ਮਲੇਰਕੋਟਲਾ, 31 ਮਾਰਚ 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਵੱਲੋਂ ਪੇਸ਼ ਕੀਤੇ ਗਏ ਵਕਫ਼ ਸੋਧ ਬਿੱਲ ਦਾ ਸਖ਼ਤ ਵਿਰੋਧ ਕਰੇਗੀ ਈਦ (Eid) ਦੇ ਪਵਿੱਤਰ ਤਿਉਹਾਰ ਮੌਕੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਮੁਸਲਿਮ ਭਾਈਚਾਰਾ ਇਸ ਬਿੱਲ ਦਾ ਸਖ਼ਤ ਵਿਰੋਧ ਕਰ ਰਿਹਾ ਹੈ ਅਤੇ ਆਮ ਆਦਮੀ ਪਾਰਟੀ ਇਸ ਮੁਸ਼ਕਲ ਸਮੇਂ ਵਿੱਚ ਭਾਈਚਾਰੇ ਦੇ ਨਾਲ ਖੜ੍ਹੀ ਹੈ।
ਉਨ੍ਹਾਂ ਕਿਹਾ ਕਿ ਮੁਸਲਿਮ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਲਈ, ਪਾਰਟੀ ਸੰਸਦ ਅਤੇ ਵਿਧਾਨ ਸਭਾ ਦੋਵਾਂ ਵਿੱਚ ਇਸ ਬਿੱਲ ਦਾ ਸਖ਼ਤ ਵਿਰੋਧ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਲਈ ਹਰ ਸੰਭਵ ਕਦਮ ਚੁੱਕੇਗੀ।
ਇੱਕ ਹੋਰ ਸਵਾਲ ਦੇ ਜਵਾਬ ‘ਚ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੀ ਸੰਤੁਲਿਤ ਵਰਤੋਂ ਲਈ ਵਚਨਬੱਧ ਹੈ। ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹੁਣ ਤੱਕ 15,947 ਰਜਵਾਹਿਆਂ ਨੂੰ ਮੁੜ ਸੁਰਜੀਤ ਕੀਤਾ ਗਿਆ ਹੈ, ਜਿਸ ਕਾਰਨ ਦੂਰ-ਦੁਰਾਡੇ ਦੇ ਪਿੰਡਾਂ ‘ਚ ਪਾਣੀ ਟੇਲਾਂ ਤੱਕ ਵੀ ਪਹੁੰਚਣ ਦੇ ਯੋਗ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਯਤਨ ਭੂਮੀਗਤ ਪਾਣੀ ਦੀ ਸੰਭਾਲ ਲਈ ਹੈ ਅਤੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਸਿੰਚਾਈ ਜ਼ਰੂਰਤਾਂ ਲਈ ਨਹਿਰੀ ਪਾਣੀ ਪ੍ਰਦਾਨ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ।
ਸੂਬੇ ‘ਚੋਂ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਪੁੱਟਣ ਦੇ ਯਤਨਾਂ ਸਬੰਧੀ ਸਥਾਨਕ ਈਦਗਾਹ ਵਿਖੇ ਨਮਾਜ਼ ਦੌਰਾਨ ਮੁੱਖ ਮੰਤਰੀ ਮਾਨ ਨੇ ਖੁਸ਼ੀ ਪ੍ਰਗਟ ਕੀਤੀ ਕਿ ਲੋਕ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਵੱਡੇ ਪੱਧਰ ‘ਤੇ ਸਮਰਥਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿਉਂਕਿ ਨਸ਼ਿਆਂ ਵਿਰੁੱਧ ਲੜਾਈ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਹੀ ਜਿੱਤੀ ਜਾ ਸਕਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਲੋਕਾਂ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸਹੂਲਤ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਇਸ ਦਿਸ਼ਾ ਵਿੱਚ ਸੂਬੇ ਦੀਆਂ ਸਾਰੀਆਂ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸੜਕਾਂ ਨਾ ਸਿਰਫ਼ ਯਾਤਰੀਆਂ ਦੀ ਸਹੂਲਤ ਵਧਾਉਂਦੀਆਂ ਹਨ ਬਲਕਿ ਵਸਤੂਆਂ ਅਤੇ ਸੇਵਾਵਾਂ ਦੀ ਆਸਾਨ ਉਪਲਬਧਤਾ ਨੂੰ ਵੀ ਯਕੀਨੀ ਬਣਾਉਂਦੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਿਹਤਰ ਸੜਕਾਂ ਸੂਬੇ ਦੇ ਆਰਥਿਕ ਵਿਕਾਸ ਨੂੰ ਵੀ ਹੁਲਾਰਾ ਦਿੰਦੀਆਂ ਹਨ।
