ਸੰਗਰੂਰ, 2 ਅਪ੍ਰੈਲ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਿੰਡ ਚੀਮਾ ਵਿਖੇ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਉਦਘਾਟਨ ਕੀਤਾ ਹੈ। ਜਿਕਰਯੋਗ ਹੈ ਕਿ 11.70 ਕਰੋੜ ਦੀ ਲਾਗਤ ਨਾਲ ਬਣਿਆ ਅਤੇ 30 ਬਿਸਤਰਿਆਂ ਵਾਲਾ ਇਹ ਅਤਿ-ਆਧੁਨਿਕ ਹਸਪਤਾਲ ਸਿਹਤ ਸੰਭਾਲ ਬੁਨਿਆਦੀ ਢਾਂਚੇ ਦਾ ਵਿਸਥਾਰ ਅਤੇ ਹਜ਼ਾਰਾਂ ਲੋਕਾਂ ਨੂੰ ਡਾਕਰਟਰੀ ਸਹੂਲਤਾਂ ਪ੍ਰਦਾਨ ਕਰੇਗਾ |
ਮੁੱਖ ਮੰਤਰੀ ਮਾਨ ਨੇ ਕਿਹਾ ਹਸਪਤਾਲ ਨਾ ਸਿਰਫ਼ 15 ਪਿੰਡਾਂ ਦੇ ਕਰੀਬ 50 ਹਜ਼ਾਰ ਵਾਸੀਆਂ ਨੂੰ ਲਾਭ ਪਹੁੰਚਾਏਗਾ, ਸਗੋਂ ਨੇੜਲੇ ਖੇਤਰਾਂ ਦੀ ਕਰੀਬ 35 ਤੋਂ 40 ਹਜ਼ਾਰ ਆਬਾਦੀ ਲਈ ਕਿਫਾਇਤੀ ਅਤੇ ਮਿਆਰੀ ਇਲਾਜ ਵੀ ਮੁਹੱਈਆ ਕਰਵਾਏਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀ ਫੇਰੀ ਦੌਰਾਨ ਹਸਪਤਾਲ ‘ਚ ਉਪਲਬੱਧ ਸਹੂਲਤਾਂ ਦਾ ਜਾਇਜ਼ਾ ਲੈਂਦਿਆਂ ਮਰੀਜ਼ਾਂ ਦਾ ਹਾਲਚਾਲ ਪੁੱਛਿਆ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਵੀ ਗੱਲਬਾਤ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਸਹੂਲਤਾਂ ਦੀ ਘਾਟ ਕਾਰਨ ਮਰੀਜ਼ਾਂ ਨੂੰ ਜ਼ਿਆਦਾਤਰ ਸੰਗਰੂਰ, ਪਟਿਆਲਾ ਅਤੇ ਲੁਧਿਆਣਾ ਰੈਫਰ ਕੀਤਾ ਜਾਂਦਾ ਸੀ, ਪਰ ਹੁਣ ਮਰੀਜ਼ ਸਥਾਨਕ ਪੱਧਰ ’ਤੇ ਹੀ ਆਧੁਨਿਕ ਮਸ਼ੀਨਾਂ ਅਤੇ ਸਮਰਪਿਤ ਐਮਰਜੈਂਸੀ ਅਤੇ ਜੱਚਾ-ਬੱਚਾ ਵਾਰਡਾਂ ਨਾਲ ਲੈਸ ਇਸ ਹਸਪਤਾਲ ‘ਚ ਇਲਾਜ ਕਰਵਾ ਸਕਣਗੇ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੰਤ ਬਾਬਾ ਅਤਰ ਸਿੰਘ ਦੇ ਨਾਮ ’ਤੇ ਮੈਡੀਕਲ ਕਾਲਜ ਦਾ ਕੰਮ ਵੀ ਛੇਤੀ ਸ਼ੁਰੂ ਕੀਤਾ ਜਾਵੇਗਾ ਅਤੇ ਪੰਜਾਬ ਸਰਕਾਰ ਨੇ ਇਸ ਸਬੰਧੀ ਪ੍ਰਬੰਧਾਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਉਨ੍ਹਾਂ ਕਿਹਾ, “ਅੱਜ ਸੰਤ ਅਤਰ ਸਿੰਘ ਜੀ ਮਹਾਰਾਜ ਦੇ ਜਨਮ ਸਥਾਨ ਪਿੰਡ ਚੀਮਾ ਵਿਖੇ ਕਮਿਊਨਿਟੀ ਹੈਲਥ ਸੈਂਟਰ ਦਾ ਉਦਘਾਟਨ ਕੀਤਾ ਹੈ। ਸੰਤ ਅਤਰ ਸਿੰਘ ਜੀ ਮਹਾਰਾਜ ਨੇ ਸਿੱਖਿਆ ਅਤੇ ਸਮਾਜ ਸੇਵਾ ‘ਚ ਵਡਮੁੱਲਾ ਯੋਗਦਾਨ ਪਾਇਆ ਅਤੇ ਉਨ੍ਹਾਂ ਦੇ ਸਨਮਾਨ ‘ਚ ਇਸ ਕਮਿਊਨਿਟੀ ਹੈਲਥ ਸੈਂਟਰ ਦਾ ਨਾਮ ਅਜਿਹੀ ਮਹਾਨ ਸ਼ਖ਼ਸੀਅਤ ਦੇ ਨਾਮ ’ਤੇ ਰੱਖਿਆ ਜਾਣਾ ਸੁਭਾਗੀ ਗੱਲ ਹੈ। ਜ਼ਿਕਰਯੋਗ ਹੈ ਕਿ 11.75 ਕਰੋੜ ਦੀ ਲਾਗਤ ਵਾਲੇ ਇਸ ਸੈਂਟਰ ਦੀ ਸਮਰੱਥਾ 30 ਬਿਸਤਰਿਆਂ ਦੀ ਹੋਵੇਗੀ ।
ਇਸ ਪ੍ਰਾਜੈਕਟ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, “ਇਹ ਕੇਂਦਰ ਅਸਲ ‘ਚ 1975 ‘ਚ 10 ਬਿਸਤਰਿਆਂ ਦੀ ਸਮਰੱਥਾ ਨਾਲ ਸਥਾਪਿਤ ਕੀਤਾ ਸੀ ਅਤੇ ਬਾਅਦ ‘ਚ ਇਸ ਦੀ ਸਮਰੱਥਾ ਵਧਾ ਕੇ 20 ਬਿਸਤਰਿਆਂ ਤੱਕ ਕਰ ਦਿੱਤੀ ਸੀ। ਹੁਣ ਇਲਾਕੇ ਦੀ ਲੋੜ ਦੇ ਮੱਦੇਨਜ਼ਰ ਇਸ ਨੂੰ 30 ਬਿਸਤਰਿਆਂ ਤੱਕ ਵਧਾ ਦਿੱਤਾ ਗਿਆ ਹੈ। ਕਰੀਬ 50 ਹਜ਼ਾਰ ਲੋਕਾਂ ਨੂੰ ਐਮਰਜੈਂਸੀ ਅਤੇ ਵਿਸ਼ੇਸ਼ ਡਾਕਟਰੀ ਸੇਵਾਵਾਂ ਉਪਲਬੱਧ ਕਰਵਾਉਣ ਵਾਲਾ ਇਹ ਕੇਂਦਰ ਇਲਾਕੇ ਦੇ ਲੋਕਾਂ ਲਈ ਵਰਦਾਨ ਸਾਬਿਤ ਹੋਵੇਗਾ। ਸੜਕ ਹਾਦਸਿਆਂ ਦੇ ਪੀੜਤਾਂ ਅਤੇ ਗੰਭੀਰ ਬਿਮਾਰੀਆਂ ਵਾਲੇ ਮਰੀਜ਼ਾਂ ਨੂੰ ਐਮਰਜੈਂਸੀ ਦੇਖਭਾਲ ਮਿਲੇਗੀ ਅਤੇ ਇੱਥੇ ਸਰਜੀਕਲ ਪ੍ਰੋਸੀਜ਼ਰਜ਼ ਸਬੰਧੀ ਸਹੂਲਤਾਂ ਵੀ ਦਿੱਤੀਆਂ ਜਾਣਗੀਆਂ।”
