ਚੰਡੀਗੜ੍ਹ, 24 ਨਵੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਰਾਜਪਾਲ (Punjab Governor) ਬਨਵਾਰੀ ਲਾਲ ਪੁਰੋਹਿਤ ਵਿਚਕਾਰ ਇੱਕ ਵਾਰ ਫਿਰ ਪੱਤਰ ਵਿਹਾਰ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਮੁੱਖ ਮੰਤਰੀ ਮਾਨ ਨੇ ਜਿੱਥੇ ਸੁਪਰੀਮ ਕੋਰਟ ਦੇ ਫੈਸਲੇ ਦਾ ਹਵਾਲਾ ਦੇ ਕੇ 5 ਬਿੱਲਾਂ (bills) ਨੂੰ ਮਨਜ਼ੂਰੀ ਦੇਣ ਦੀ ਗੱਲ ਆਖੀ ਹੈ | ਉਥੇ ਹੀ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵੀ ਉਸੇ ਫੈਸਲੇ ਦਾ ਹਵਾਲਾ ਦਿੰਦੇ ਹੋਏ ਬਿੱਲਾਂ ‘ਤੇ ਜਲਦ ਫੈਸਲਾ ਲੈਣ ਦੀ ਗੱਲ ਕਹੀ।
ਰਾਜਪਾਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਪੱਤਰ ਦਾ ਜਵਾਬ ਦਿੰਦਿਆਂ ਕਿਹਾ ਕਿ 5 ਬਿੱਲ ਮੇਰੇ ਵਿਚਾਰ ਅਧੀਨ ਹਨ ਅਤੇ ਮਾਣਯੋਗ ਸੁਪਰੀਮ ਕੋਰਟ ਦੇ ਮਿਤੀ 10 ਨਵੰਬਰ 2023 ਦੇ ਫੈਸਲੇ ਦੇ ਮੱਦੇਨਜ਼ਰ, ਜੋ ਕਿ ਕਾਨੂੰਨ ਅਨੁਸਾਰ ਕੱਲ੍ਹ (ਵੀਰਵਾਰ) ਵੈਬਸਾਈਟ ‘ਤੇ ਅਪਲੋਡ ਕੀਤਾ ਗਿਆ ਸੀ। ਇਸ ਅਨੁਸਾਰ ਜਲਦੀ ਹੀ ਢੁੱਕਵਾਂ ਫੈਸਲਾ ਲਿਆ ਜਾਵੇਗਾ।
ਕਿਹੜੇ 5 ਬਿੱਲ ਬਕਾਇਆ:-
1. ਸਿੱਖ ਗੁਰਦੁਆਰਾ (ਸੋਧ) ਬਿੱਲ, 2023;
2. ਪੰਜਾਬ ਪੁਲਿਸ (ਸੋਧ) ਬਿੱਲ, 2023;
3. ਪੰਜਾਬ ਐਫੀਲੀਏਟਿਡ ਕਾਲਜ (ਸੇਵਾ ਦੀ ਸੁਰੱਖਿਆ) (ਸੋਧ) ਬਿੱਲ, 2023;
4. ਪੰਜਾਬ ਯੂਨੀਵਰਸਿਟੀ ਕਾਨੂੰਨ (ਸੋਧ) ਬਿੱਲ, 2023; ਅਤੇ
5. ਪੰਜਾਬ ਰਾਜ ਵਿਜੀਲੈਂਸ ਕਮਿਸ਼ਨ (ਰਿਪੀਲ) ਬਿੱਲ, 2022
ਮੁੱਖ ਮੰਤਰੀ ਮਾਨ ਨੇ ਆਪਣੇ ਪੱਤਰ ਵਿਚ ਮੰਗ ਕਰਦਿਆਂ ਕਿਹਾ ਕਿ ਸੁਪਰੀਮ ਕੋਰਟ ਆਫ਼ ਇੰਡੀਆ ਦੇ ਮਿਤੀ 10 ਅਕਤੂਬਰ 2023 ਦੇ ਹੁਕਮਾਂ ਵਿਚ ਸਪੱਸ਼ਟ ਸੰਵਿਧਾਨਕ ਜ਼ਿੰਮੇਵਾਰੀ ਅਤੇ ਲੋਕਤੰਤਰ ਦੀ ਭਾਵਨਾ ਨੂੰ ਧਿਆਨ ਵਿਚ ਰੱਖਦੇ ਹੋਏ ਕਿਹਾ ਗਿਆ ਹੈ ਕਿ 5 ਬਿੱਲਾਂ (bills) ਤੁਰੰਤ ਮਨਜ਼ੂਰ ਕੀਤੇ ਜਾਣ ਦੀ ਮੰਗ ਕੀਤੀ ਹੈ |