ਚੰਡੀਗੜ੍ਹ 10 ਜਨਵਰੀ 2022: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਾਬਕਾ ਮੰਤਰੀ ਬਿਕਰਮ ਮਜੀਠੀਆ (Bikram Majithia) ਨੂੰ ਡਰੱਗ ਮਾਮਲੇ ‘ਚ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ ਅਤੇ ਗ੍ਰਿਫਤਾਰੀ ਤੇ ਰੋਕ ਲਾ ਦਿੱਤੀ ਹੈ।ਹਾਈਕੋਰਟ ਵਿਚ ਅਗਲੀ ਪੇਸ਼ੀ 18 ਜਨਵਰੀ ਤੱਕ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਹੈ |ਇਸਦੇ ਨਾਲ ਹੀ ਪੁੱਛਗਿੱਛ ਦੌਰਾਨ ਵੀ ਗ੍ਰਿਫਤਾਰੀ ‘ਤੇ ਰੋਕ ਹੈ |ਬੁੱਧਵਾਰ ਨੂੰ ਬਿਕਰਮ ਮਜੀਠੀਆ ਜਾਂਚ ‘ਚ ਸ਼ਾਮਿਲ ਹੋਣਗੇ | ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Majithia) ਨੂੰ ਹਾਈ ਕੋਰਟ ਵਲੋਂ ਅਗਾਊਂ ਜ਼ਮਾਨਤ ਦੇਣ ’ਤੇ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਪਹਿਲੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਮੋਗਾ ਵਿਚ ਮਾਲਵਿਕਾ ਸੂਦ ਨੂੰ ਕਾਂਗਰਸ ਵਿਚ ਸ਼ਾਮਲ ਕਰਨ ਪਹੁੰਚੇ ਮੁੱਖ ਮੰਤਰੀ ਚੰਨੀ (CM Channi)ਤੋਂ ਜਦੋਂ ਪੱਤਰਕਾਰਾਂ ਨੇ ਬਿਕਰਮ ਮਜੀਠੀਆ ਦੀ ਜ਼ਮਾਨਤ ਸੰਬੰਧੀ ਸਵਾਲ ਪੁੱਛਿਆ ਤਾਂ ਮੁੱਖ ਮੰਤਰੀ ਨੇ ਕਿਹਾ ਕਿ ਬਿਕਰਮ ਮਜੀਠੀਆ ਨੂੰ ਅਜੇ ਸਿਰਫ ਜ਼ਮਾਨਤ ਹੀ ਮਿਲੀ ਅਤੇ ਜ਼ਮਾਨਤ ਮਿਲਣ ਨਾਲ ਕੇਸ ਨਹੀਂ ਖ਼ਤਮ ਹੋ ਜਾਂਦਾ। ਬੁੱਧਵਾਰ ਨੂੰ ਮਜੀਠੀਆ ਨੂੰ ਪੇਸ਼ ਹੋਣਾ ਪਵੇਗਾ ਅਤੇ ਕੇਸ ਦੌਰਾਨ ਸਾਰਾ ਕੁੱਝ ਸਾਹਮਣੇ ਆ ਜਾਵੇਗਾ।
ਦੱਸਣਯੋਗ ਹੈ ਕਿ ਸੋਮਵਾਰ ਨੂੰ ਮਜੀਠੀਆ ਕੇਸ ’ਤੇ ਸੁਣਵਾਈ ਕਰਦੇ ਹੋਏ ਹਾਈਕੋਰਟ ਨੇ ਨਾ ਸਿਰਫ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਦਿੱਤੀ ਸਗੋਂ ਮਜੀਠੀਆ ਦੀ ਗ੍ਰਿਫ਼ਤਾਰੀ ’ਤੇ ਵੀ ਰੋਕ ਲਗਾ ਦਿੱਤੀ ਹੈ। ਮਜੀਠੀਆ ਦੀ ਜ਼ਮਾਨਤ ਲਈ ਅਕਾਲੀ ਦਲ ਵਲੋਂ ਵੀ ਯਤਨ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਪੰਜਾਬ ਪੁਲਸ ਵਲੋਂ ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਸੀ। ਇਸ ਨੂੰ ਬਿਕਰਮ ਮਜੀਠੀਆ ਅਤੇ ਅਕਾਲੀ ਦਲ ਲਈ ਵੱਡੀ ਰਾਹਤ ਵਜੋਂ ਦੇਖਿਆ ਜਾ ਰਿਹਾ ਹੈ। ਇਸ ਤੋਂ ਪਹਿਲਾਂ 5 ਜਨਵਰੀ ਨੂੰ ਹੋਈ ਸੁਣਵਾਈ ਵਿਚ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਭੇਜਿਆ ਸੀ। ਜਿਸ ਵਿਚ ਉਨ੍ਹਾਂ ਨੂੰ ਮਜੀਠੀਆ ਦੀ ਪਟੀਸ਼ਨ ’ਤੇ ਨੋਟਿਸ ਭੇਜ ਕੇ 8 ਜਨਵਰੀ ਤੱਕ ਜਵਾਬ ਦੇਣ ਲਈ ਕਿਹਾ ਗਿਆ ਸੀ, ਜਿਸ ਤੋਂ ਬਾਅਦ ਸਰਕਾਰ ਨੇ ਹਾਈਕੋਰਟ ਵਿਚ ਆਪਣਾ ਜਵਾਬ ਸੌਂਪ ਦਿੱਤਾ ਸੀ। ਇਸ ਦੌਰਾਨ ਅਹਿਮ ਗੱਲ ਇਹ ਹੈ ਕਿ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਲਈ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਅਜੇ ਤੱਕ ਪੰਜਾਬ ਸਰਕਾਰ ਨਸ਼ੇ ਨੂੰ ਚੋਣ ਮੁੱਦਾ ਬਨਾਉਣ ਲਈ ਇਸ ਮਾਮਲੇ ਦੀ ਜ਼ੋਰਦਾਰ ਢੰਗ ਨਾਲ ਪੈਰਵੀ ਕਰ ਰਹੀ ਸੀ।