ਇਸ ਦੌਰਾਨ (Eid) ਸਥਾਨਕ ਈਦਗਾਹ ਵਿਖੇ ਨਮਾਜ਼ ਅਦਾ ਕਰਨ ਤੋਂ ਬਾਅਦ ਇੱਕ ਵਿਸ਼ਾਲ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਪੰਜਾਬ ਦੇ ਮੁਸਲਿਮ ਭਰਾਵਾਂ ਨੂੰ ਈਦ ਦੇ ਵੱਡੇ ਤੋਹਫ਼ੇ ਵਜੋਂ ਇਤਿਹਾਸਕ ਕਸਬੇ ਮਲੇਰਕੋਟਲਾ ਦੇ ਸਮੁੱਚੇ ਵਿਕਾਸ ਲਈ 200 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਐਲਾਨ ਕੀਤਾ। ਭਗਵੰਤ ਮਾਨ ਨੇ ਇਸ ਪਵਿੱਤਰ ਤਿਉਹਾਰ ਦੀ ਸਾਰਿਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਰਮਜ਼ਾਨ ਦੇ ਪਵਿੱਤਰ ਮਹੀਨੇ ਦੇ ਅੰਤ ਨੂੰ ਦਰਸਾਉਂਦਾ ਹੈ, ਜੋ ਦਾਨ ਅਤੇ ਉਦਾਰਤਾ ਦੀ ਭਾਵਨਾ ਨੂੰ ਸ਼ਕਤੀ ਪ੍ਰਦਾਨ ਕਰਦਾ ਹੈ ਅਤੇ ਲੋਕਾਂ ਵਿੱਚ ਹਮਦਰਦੀ ਵਧਾਉਂਦਾ ਹੈ।
ਮੁੱਖ ਮੰਤਰੀ ਨੇ ਉਮੀਦ ਪ੍ਰਗਟ ਕੀਤੀ ਕਿ ਇਹ ਸ਼ੁਭ ਦਿਹਾੜਾ ਸਾਡੇ ਮਹਾਨ ਗੁਰੂਆਂ, ਸੰਤਾਂ ਅਤੇ ਪੀਰਾਂ ਦੁਆਰਾ ਪ੍ਰਚਾਰੇ ਗਏ ਉੱਤਮ ਮਨੁੱਖੀ ਕਦਰਾਂ-ਕੀਮਤਾਂ ਨੂੰ ਦਰਸਾਉਂਦੇ ਹੋਏ, ਭਾਈਚਾਰੇ ਅਤੇ ਸ਼ਾਂਤੀ ਦੇ ਬੰਧਨਾਂ ਨੂੰ ਹੋਰ ਮਜ਼ਬੂਤ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਤਿਉਹਾਰ ਆਪਸੀ ਸਦਭਾਵਨਾ ਨੂੰ ਵਧਾਉਂਦਾ ਹੈ ਅਤੇ ਸਾਨੂੰ ਪਿਆਰ, ਦੋਸਤੀ ਅਤੇ ਭਾਈਚਾਰੇ ਦੇ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਲੋਕਾਂ ਨੂੰ ਜਾਤ, ਧਰਮ, ਰੰਗ ਅਤੇ ਨਸਲ ਤੋਂ ਉੱਪਰ ਉੱਠ ਕੇ ਇਸ ਖੁਸ਼ੀ ਭਰੇ ਤਿਉਹਾਰ ਨੂੰ ਪੂਰੇ ਉਤਸ਼ਾਹ ਅਤੇ ਧਾਰਮਿਕ ਸ਼ਰਧਾ ਨਾਲ ਮਨਾਉਣ ਦਾ ਸੱਦਾ ਦਿੱਤਾ।
ਮੁੱਖ ਮੰਤਰੀ ਨੇ ਕਿਹਾ ਕਿ ਇਤਿਹਾਸਕ ਸ਼ਹਿਰ ਮਲੇਰਕੋਟਲਾ ਦਾ ਵਿਕਾਸ ਸੂਬਾ ਸਰਕਾਰ ਦੀ ਤਰਜੀਹ ਹੈ ਅਤੇ ਇਸਨੂੰ ‘ਮਾਡਲ ਜ਼ਿਲ੍ਹੇ’ ਵਜੋਂ ਵਿਕਸਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ, ਖਾਸ ਕਰਕੇ ਸਿੱਖ ਭਾਈਚਾਰਾ, ਮਾਲੇਰਕੋਟਲਾ ਦੇ ਨਵਾਬ ਵੱਲੋਂ ਸਰਹਿੰਦ ‘ਚ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਵਿਰੁੱਧ ਉਠਾਈ ਗਈ ਆਵਾਜ਼ ਨੂੰ ਕਦੇ ਨਹੀਂ ਭੁੱਲ ਸਕਦਾ। ਭਗਵੰਤ ਮਾਨ ਨੇ ਕਿਹਾ ਕਿ ਇਸ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਇਸ ਲਈ ਇੱਕ ਰੋਡਮੈਪ ਪਹਿਲਾਂ ਹੀ ਤਿਆਰ ਕੀਤਾ ਜਾ ਚੁੱਕਾ ਹੈ।
