੀ, ਦੇਸ਼ ਸੈਸ਼ਨ, ਪਲੈਨਰੀ ਸੈਸ਼ਨ ਅਤੇ ਸੈਕਟਰਲ ਸੈਸ਼ਨ ਸ਼ਾਮਲ ਹੋਣਗੇ।”

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਨਿਵੇਸ਼ਕ ਸੰਮੇਲਨ ਦੇਸ਼ ਭਰ ‘ਚ ਵੱਧ ਤੋਂ ਵੱਧ ਰਿਆਇਤਾਂ ਦੀ ਪੇਸ਼ਕਸ਼ ਕਰਕੇ ਰਾਜ ‘ਚ ਨਿਵੇਸ਼ ਦੇ ਮੌਕਿਆਂ ਨੂੰ ਪ੍ਰਦਰਸ਼ਿਤ ਕਰਨ ਲਈ ਇੱਕ ਪਲੇਟਫਾਰਮ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ, “ਪੰਜਾਬ ਸਰਕਾਰ ਨੂੰ ਇਸ ਵਿਆਪਕ ਸਮਾਗਮ ‘ਚ ਹਿੱਸਾ ਲੈਣ ਲਈ ਨਾ ਸਿਰਫ਼ ਭਾਰਤ ‘ਚ ਸਗੋਂ ਦੁਨੀਆ ਭਰ ਦੇ ਉਦਯੋਗਿਕ ਦਿੱਗਜਾਂ ਤੋਂ ਭਾਰੀ ਸਮਰਥਨ ਮਿਲਿਆ ਹੈ।

ਮੁੱਖ ਮੰਤਰੀ ਨੇ ਕਿਹਾ, “ਪੰਜਾਬ ਸਰਕਾਰ ਨੇ ਪੰਜਾਬ ਨੂੰ ਨਾ ਸਿਰਫ਼ ਦੇਸ਼ ‘ਚ ਸਗੋਂ ਵਿਸ਼ਵ ਪੱਧਰ ‘ਤੇ ਇੱਕ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਵਿਲੱਖਣ ਪਹਿਲਕਦਮੀਆਂ ਕੀਤੀਆਂ ਹਨ।” ਉਨ੍ਹਾਂ ਸੰਭਾਵੀ ਉੱਦਮੀਆਂ ਨੂੰ ਸੂਬੇ ‘ਚ ਵੱਡੇ ਪੱਧਰ ‘ਤੇ ਨਿਵੇਸ਼ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, “ਰਾਜ ਸਰਕਾਰ ਪੰਜਾਬ ‘ਚ ਨਿਵੇਸ਼ ਅਤੇ ਉਦਯੋਗਿਕ ਬੁਨਿਆਦੀ ਢਾਂਚੇ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ ਅਤੇ ਸੂਬਾ ਸਰਕਾਰ ਦੇ ਯਤਨਾਂ ਸਦਕਾ ਹੁਣ ਤੱਕ 1.50 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ, ਜਿਸ ਨਾਲ ਨੌਜਵਾਨਾਂ ਲਈ 5.20 ਲੱਖ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ।”

