ਚੰਡੀਗੜ੍ਹ,15 ਜੂਨ 2023: ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਅੱਜ ਕਰੀਬ 2:30 ਵਜੇ ਦਿੱਲੀ ਵਿਖੇ ਕੇਂਦਰੀ ਮੰਤਰੀ ਹਰਦੀਪ ਪੁਰੀ ਨਾਲ ਮੁਲਾਕਾਤ ਕਰਨਗੇ | ਇਸ ਦੌਰਾਨ ਮੁੱਖ ਮੰਤਰੀ ਪੰਜਾਬ ਦੇ ਕਈ ਸ਼ਹਿਰਾਂ ਨੂੰ ਸਮਾਰਟ ਸਿਟੀ ਪ੍ਰਾਜੈਕਟ ਨਾਲ ਜੋੜਨ ਸਣੇ ਕਈ ਮੁੱਦਿਆਂ ‘ਤੇ ਚਰਚਾ ਕਰਨਗੇ | ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੂੰ ਜਲੰਧਰ-ਹੁਸ਼ਿਆਰਪੁਰ ਰੋਡ ਖਾਸ ਕਰਕੇ ਆਦਮਪੁਰ ਫਲਾਈਓਵਰ ਦਾ ਕੰਮ ਪੂਰਾ ਕਰਨ ਲਈ ਦਖਲ ਦੇਣ ਲਈ ਕਿਹਾ। ਮੁੱਖ ਮੰਤਰੀ (Bhagwant Mann) ਨੇ ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਸਮੇਤ ਇੱਥੇ ਨਿਤਿਨ ਗਡਕਰੀ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ।
ਮੁੱਖ ਮੰਤਰੀ ਨੇ ਗਡਕਰੀ ਨੂੰ ਉਸ ਪ੍ਰਾਜੈਕਟ ਬਾਰੇ ਜਾਣੂੰ ਕਰਵਾਇਆ, ਜੋ ਲੰਬੇ ਸਮੇਂ ਤੋਂ ਲਟਕ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਨੂੰ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਣਾ ਚਾਹੀਦਾ ਹੈ। ਇਸ ਮੰਗ ਨੂੰ ਪ੍ਰਵਾਨ ਕਰਦਿਆਂ ਕੇਂਦਰੀ ਮੰਤਰੀ ਨੇ ਭਗਵੰਤ ਮਾਨ ਨੂੰ ਭਰੋਸਾ ਦਿਵਾਇਆ ਕਿ ਇਸ ਪ੍ਰਾਜੈਕਟ ਨੂੰ ਜਲਦੀ ਹੀ ਪੂਰਾ ਕਰ ਲਿਆ ਜਾਵੇਗਾ ਅਤੇ ਉਹ ਕੰਮ ਦੀ ਰਫ਼ਤਾਰ ਦੀ ਖ਼ੁਦ ਨਿਗਰਾਨੀ ਕਰਨਗੇ।