CM ਮਾਨ ਵੱਲੋਂ ਸਿੱਧੂ ਮੂਸੇਵਾਲਾ ਦੇ ਕਤਲ ਦੀ ਜਾਂਚ ਲਈ ਹਾਈਕੋਰਟ ਦੇ ਮੌਜੂਦਾ ਜੱਜ ਦੀ ਅਗਵਾਈ ਹੇਠ ਨਿਆਂਇਕ ਕਮਿਸ਼ਨ ਬਣਾਉਣ ਦਾ ਐਲਾਨ

Punjab Government

ਚੰਡੀਗੜ੍ਹ, 30 ਮਈ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਸਿੱਧੂ ਮੂਸੇ ਵਾਲਾ ਵਜੋਂ ਜਾਣੇ ਜਾਂਦੇ ਪ੍ਰਸਿੱਧ ਗਾਇਕ ਸ਼ੁਭਦੀਪ ਸਿੰਘ ਸਿੱਧੂ ਦੇ ਕਤਲ ਕੇਸ ਦੀ ਜਾਂਚ ਲਈ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੌਜੂਦਾ ਜੱਜ ਦੀ ਪ੍ਰਧਾਨਗੀ ਹੇਠ ਨਿਆਂਇਕ ਕਮਿਸ਼ਨ ਬਣਾਉਣ ਦਾ ਐਲਾਨ ਕੀਤਾ ਹੈ।

ਮੁੱਖ ਮੰਤਰੀ ਨੇ ਮਾਰੇ ਗਏ ਗਾਇਕ ਦੇ ਪਿਤਾ ਬਲਕਾਰ ਸਿੰਘ ਸਿੱਧੂ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮਾਣਯੋਗ ਚੀਫ਼ ਜਸਟਿਸ ਨੂੰ ਇਸ ਮਾਮਲੇ ਦੀ ਮੌਜੂਦਾ ਜੱਜ ਤੋਂ ਜਾਂਚ ਕਰਵਾਉਣ ਲਈ ਬੇਨਤੀ ਕਰੇਗੀ।। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਵਰਗੀ ਕਿਸੇ ਵੀ ਕੇਂਦਰੀ ਏਜੰਸੀ ਨੂੰ ਸ਼ਾਮਲ ਕਰਨ ਸਮੇਤ ਇਸ ਜਾਂਚ ਕਮਿਸ਼ਨ ਨੂੰ ਪੂਰਾ ਸਹਿਯੋਗ ਯਕੀਨੀ ਬਣਾਏਗੀ। ਉਸਨੇ ਅੱਗੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ), ਪੰਜਾਬ ਨੂੰ ਇਸ ਘਟਨਾ ਬਾਰੇ ਆਪਣੀ ਕੱਲ੍ਹ ਦੀ ਪ੍ਰੈਸ ਕਾਨਫਰੰਸ ਬਾਰੇ ਸਪੱਸ਼ਟੀਕਰਨ ਜਾਰੀ ਕਰਨ ਲਈ ਕਿਹਾ।

ਸਿੱਧੂ ਮੂਸੇਵਾਲਾ ਦੇ ਘਿਨਾਉਣੇ ਕਤਲ ਦੀ ਨਿੰਦਾ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਕਿਹਾ ਕਿ ਸਰਕਾਰ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਡੱਕਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਪੁਲਿਸ ਨੂੰ ਇਸ ਮਾਮਲੇ ਦੀ ਤਤਕਾਲ ਅਤੇ ਨਤੀਜਾਮੁਖੀ ਤਰੀਕੇ ਨਾਲ ਡੂੰਘਾਈ ਨਾਲ ਜਾਂਚ ਕਰਨ ਲਈ ਪਹਿਲਾਂ ਹੀ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਮਰਹੂਮ ਗਾਇਕ ਦੀ ਸੁਰੱਖਿਆ ਵਿੱਚ ਕਟੌਤੀ ਦੇ ਸਾਰੇ ਪਹਿਲੂਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੇਕਰ ਕੋਈ ਕੁਤਾਹੀ ਹੋਈ ਤਾਂ ਉਸ ਦੀ ਜ਼ਿੰਮੇਵਾਰੀ ਯਕੀਨੀ ਤੌਰ ‘ਤੇ ਤੈਅ ਕੀਤੀ ਜਾਵੇਗੀ।

ਇਸ ਦੌਰਾਨ ਸਿੱਧੂ ਮੂਸੇ ਵਾਲਾ ਦੇ ਉਦਾਸ ਅਤੇ ਬੇਵਕਤੀ ਦੇਹਾਂਤ ‘ਤੇ ਡੂੰਘੇ ਸਦਮੇ ਅਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਛੜ ਗਿਆ ਗਾਇਕ ਪੰਜਾਬ ਦਾ ਪ੍ਰਸਿੱਧ ਕਲਾਕਾਰ ਅਤੇ ਸੱਭਿਆਚਾਰਕ ਪ੍ਰਤੀਕ ਸੀ। ਭਗਵੰਤ ਮਾਨ ਨੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਦੁਖੀ ਪਰਿਵਾਰ ਦੇ ਨਾਲ ਖੜੀ ਹੈ। ਉਨ੍ਹਾਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਦੇਣ ਅਤੇ ਦੁਖੀ ਪਰਿਵਾਰ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।

sidhu moosewala

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।