ਚੰਡੀਗੜ੍ਹ, 26 ਮਈ 2023: ਨੀਤੀ ਆਯੋਗ (NITI Aayog) ਦੀ ਮੀਟਿੰਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੱਲ੍ਹ ਯਾਨੀ 27 ਮਈ 2023 ਨੂੰ ਰਾਜਧਾਨੀ ਦਿੱਲੀ ਵਿੱਚ ਹੋਣ ਜਾ ਰਹੀ ਹੈ। ਇਸ ਮੀਟਿੰਗ ਵਿੱਚ ਦੇਸ਼ ਦੇ ਸਾਰੇ ਸੂਬਿਆਂ ਦੇ ਮੁੱਖ ਮੰਤਰੀ ਭਾਗ ਲੈਣਗੇ ਅਤੇ ਵੱਖ-ਵੱਖ ਮੁੱਦਿਆਂ ‘ਤੇ ਵਿਸ਼ੇਸ਼ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
ਜਦਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮੀਟਿੰਗ ਦਾ ਸਿੱਧਾ ਬਾਈਕਾਟ ਕੀਤਾ ਹੈ। ਸੀ.ਐਮ ਭਗਵੰਤ ਮਾਨ ਦੇ ਇਸ ਫੈਸਲੇ ‘ਤੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਦਰਅਸਲ ਸਿਰਸਾ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਇਕ ਵੀਡੀਓ ਸ਼ੇਅਰ ਕਰਦੇ ਹੋਏ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੀਤੀ ਆਯੋਗ ਦੀ ਮੀਟਿੰਗ ‘ਚ ਸ਼ਾਮਲ ਨਾ ਹੋਣ ਦਾ ਫੈਸਲਾ ਲੈ ਕੇ ਪੰਜਾਬ ਦੇ ਹਿੱਤਾਂ ਦੇ ਖਿਲਾਫ ਜਾ ਰਹੇ ਹਨ ਅਤੇ ਇਹ ਪੰਜਾਬ ਦੇ ਲਈ ਨੁਕਸਾਨਦੇਹ ਹੈ ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਵਾਗਡੋਰ ਭਗਵੰਤ ਮਾਨ ਦੇ ਹੱਥਾਂ ਵਿੱਚ ਹੈ ਅਤੇ ਉਨ੍ਹਾਂ ਨੂੰ ਇਹ ਸਮਝਣ ਦੀ ਲੋੜ ਹੈ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਹਨ ਨਾ ਕਿ ਅਰਵਿੰਦ ਕੇਜਰੀਵਾਲ ਦੇ ਸਹਾਇਕ, ਇਸ ਲਈ ਉਨ੍ਹਾਂ ਨੂੰ ਅਜਿਹੀਆਂ ਮੀਟਿੰਗਾਂ ਦਾ ਬਾਈਕਾਟ ਕਰਨ ਦੀ ਬਜਾਏ ਕੇਂਦਰ ਨਾਲ ਤਾਲਮੇਲ ਕਰਕੇ ਕੰਮ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਜਿਕਰਯੋਗ ਹੈ ਕਿ ਸੀ.ਐਮ ਭਗਵੰਤ ਮਾਨ ਨੇ ਪੇਂਡੂ ਵਿਕਾਸ ਫੰਡ ਲਈ ਪੰਜਾਬ ਨਾਲ ਵਿਤਕਰੇ ਦਾ ਦੋਸ਼ ਲਾਉਂਦਿਆਂ ਮੀਟਿੰਗ (NITI Aayog) ਵਿੱਚ ਸ਼ਾਮਲ ਨਾ ਹੋਣ ਦਾ ਫੈਸਲਾ ਕੀਤਾ ਹੈ।