ਚੰਡੀਗੜ੍ਹ, 14 ਜੂਨ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦਾ ਦੌਰਾ ਕਰਨਗੇ। ਇੱਥੇ ਉਹ ਸ਼ਾਮ 7 ਵਜੇ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ (Nitin Gadkari) ਨਾਲ ਮੁਲਾਕਾਤ ਕਰਨਗੇ। ਮੁੱਖ ਮੰਤਰੀ ਉਨ੍ਹਾਂ ਨਾਲ ਪੰਜਾਬ ਦੇ ਸੜਕੀ ਪ੍ਰਾਜੈਕਟਾਂ ਸਮੇਤ ਹੋਰ ਮੁੱਦਿਆਂ ‘ਤੇ ਚਰਚਾ ਕਰਨਗੇ। ਕੇਂਦਰ ਵੱਲੋਂ ਪੰਜਾਬ ਨੂੰ ਰੋਕੇ ਗਏ ਫੰਡਾਂ ਬਾਰੇ ਵੀ ਚਰਚਾ ਕੀਤੀ ਜਾ ਸਕਦੀ ਹੈ।
ਇਸ ਤੋਂ ਪਹਿਲਾਂ ਵੀ ਭਗਵੰਤ ਮਾਨ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰੀ ਊਰਜਾ ਮੰਤਰੀ ਆਰ.ਕੇ ਸਿੰਘ ਅਤੇ ਹੋਰਨਾਂ ਨਾਲ ਮੁਲਾਕਾਤ ਕਰ ਚੁੱਕੇ ਹਨ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਕੇਂਦਰ ਸਰਕਾਰ ਨੂੰ ਪੱਤਰ ਵੀ ਲਿਖਿਆ ਹੈ। ਪਰ ਪੰਜਾਬ ਸਰਕਾਰ ਨੂੰ ਅਜੇ ਤੱਕ ਆਰਡੀਐਫ ਅਤੇ ਐਨਐਚਐਮ ਤੋਂ ਰੋਕੇ ਫੰਡਾਂ ਦਾ ਜਵਾਬ ਨਹੀਂ ਮਿਲਿਆ ਹੈ।
ਦੂਜੇ ਪਾਸੇ ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਵੀਆ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਸਰਕਾਰ ਨੇ ਕੇਂਦਰੀ ਸਕੀਮ ਦੇ ਤੰਦਰੁਸਤੀ ਫੰਡ ਦੀ ਵਰਤੋਂ ਮੁਹੱਲਾ ਕਲੀਨਿਕ ਵਿੱਚ ਕੀਤੀ ਹੈ। ਅਜਿਹੇ ਵਿੱਚ ਜਦੋਂ ਕੇਂਦਰ ਸਰਕਾਰ ਦੀ ਇਸ ਸਕੀਮ ਨੂੰ ਪੰਜਾਬ ਸਰਕਾਰ ਨੇ ਬੰਦ ਕਰ ਦਿੱਤਾ ਹੈ ਤਾਂ ਐਨਐਚਐਮ ਫੰਡ ਦੀ ਕੋਈ ਤੁਕ ਨਹੀਂ ਬਣਦੀ।