Site icon TheUnmute.com

CM ਭਗਵੰਤ ਮਾਨ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਵਜੋਂ ਇਕ-ਇਕ ਕਰੋੜ ਰੁਪਏ ਦੇ ਚੈੱਕ ਸੌਂਪੇ

ਸ਼ਹੀਦਾਂ ਦੇ ਪਰਿਵਾਰਾਂ

ਚੰਡੀਗੜ੍ਹ, 19 ਜੂਨ 2024: ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਫੌਜ ਵਿੱਚ ਸੇਵਾ ਕਰਦਿਆਂ ਡਿਊਟੀ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ ਦੋ ਸ਼ਹੀਦਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਵਜੋਂ ਇਕ-ਇਕ ਕਰੋੜ ਰੁਪਏ ਦੇ ਚੈੱਕ ਸੌਂਪੇ ਹਨ ।

ਮੁੱਖ ਮੰਤਰੀ ਨੇ ਸ਼ਹੀਦ ਤਰਲੋਚਨ ਸਿੰਘ ਪੁੱਤਰ ਰਾਜਾ ਸਿੰਘ ਵਾਸੀ ਜਖੇਪਲ (ਸੁਨਾਮ) ਅਤੇ ਹਰਸਿਮਰਨ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਭਸੌੜ (ਧੂਰੀ) ਦੇ ਪਰਿਵਾਰਕ ਮੈਂਬਰਾਂ ਨੂੰ ਚੈੱਕ ਸੌਂਪਦਿਆਂ ਕਿਹਾ ਕਿ ਸੂਬੇ ਦੇ ਇਨ੍ਹਾਂ ਬਹਾਦਰ ਸਪੂਤਾਂ ਨੇ ਆਪਣੀ ਮਾਤ ਭੂਮੀ ਦੀ ਰਾਖੀ ਕਰਦਿਆਂ ਸ਼ਹਾਦਤ ਦਾ ਜਾਮ ਪੀਤਾ।

ਉਨ੍ਹਾਂ ਕਿਹਾ ਕਿ ਚੋਣ ਜ਼ਾਬਤਾ ਲੱਗਿਆ ਹੋਣ ਕਾਰਨ ਉਹ ਪਹਿਲਾਂ ਪਰਿਵਾਰਾਂ ਨੂੰ ਚੈੱਕ ਨਹੀਂ ਦੇ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਉਂ ਹੀ ਚੋਣ ਜ਼ਾਬਤਾ ਖ਼ਤਮ ਹੋਇਆ ਤਾਂ ਇਨ੍ਹਾਂ ਪਰਿਵਾਰਾਂ ਨੂੰ ਚੈੱਕ ਸੌਂਪੇ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੁੱਚਾ ਦੇਸ਼ ਇਨ੍ਹਾਂ ਸ਼ਹੀਦਾਂ ਦਾ ਕਰਜ਼ਦਾਰ ਹੈ, ਜਿਨ੍ਹਾਂ ਦੇਸ਼ ਅਤੇ ਲੋਕਾਂ ਦੀ ਰਾਖੀ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਭਾਰਤ ਮਾਤਾ ਦੇ ਇਨ੍ਹਾਂ ਸਪੂਤਾਂ, ਜਿਨ੍ਹਾਂ ਦੇਸ਼ ਦੀ ਏਕਤਾ, ਅਖੰਡਤਾ ਤੇ ਪ੍ਰਭੂਸੱਤਾ ਦੀ ਰਾਖੀ ਕਰਦਿਆਂ ਲਾਮਿਸਾਲ ਯੋਗਦਾਨ ਦਿੱਤਾ, ਉਨ੍ਹਾਂ ਨੂੰ ਸਿਜਦਾ ਭੇਂਟ ਕਰਨ ਲਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਮੁੱਢਲਾ ਫ਼ਰਜ਼ ਹੈ ਅਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਸੂਬਾ ਸਰਕਾਰ ਵੱਲੋਂ ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਯਕੀਨੀ ਬਣਾਉਣ ਦੀ ਵਚਨਬੱਧਤਾ ਦੇ ਅਨੁਸਾਰ ਹੈ। ਉਨ੍ਹਾਂ ਕਿਹਾ ਕਿ ਭਾਵੇਂ ਇਹ ਦੇਸ਼ ਅਤੇ ਖ਼ਾਸ ਕਰਕੇ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ ਅਤੇ ਇਸ ਦੀ ਭਰਪਾਈ ਕਿਸੇ ਵੀ ਕੀਮਤ ‘ਤੇ ਨਹੀਂ ਕੀਤੀ ਜਾ ਸਕਦੀ ਪਰ ਸਰਕਾਰ ਨੇ ਸ਼ਹੀਦਾਂ ਦੇ ਸਨਮਾਨ ਲਈ ਇਹ ਨਿਮਾਣਾ ਜਿਹਾ ਉਪਰਾਲਾ ਕੀਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪਰਿਵਾਰਾਂ ਦੀ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਦੇਸ਼ ਵਾਸੀ, ਦੇਸ਼ ਦੀ ਸੁਰੱਖਿਆ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਸ਼ਹੀਦੀ ਪ੍ਰਾਪਤ ਕਰਨ ਵਾਲੇ ਇਨ੍ਹਾਂ ਜਵਾਨਾਂ ਦੀ ਕੁਰਬਾਨੀ ਦੇ ਹਮੇਸ਼ਾ ਰਿਣੀ ਰਹਿਣਗੇ।

Exit mobile version