ਫਿਰੋਜ਼ਪੁਰ, 28 ਅਗਸਤ 2025: ਪੰਜਾਬ ਵਿੱਚ ਲਗਾਤਾਰ ਪੈ ਰਹੇ ਮੀਂਹ ਅਤੇ ਦਰਿਆਵਾਂ ਦੇ ਪਾਣੀ ਦੇ ਪੱਧਰ ਵਧਣ ਕਾਰਨ ਕਈ ਜ਼ਿਲ੍ਹਿਆਂ ‘ਚ ਹੜ੍ਹਾਂ ਦਾ ਸੰਕਟ ਹੋਰ ਡੂੰਘਾ ਹੋ ਗਿਆ ਹੈ। ਪੰਜਾਬ ਸਰਕਾਰ ਲਗਾਤਾਰ ਸਥਿਤੀ ‘ਤੇ ਨਜ਼ਰ ਰੱਖ ਰਹੀ ਹੈ ਅਤੇ ਪ੍ਰਭਾਵਿਤ ਇਲਾਕਿਆਂ ‘ਚ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅੱਜ ਫਿਰੋਜ਼ਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ।
ਜਿਕਰਯੋਗ ਹੈ ਕਿ ਮੁੱਖ ਮੰਤਰੀ ਦੇ ਦੌਰੇ ਦਾ ਮਕਸਦ ਸਥਾਨਕ ਲੋਕਾਂ ਨੂੰ ਮਿਲਣਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਅਤੇ ਰਾਹਤ ਕਾਰਜਾਂ ਦੀ ਸਥਿਤੀ ਦਾ ਜਾਇਜ਼ਾ ਲੈਣਾ ਹੈ। ਉਹ ਉਨ੍ਹਾਂ ਰਾਹਤ ਕੇਂਦਰਾਂ ਦਾ ਵੀ ਦੌਰਾ ਕਰਨਗੇ, ਜਿੱਥੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੇ ਅਸਥਾਈ ਪਨਾਹ ਲਈ ਹੈ। ਮੰਨਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਮਾਨ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸਥਾਨਕ ਪ੍ਰਤੀਨਿਧੀਆਂ ਨਾਲ ਬੈਠਕ ਕਰਕੇ ਰਾਹਤ ਸਮੱਗਰੀ ਵੰਡ, ਡਾਕਟਰੀ ਸਹੂਲਤਾਂ ਅਤੇ ਬਚਾਅ ਕਾਰਜਾਂ ਦੀ ਪ੍ਰਗਤੀ ਬਾਰੇ ਚਰਚਾ ਕਰਨਗੇ।
ਹੜ੍ਹ ਕਾਰਨ ਫਿਰੋਜ਼ਪੁਰ ਅਤੇ ਆਸ ਪਾਸ ਦੇ ਪਿੰਡਾਂ ‘ਚ ਕਈ ਘਰ ਪਾਣੀ ‘ਚ ਡੁੱਬ ਗਏ ਹਨ, ਜਿਸ ਕਾਰਨ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਜਾਣਾ ਪਿਆ। ਖੇਤਾਂ ‘ਚ ਖੜ੍ਹੀਆਂ ਫਸਲਾਂ ਤਬਾਹ ਹੋ ਰਹੀਆਂ ਹਨ ਅਤੇ ਪਿੰਡ ਵਾਸੀਆਂ ਨੂੰ ਪਸ਼ੂਆਂ ਨੂੰ ਬਚਾਉਣ ‘ਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਸਰਕਾਰ ਨੇ ਪਹਿਲਾਂ ਹੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਪ੍ਰਭਾਵਿਤ ਪਰਿਵਾਰਾਂ ਨੂੰ ਖਾਣ-ਪੀਣ ਦੀਆਂ ਵਸਤਾਂ, ਦਵਾਈਆਂ ਅਤੇ ਸੁਰੱਖਿਅਤ ਆਸਰਾ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।
Read More: ਫਾਜ਼ਿਲਕਾ ਦੇ ਪਿੰਡ ‘ਚ ਰਾਹਤ ਸਮੱਗਰੀ ਲੈ ਕੇ ਪਹੁੰਚੇ ਕੈਬਿਨਟ ਮੰਤਰੀ ਡਾ. ਬਲਜੀਤ ਕੌਰ