ਚੰਡੀਗੜ੍ਹ, 13 ਮਾਰਚ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਅੱਜ ਪੁਲਿਸ ਨੂੰ ਹਦਾਇਤ ਕੀਤੀ ਕਿ ਸੂਬੇ ਵਿੱਚ ਟੈੱਟ ਦੇ ਪੇਪਰ ‘ਚ ਗੜਬੜੀਆਂ ਕਰਨ ਦੇ ਮਾਮਲੇ ਚ ਵੱਡਾ ਐਕਸ਼ਨ ਲੈਂਦਿਆਂ 24 ਘੰਟਿਆਂ ‘ਚ ਦੋ ਅਫ਼ਸਰਾਂ ਨੂੰ ਸਸਪੈਂਡ ਕਰ ਦਿੱਤਾ ਹੈ ਅਤੇ ਨਾਲ ਹੀ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੇ ਵੀ ਹੁਕਮ ਜਾਰੀ ਕਰ ਦਿੱਤੇ ਹਨ।
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੰਪਿਊਟਰ ਸਾਇੰਸ ਵਿਭਾਗ ਦੇ ਪ੍ਰੋਫੈਸਰ ਡਾ. ਹਰਦੀਪ ਸਿੰਘ ਅਤੇ ਪ੍ਰੋਫੈਸਰ, ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ ਡਾ. ਰਵਿੰਦਰ ਸਿੰਘ ਸਾਹਨੀ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੌਰਾਨ ਭਗਵੰਤ ਮਾਨ ਨੇ ਪੁਲਿਸ ਵਿਭਾਗ ਨੂੰ ਟੈੱਟ ਪ੍ਰੀਖਿਆ ਵਿੱਚ ਗੜਬੜੀਆਂ ਕਰਨ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਪੁਲਿਸ ਨੂੰ ਕਿਹਾ ਕਿ ਇਸ ਜੁਰਮ ਦੇ ਮੁਲਜ਼ਮਾਂ ਖਿ਼ਲਾਫ਼ ਮਿਸਾਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ਤਾਂ ਜੋ ਹੋਰ ਕੋਈ ਅਜਿਹਾ ਕਰਨ ਦੀ ਸੋਚੇ ਵੀ ਨਾ।
ਮੁੱਖ ਮੰਤਰੀ (Bhagwant Mann) ਨੇ ਕਿਹਾ ਕਿ ਪ੍ਰਸ਼ਨ ਪੱਤਰ ਨਾਲ ਛੇੜਛਾੜ ਕਰਨਾ ਨੌਜਵਾਨਾਂ ਦੇ ਕਰੀਅਰ ਨਾਲ ਖਿਲਵਾੜ ਹੈ, ਜਿਸ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਪੁਲਿਸ ਨੂੰ ਕਿਹਾ ਕਿ ਮੁਲਜ਼ਮਾਂ ਖਿ਼ਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਇਸ ਸਰਕਾਰ ਤੇ ਨਵੇਂ ਪੰਜਾਬ ਤੋਂ ਲੋਕਾਂ ਨੂੰ ਕਾਫ਼ੀ ਉਮੀਦਾਂ ਹਨ ਅਤੇ ਇਸ ਭਰੋਸੇ ਨੂੰ ਕਿਸੇ ਵੀ ਤਰ੍ਹਾਂ ਦੀ ਠੇਸ ਪਹੁੰਚਾਉਣ ਦੀ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਇਸ ਕੇਸ ਦੇ ਸਾਰੇ ਮੁਲਜ਼ਮ ਜਲਦੀ ਸਲਾਖਾਂ ਪਿੱਛੇ ਪੁੱਜਣ। ਭਗਵੰਤ ਮਾਨ ਨੇ ਸਪੱਸ਼ਟ ਕੀਤਾ ਕਿ ਇਸ ਮਿਆਰੀ ਇਮਤਿਹਾਨ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਕੋਈ ਵੀ ਵਿਅਕਤੀ ਭਾਵੇਂ ਉਹ ਕਿੰਨਾ ਵੀ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ, ਬਖਸ਼ਿਆ ਨਹੀਂ ਜਾਵੇਗਾ।