ਮਲੇਰਕੋਟਲਾ ਦੇ ਵਸਨੀਕਾਂ ਲਈ ਵੱਡੇ ਪ੍ਰੋਜੈਕਟਾਂ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇੱਥੇ ਜਲਦੀ ਹੀ 100 ਸੀਟਾਂ ਵਾਲਾ ਮੈਡੀਕਲ ਕਾਲਜ ਬਣਾਇਆ ਜਾਵੇਗਾ, ਜਿਸ ਨਾਲ ਇਹ ਜ਼ਿਲ੍ਹਾ ਮੈਡੀਕਲ ਸਿੱਖਿਆ ਦਾ ਕੇਂਦਰ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਮੈਡੀਕਲ ਕਾਲਜ ਦੇ ਨਾਲ-ਨਾਲ ਮਲੇਰਕੋਟਲਾ ਵਿੱਚ 200 ਬਿਸਤਰਿਆਂ ਵਾਲਾ ਸੁਪਰ ਸਪੈਸ਼ਲਿਟੀ ਹਸਪਤਾਲ ਵੀ ਸਥਾਪਿਤ ਕੀਤਾ ਜਾਵੇਗਾ, ਜੋ ਲੋਕਾਂ ਨੂੰ ਉੱਚ ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰੇਗਾ। ਭਗਵੰਤ ਸਿੰਘ ਮਾਨ ਨੇ ਇਹ ਵੀ ਦੱਸਿਆ ਕਿ ਇੱਥੇ ਪਹਿਲਾਂ ਤੋਂ ਮੌਜੂਦ ਮਹਿਲਾ ਕਾਲਜ ਨੂੰ ਵਿਦਿਅਕ ਸਹੂਲਤਾਂ ਦੇ ਪੱਧਰ ਨੂੰ ਬਿਹਤਰ ਬਣਾਉਣ ਲਈ ਅਪਗ੍ਰੇਡ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਮਲੇਰਕੋਟਲਾ ਵਿਖੇ ਨਵੇਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਤਹਿਸੀਲ ਕੰਪਲੈਕਸ ਦੇ ਨਾਲ-ਨਾਲ ਅਮਰਗੜ੍ਹ ਵਿਖੇ ਇੱਕ ਹੋਰ ਤਹਿਸੀਲ ਕੰਪਲੈਕਸ ਦੇ ਨਿਰਮਾਣ ਲਈ ਫੰਡ ਜਾਰੀ ਕੀਤੇ ਗਏ ਹਨ।
ਸੀਐੱਮ ਮਾਨ ਨੇ ਕਿਹਾ ਕਿ ਮਲੇਰਕੋਟਲਾ ਅਤੇ ਆਲੇ-ਦੁਆਲੇ ਦੇ ਪਿੰਡਾਂ ‘ਚ ਇੱਕ ਨਵਾਂ ਬੱਸ ਅੱਡਾ, ਲਿੰਕ ਸੜਕਾਂ, ਸੈਨੀਟੇਸ਼ਨ ਸਹੂਲਤਾਂ ਅਤੇ ਖੇਡ ਦੇ ਮੈਦਾਨ ਵਿਕਸਤ ਕੀਤੇ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ ਜਰਗ-ਰੌਣੀ ਅਤੇ ਖੰਨਾ ਸੜਕ ਨੂੰ ਮਜ਼ਬੂਤ ਕਰਕੇ ਲੋਕਾਂ ਨੂੰ ਬਿਹਤਰ ਸੜਕੀ ਸੰਪਰਕ ਪ੍ਰਦਾਨ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਪੇਂਡੂ ਖੇਤਰਾਂ ਲਈ ਮਿੰਨੀ ਬੱਸ ਸੇਵਾਵਾਂ ਸ਼ੁਰੂ ਕੀਤੀਆਂ ਜਾਣਗੀਆਂ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਮਿੰਨੀ ਬੱਸ ਪਰਮਿਟ ਦਿੱਤੇ ਜਾਣਗੇ, ਜਿਸ ਨਾਲ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ ਅਤੇ ਪੇਂਡੂ ਆਵਾਜਾਈ ਵਿੱਚ ਸੁਧਾਰ ਹੋਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਗੈਰ-ਕਾਨੂੰਨੀ ਜਾਇਦਾਦਾਂ, ਮਾਲ ਵਿਭਾਗ ‘ਚ ਭ੍ਰਿਸ਼ਟਾਚਾਰ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਆਪਣੀ ਮੁਹਿੰਮ ਜਾਰੀ ਰੱਖੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਲੇਰਕੋਟਲਾ ਦੇ ਵਿਕਾਸ ਲਈ 200 ਕਰੋੜ ਰੁਪਏ ਅਲਾਟ ਕੀਤੇ ਗਏ ਹਨ ਅਤੇ ਸੂਬਾ ਸਰਕਾਰ ਜ਼ਿਲ੍ਹੇ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
Read More: Jalandhar News: ਜਲੰਧਰ ‘ਚ ਈਦ ਉਲ ਫਿਤਰ ਦੀ ਨਮਾਜ਼ ਕੀਤੀ ਗਈ ਅਦਾ, ਧੂਮਧਾਮ ਨਾਲ ਮਨਾਇਆ ਜਾ ਰਿਹਾ ਤਿਉਹਾਰ