ਚੰਡੀਗੜ੍ਹ 23 ਮਈ 2022: ਪੰਜਾਬ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਨੂੰ ਟਵੀਟ ਕਰਦਿਆਂ ਕਿਹਾ ਕਿ ਤੁਹਾਡਾ ਹਥਿਆਰਾਂ ਵਾਲਾ ਬਿਆਨ ਸੁਣਿਆਂ…ਜਥੇਦਾਰ ਸਾਹਿਬ ਜੀ ਤੁਸੀਂ ਸਰਬੱਤ ਦਾ ਭਲਾ ਮੰਗਣ ਵਾਲੀ ਗੁਰਬਾਣੀ ਨੂੰ ਘਰ-ਘਰ ਪਹੁੰਚਾਉਣ ਦਾ ਸੰਦੇਸ਼ ਦਿਓ ਨਾ ਕਿ ਹਥਿਆਰ ਰੱਖਣ ਦਾ | ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਥੇਦਾਰ ਸਾਹਿਬ ਆਪਾਂ ਪੰਜਾਬ ਵਿੱਚ ਸ਼ਾਂਤੀ, ਭਾਈਚਾਰੇ ਅਤੇ ਮਾਡਰਨ ਤਰੱਕੀ ਦੇ ਸੁਨੇਹੇ ਦੇਣੇ ਹਨ ਨਾ ਕਿ ਮਾਡਰਨ ਹਥਿਆਰਾਂ ਦੇ |
ਜਿਕਰਯੋਗ ਹੈ ਕਿ ਅੰਮ੍ਰਿਤਸਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਹਰ ਸਿੱਖ ਨੂੰ ਆਧੁਨਿਕ ਲਾਇਸੈਂਸੀ ਹਥਿਆਰ ਰੱਖਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਇਹ ਗੱਲ ਉਨ੍ਹਾਂ ਮੀਰੀ-ਪੀਰੀ ਦੇ ਬਾਨੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰੂ ਗੱਦੀ ਦਿਵਸ ਮੌਕੇ ਸੰਗਤਾਂ ਦੇ ਨਾਮ ਜਾਰੀ ਸੰਦੇਸ਼ ਵਿੱਚ ਕਹੀ।
ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਗੁਰੂ ਹਰਗੋਬਿੰਦ ਸਾਹਿਬ ਨੇ ਚਾਰੇ ਯੁੱਧ ਲੜੇ ਅਤੇ ਚਾਰੋਂ ਜਿੱਤੇ। ਹੁਣ ਸਮਾਂ ਆ ਗਿਆ ਹੈ ਕਿ ਸਿੱਖ ਬਾਣੀ ਦਾ ਜਾਪ ਕਰਕੇ ਤਕੜੇ ਹੋ ਜਾਣ ਅਤੇ ਹਰ ਸਿੱਖ ਹਥਿਆਰਬੰਦ ਹੋ ਜਾਵੇ। ਉਨ੍ਹਾਂ ਕਿਹਾ ਕਿ ਗੁਰੂ ਹਰਗੋਬਿੰਦ ਸਿੰਘ ਦਾ ਮੀਰੀ-ਪੀਰੀ ਦਾ ਸੰਦੇਸ਼ ਅੱਜ ਵੀ ਕਾਰਗਰ ਹੈ। ਸਿੱਖਾਂ ਨੂੰ ਨਵੀਨਤਮ ਗਤਕਾ, ਤਲਵਾਰਬਾਜ਼ੀ, ਤੀਰਅੰਦਾਜ਼ੀ ਦਾ ਅਭਿਆਸ ਕਰਨ ਦੇ ਨਾਲ-ਨਾਲ ਗੁਰੂਆਂ ਦਾ ਨਾਮ ਜਪਣਾ ਚਾਹੀਦਾ ਹੈ।