ਇਸ ਹਸਪਤਾਲ ‘ਚ ਉਪਲਬੱਧ ਡਾਕਟਰੀ ਸੇਵਾਵਾਂ ਗਿਣਵਾਉਂਦਿਆਂ ਉਨ੍ਹਾਂ ਕਿਹਾ, “ਈ.ਐਨ.ਟੀ. ਅਤੇ ਦੰਦਾਂ ਦੀਆਂ ਸੇਵਾਵਾਂ ਦੇ ਨਾਲ-ਨਾਲ ਬੱਚਿਆਂ ਦੀਆਂ ਬਿਮਾਰੀਆਂ ਦੇ ਇਲਾਜ ਲਈ ਬਾਲ ਰੋਗਾਂ ਦੇ ਮਾਹਰ ਵੀ ਉਪਲਬੱਧ ਹੋਣਗੇ। ਮੁਫ਼ਤ ਜੱਚਾ-ਬੱਚਾ ਸਿਹਤ ਸੰਭਾਲ ਸੇਵਾਵਾਂ, ਐਕਸ-ਰੇਅ ਅਤੇ ਖੂਨ ਦੀ ਜਾਂਚ ਸਬੰਧੀ ਸਹੂਲਤਾਂ ਵੀ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਨਸ਼ਾ ਛੁਡਾਉਣ ਵਾਲੇ ਮਰੀਜ਼ਾਂ ਨੂੰ ਵੀ ਸੀਐਚਸੀ ‘ਚ ਇਲਾਜ ਦੀ ਸਹੂਲਤ ਦਿੱਤੀ ਜਾਵੇਗੀ।”
ਮੁੱਖ ਮੰਤਰੀ ਨੇ ਨਸ਼ਿਆਂ ਨੂੰ ਕਾਨੂੰਨੀ ਮਾਨਤਾ ਦੇਣ ਨੂੰ ਮੁੱਢੋਂ ਰੱਦ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪਹਿਲਾਂ ਹੀ ਕਈ ਪਹਿਲਕਦਮੀਆਂ ਸ਼ੁਰੂ ਕਰ ਦਿੱਤੀਆਂ ਹਨ।’’
ਉਨ੍ਹਾਂ ਕਿਹਾ ਕਿ ‘‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੇ ਪਹਿਲਾਂ ਹੀ ਸੂਬੇ ‘ਚ ਨਸ਼ਾ ਕਾਰੋਬਾਰ ਦਾ ਲੱਕ ਤੋੜਿਆ ਹੈ। ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਹੈ, ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਹੈ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਹਨ।
ਪੰਜਾਬ ਸਰਕਾਰ ਨੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ, ਭ੍ਰਿਸ਼ਟਾਚਾਰ ਤੋਂ ਬਿਨਾਂ 65 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ, ਬਿਹਤਰ ਸੜਕਾਂ, ਬੰਦ ਕੀਤੇ ਟੋਲ ਪਲਾਜ਼ੇ ਰੋਜ਼ਾਨਾ 70 ਲੱਖ ਰੁਪਏ ਦੀ ਬੱਚਤ ਕਰ ਰਹੇ ਹਨ ਅਤੇ ਬੁਨਿਆਦੀ ਢਾਂਚੇ ਨੂੰ ਮਜਬੂਤ ਕਰ ਰਹੇ ਹਨ।’’
Read More: ਸਪਕੀਰ ਕੁਲਤਾਰ ਸਿੰਘ ਸੰਧਵਾਂ ਨੇ 13 ਅਪ੍ਰੈਲ ਨੂੰ ਪੰਜਾਬ ਵਿਧਾਨ ਸਭਾ ਦਾ ਇਜਲਾਸ ਸੱਦਿਆ




