ਚੰਡੀਗੜ੍ਹ, 25 ਨਵੰਬਰ 2025: ਪੰਜਾਬ ਸਰਕਾਰ ਵੱਲੋਂ ਕਰਵਾਏ ਨਿਯੁਕਤੀ ਪੱਤਰ (appointment letters) ਵੰਡ ਸਮਾਗਮ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀਐਸਪੀਸੀਐਲ ਵਿੱਚ 1311 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ | ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ PSPCL ਦੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੱਤੀ |
ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਅੱਜ ਆਪਣੇ ਕਾਰਜਕਾਲ ਦੇ ਸਿਰਫ਼ 32 ਮਹੀਨਿਆਂ ‘ਚ ਹੀ 50,000 ਦੇ ਕਰੀਬ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਚੁੱਕੀ ਹੈ | ਉਨ੍ਹਾਂ ਦੱਸਿਆ ਕਿ ਮਾਰਚ 2022’ਚ ਸੱਤਾ ਸੰਭਾਲਣ ਤੋਂ ਬਾਅਦ ਹੁਣ ਤੱਕ ਕੁੱਲ 49,427 ਸਰਕਾਰੀ ਮੁਲਾਜ਼ਮਾਂ ਨੂੰ ਭਰਤੀ ਕੀਤਾ ਗਿਆ ਹੈ |
ਸੀਐੱਮ ਮਾਨ ਨੇ ਕਿਹਾ ਕਿ ਸੂਬੇ ਦੇ ਨੌਜਵਾਨ ਇਨ੍ਹਾਂ ਨੌਕਰੀਆਂ ਦੇ ਹੱਕਦਾਰ ਹਨ, ਇਹ ਸੂਬੇ ਦੇ ਨੌਜਵਾਨਾਂ ‘ਤੇ ਕੋਈ ਅਹਿਸਾਨ ਨਹੀਂ ਹੈ | ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨੌਜਵਾਨ ਬਾਰੇ ਕੁਝ ਨਹੀਂ ਸੋਚਿਆ। ਅੱਜ ਇਨ੍ਹਾਂ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ‘ਤੇ ਨੌਕਰੀਆਂ ਮਿਲੀਆਂ ਹਨ |
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਮੁੱਚੀ ਭਰਤੀ ਪ੍ਰਕਿਰਿਆ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਈ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਮਾਰਚ 2022 ‘ਚ ਮੁੱਖ ਮੰਤਰੀ ਦਾ ਅਹੁਦਾ ਸੰਭਾਲਿਆ ਸੀ ਅਤੇ ਕੁਝ ਮਹੀਨਿਆਂ ‘ਚ ਹੀ ਪੰਜਾਬ ਦੇ ਪੱਛੜੇ ਇਲਾਕਿਆਂ ‘ਚ ਕੋਲੇ ਦੀ ਸਪਲਾਈ ਬਹਾਲ ਕਰ ਦਿੱਤੀ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇੱਕ ਨਿੱਜੀ ਕੰਪਨੀ ਜੀਵੀਕੇ ਪਾਵਰ ਦੀ ਮਲਕੀਅਤ ਵਾਲਾ ਗੋਇੰਦਵਾਲ ਪਾਵਰ ਪਲਾਂਟ ਖਰੀਦਿਆ | ਪੰਜਾਬ ਸਰਕਾਰ ਨੇ ਇਹ ਪਲਾਂਟ 1080 ਕਰੋੜ ਰੁਪਏ ‘ਚ ਖਰੀਦਿਆ ਸੀ |
ਸੀਐੱਮ ਮਾਨ ਨੇ ਕਿਹਾ ਕਿ ਅਜਿਹਾ ਪੰਜਾਬ ‘ਚ ਪਹਿਲੀ ਵਾਰ ਦੇਖਣ ਨੂੰ ਮਿਲਿਆ ਹੈ, ਕਿਉਂਕਿ ਸਰਕਾਰ ਨੇ ਪ੍ਰਾਈਵੇਟ ਪਾਵਰ ਪਲਾਂਟ ਖਰੀਦ ਲਏ ਹਨ, ਜਦੋਂ ਕਿ ਇਸ ਤੋਂ ਪਹਿਲਾਂ ਸੂਬਾ ਸਰਕਾਰਾਂ ਆਪਣੀਆਂ ਜਾਇਦਾਦਾਂ ਕਰੀਬੀ ਵਿਅਕਤੀਆਂ ਨੂੰ ਸਸਤੇ ਭਾਅ ’ਤੇ ਵੇਚਦੀਆਂ ਸਨ। ਉਨ੍ਹਾਂ ਨੌਜਵਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਰਕਾਰੀ ਨੌਕਰੀਆਂ ਦਾ ਲਾਭ ਲੈਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਅਤੇ ਵਿਕਾਸ ‘ਚ ਨੌਜਵਾਨਾਂ ਨੂੰ ਭਾਗੀਦਾਰ ਬਣਾਉਣ ਲਈ ਕੋਈ ਕਸਰ ਨਹੀਂ ਛੱਡ ਰਹੀ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਮਾੜੇ ਸਿਸਟਮ ਤੋਂ ਨਿਰਾਸ਼ ਹੋ ਕੇ ਵਿਦੇਸ਼ ਜਾਣ ਲਈ ਮਜ਼ਬੂਰ ਹੋਏ ਨੌਜਵਾਨ ਹੁਣ ਵਾਪਸ ਪਰਤ ਰਹੇ ਹਨ, ਜੋ ਪੰਜਾਬ ‘ਚ ਘਰ ਵਾਪਸੀ ਦਾ ਹਾਂ-ਪੱਖੀ ਰੁਝਾਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਆਪ ਦੀ ਸਰਕਾਰ ਨੇ ਤਿੰਨ ਸਾਲਾਂ ਤੋਂ ਵੀ ਘੱਟ ਸਮੇਂ ਵਿੱਚ 49,427 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ|