Site icon TheUnmute.com

CM ਭਗਵੰਤ ਮਾਨ ਦਾ ਰਾਹੁਲ ਗਾਂਧੀ ਨੂੰ ਠੋਕਵਾਂ ਜਵਾਬ, ਸਾਨੂੰ ਨਸੀਹਤ ਦੇਣ ਤੋਂ ਪਹਿਲਾਂ ਰਾਹੁਲ ਆਪਣੀ ਪੀੜ੍ਹੀ ਥੱਲੇ ਸੋਟਾ ਫੇਰਨ

Indian hockey team

ਚੰਡੀਗੜ੍ਹ 16 ਜਨਵਰੀ 2023: ਕਾਂਗਰਸ ਆਗੂ ਰਾਹੁਲ ਗਾਂਧੀ ਵੱਲੋਂ ਸੂਬੇ ਦੇ ਦੌਰੇ ਦੌਰਾਨ ਦਿੱਤੇ ਬੇਤੁਕੇ ਬਿਆਨਾਂ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਸੋਮਵਾਰ ਨੂੰ ਵਿਅੰਗ ਕਸਦਿਆਂ ਕਿਹਾ ਕਿ ਅਜਿਹੇ ਬੇਬੁਨਿਆਦ ਬਿਆਨ ਦੇਣ ਤੋਂ ਪਹਿਲਾਂ ਰਾਹੁਲ ਆਪਣੀ ਪੀੜ੍ਹੀ ਥੱਲੇ ਸੋਟਾ ਫੇਰਨ।

ਮੁੱਖ ਮੰਤਰੀ ਨੇ ਕਿਹਾ ਕਿ ਰਾਹੁਲ ਗਾਂਧੀ ਨੂੰ ਲੋਕਤੰਤਰ ਜਾਂ ਜਮਹੂਰੀ ਮਰਿਆਦਾ ਬਾਰੇ ਕੁਝ ਵੀ ਕਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ। ਭਗਵੰਤ ਮਾਨ ਨੇ ਗਾਂਧੀ ਪਰਿਵਾਰ ਦੇ ਜਾਨਸ਼ੀਨ ਨੂੰ ਚੇਤੇ ਕਰਵਾਇਆ ਕਿ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਨੇ ਮੁੱਖ ਮੰਤਰੀ ਚੁਣਿਆ ਹੈ, ਜਿਨ੍ਹਾਂ ਨੇ ਉਨ੍ਹਾਂ ਦੀ ਪਾਰਟੀ ਦੇ ਹੱਕ ਵਿੱਚ ਵੱਡਾ ਫਤਵਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਇਆ ਸੀ, ਜਦੋਂ ਕਿ ਮੈਨੂੰ ਲੋਕਾਂ ਨੇ ਸੇਵਾ ਕਰਨ ਲਈ ਚੁਣਿਆ ਹੈ।

ਭਗਵੰਤ ਮਾਨ (Bhagwant Mann) ਨੇ ਰਾਹੁਲ ਗਾਂਧੀ ਨੂੰ ਆਖਿਆ ਕਿ ਅਧੂਰੀ ਜਾਣਕਾਰੀ ਹਮੇਸ਼ਾ ਖ਼ਤਰਨਾਕ ਹੁੰਦੀ ਹੈ ਅਤੇ ਇਹ ਗੱਲ ਸੂਬੇ ਵਿੱਚ ਯਾਤਰਾ ਦੌਰਾਨ ਉਨ੍ਹਾਂ ਦੇ ਬੇਬੁਨਿਆਦ ਬਿਆਨ ਸਾਬਤ ਕਰ ਰਹੇ ਹਨ। ਉਨ੍ਹਾਂ ਨੇ ਕਾਂਗਰਸੀ ਆਗੂ ਨੂੰ ਯਾਦ ਦਿਵਾਇਆ ਕਿ ਉਨ੍ਹਾਂ ਦੀ ਪਾਰਟੀ ਨੇ ਮੁੱਖ ਮੰਤਰੀਆਂ ਨੂੰ ਕਠਪੁਤਲੀਆਂ ਵਾਂਗ ਨਚਾ ਕੇ ਜਮਹੂਰੀਅਤ ਨੂੰ ਵੱਡਾ ਨੁਕਸਾਨ ਪਹੁੰਚਾਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਸੰਸਦ ਮੈਂਬਰ ਨੂੰ ਇਸ ਮੁੱਦੇ ‘ਤੇ ਕੋਈ ਵੀ ਬਿਆਨ ਦੇਣ ਤੋਂ ਪਹਿਲਾਂ ਆਪਣੇ ਅੰਦਰ ਝਾਤ ਮਾਰਨੀ ਚਾਹੀਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਖੁਦ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾ ਕੇ ਲਗਪਗ ਇੱਕ ਸਾਲ ਪਹਿਲਾਂ ਉਨ੍ਹਾਂ ਨੂੰ ਜ਼ਲੀਲ ਕੀਤਾ ਸੀ। ਉਨ੍ਹਾਂ ਅੱਗੇ ਕਿਹਾ ਕਿ ਇਹ ਵੀ ਦੁਖਾਂਤ ਹੈ ਕਿ ਮੌਜੂਦਾ ਸੂਬਾ ਕਾਂਗਰਸ ਪ੍ਰਧਾਨ ਨੂੰ ਚੱਲ ਰਹੀ ਯਾਤਰਾ ਦੌਰਾਨ ਧੱਕੇ ਮਾਰ ਕੇ ਲੋਕਾਂ ਵਿੱਚ ਬੇਇੱਜ਼ਤ ਕੀਤਾ ਜਾ ਰਿਹਾ ਹੈ, ਜੋ ਕਿ ਅਸਲ ਵਿਚ ਮੀਡੀਆ ਵਿੱਚ ਸੁਰਖ਼ੀਆਂ ਬਟੋਰਨ ਲਈ ਕਾਂਗਰਸੀ ਆਗੂ ਦੀ ਘਟੀਆ ਚਾਲ ਤੋਂ ਵੱਧ ਕੁਝ ਨਹੀਂ। ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸੀ ਆਗੂ ਭੁੱਲ ਗਏ ਹਨ ਕਿ ਉਨ੍ਹਾਂ ਦੇ ਪਰਿਵਾਰ ਦੇ ਹੱਥ ਦੇਸ਼ ਵਿਚ ਲੋਕਤੰਤਰ ਦੇ ਕਤਲ ਨਾਲ ਰੰਗੇ ਹੋਏ ਹਨ ਅਤੇ ਲੋਕ ਉਨ੍ਹਾਂ ਨੂੰ ਇਸ ਗੁਨਾਹ ਲਈ ਕਦੇ ਮੁਆਫ਼ ਨਹੀਂ ਕਰਨਗੇ।

Exit mobile version