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, “ਟਾਟਾ ਸਟੀਲ, ਸਨਾਤਨ ਟੈਕਸਟਾਈਲ ਅਤੇ ਹੋਰ ਵੱਡੀਆਂ ਕੰਪਨੀਆਂ ਨੇ ਸੂਬੇ ਵਿੱਚ ਨਿਵੇਸ਼ ਕਰਨ ਵਿੱਚ ਦਿਲਚਸਪੀ ਦਿਖਾਈ ਹੈ।” ਉਨ੍ਹਾਂ ਕਿਹਾ ਕਿ ਸੂਬਾ ਸਰਕਾਰ 13 ਤੋਂ 15 ਮਾਰਚ ਤੱਕ ਮੋਹਾਲੀ ‘ਚ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਦਾ ਆਯੋਜਨ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ, “ਪੰਜਾਬ ਸਰਕਾਰ ਨੇ ਉਦਯੋਗਿਕ ਪ੍ਰੋਜੈਕਟਾਂ ਲਈ ਰੈਗੂਲੇਟਰੀ ਪ੍ਰਵਾਨਗੀਆਂ ਦੇ ਤੇਜ਼ ਅਤੇ ਨਿਰਵਿਘਨ ਜਾਰੀਕਰਨ ਨੂੰ ਯਕੀਨੀ ਬਣਾਉਣ ਲਈ ਵਿਕਰੀ ਡੀਡਾਂ ਦੀ ਰਜਿਸਟ੍ਰੇਸ਼ਨ ‘ਚ ਹਰਾ ਸਟੈਂਪ ਪੇਪਰ ਪੇਸ਼ ਕੀਤਾ ਹੈ।” ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਇਕਲੌਤਾ ਸੂਬਾ ਹੈ ਜਿਸ ਕੋਲ ਉਦਯੋਗ-ਅਨੁਕੂਲ ਵਾਤਾਵਰਣ ਹੈ ਅਤੇ ਸਥਾਨਕ ਉਦਯੋਗਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਪੂਰੀ ਤਰ੍ਹਾਂ ਸਮਰੱਥ ਅਤੇ ਹੁਨਰਮੰਦ ਸਟਾਫ ਹੈ। ਬਿਜਲੀ ਸੁਰੱਖਿਆ ਦੀ ਮਹੱਤਤਾ ਨੂੰ ਉਜਾਗਰ ਕਰਦੇ ਹੋਏ, ਉਨ੍ਹਾਂ ਕਿਹਾ ਕਿ ਵਿਕਾਸ ਲਈ ਬਿਜਲੀ ਸੁਰੱਖਿਆ ਬਹੁਤ ਜ਼ਰੂਰੀ ਹੈ ਅਤੇ ਇਸ ਲਈ ਸੂਬਾ ਸਰਕਾਰ ਪੰਜਾਬ ਵਿੱਚ ਵੱਧ ਤੋਂ ਵੱਧ ਬਿਜਲੀ ਉਤਪਾਦਨ ਲਈ ਹਰ ਸੰਭਵ ਯਤਨ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਨਿਵੇਸ਼ ਨੂੰ ਵਧਾਉਣ ਲਈ ਸੂਬੇ ‘ਚ ਕੀਤੇ ਜਾ ਰਹੇ ਇਸ ਮੈਗਾ ਈਵੈਂਟ ‘ਚ ਦੇਸ਼ ਅਤੇ ਦੁਨੀਆ ਭਰ ਦੀਆਂ ਮੋਹਰੀ ਕੰਪਨੀਆਂ ਦੇ ਪ੍ਰਤੀਨਿਧੀਆਂ ਦੇ ਹਿੱਸਾ ਲੈਣ ਦੀ ਸੰਭਾਵਨਾ ਹੈ। ਭਗਵੰਤ ਸਿੰਘ ਮਾਨ ਨੇ ਸੀਨੀਅਰ ਅਧਿਕਾਰੀਆਂ ਦੇ ਨਾਲ ਕਾਨਫਰੰਸ ਦੇ ਸਫਲ ਸਮਾਪਨ ਨੂੰ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਕਿਹਾ ਕਿ ਉਦਯੋਗ ਦੇ ਵੱਖ-ਵੱਖ ਪਹਿਲੂਆਂ ‘ਤੇ ਪ੍ਰਦਰਸ਼ਨੀਆਂ, ਸੈਮੀਨਾਰਾਂ ਅਤੇ ਤਕਨੀਕੀ ਸੈਸ਼ਨਾਂ ਤੋਂ ਇਲਾਵਾ, ਉਦਯੋਗਿਕ ਖੇਤਰ ‘ਚ ਉੱਭਰ ਰਹੀਆਂ ਤਕਨਾਲੋਜੀਆਂ ਅਤੇ ਰਣਨੀਤੀਆਂ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।

ਇਸ ਤੋਂ ਪਹਿਲਾਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਨਫਰੰਸ ਦਾ ਲੋਗੋ ਜਾਰੀ ਕੀਤਾ। ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਉਦਯੋਗ ਅਤੇ ਵਪਾਰ ਮੰਤਰੀ ਸੰਜੀਵ ਅਰੋੜਾ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Read More: ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ 13 ਖੇਤੀਬਾੜੀ ਸਬ-ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਵਿਦੇਸ਼

Scroll to Top