Site icon TheUnmute.com

CM ਮਾਨ ਵੱਲੋਂ ਅਧਿਕਾਰੀਆਂ ਨੂੰ ਮੰਡੀਆਂ ‘ਚ ਝੋਨੇ ਦੀ ਲਿਫਟਿੰਗ ਛੇਤੀ ਤੋਂ ਛੇਤੀ ਯਕੀਨੀ ਬਣਾਉਣ ਦੇ ਹੁਕਮ

Paddy

ਚੰਡੀਗੜ੍ਹ, 21 ਅਕਤੂਬਰ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਧਿਕਾਰੀਆਂ ਨਾਲ ਸੂਬੇ ਭਰ ਦੀਆਂ ਮੰਡੀਆਂ ‘ਚ ਝੋਨੇ (Paddy) ਦੀ ਖਰੀਦ ਬਾਰੇ ਉੱਚ ਪੱਧਰੀ ਬੈਠਕ ਕੀਤੀ | ਇਸ ਦੌਰਾਨ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਝੋਨੇ ਦੀ ਤੇਜ਼ੀ ਨਾਲ ਲਿਫਟਿੰਗ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾ’ ‘ਚ ਝੋਨੇ ਦੀ ਲਿਫਟਿੰਗ ਛੇਤੀ ਤੋਂ ਛੇਤੀ ਕੀਤੀ ਜਾਵੇ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ । ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ‘ਚ ਆਤਮ ਨਿਰਭਰ ਬਣਾਉਣ ‘ਚ ਅਹਿਮ ਭੂਮਿਕਾ ਨਿਭਾਈ ਹੈ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਾਡੇ ਅੰਨ ਦਾਤਿਆਂ ਨੇ ਦੇਸ਼ ਦੀ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਪਣੇ ਕੀਮਤੀ ਕੁਦਰਤੀ ਸਰੋਤ, ਪਾਣੀ ਅਤੇ ਉਪਜਾਊ ਮਿੱਟੀ ਦਾਅ ‘ਤੇ ਲਗਾ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸਾਲ ਵੀ ਸੂਬੇ ਦੇ ਕਿਸਾਨਾਂ ਵੱਲੋਂ 185 ਲੱਖ ਮੀਟ੍ਰਿਕ ਟਨ ਝੋਨੇ (Paddy) ਦੇ ਕੌਮੀ ਭੰਡਾਰ ‘ਚ ਯੋਗਦਾਨ ਪਾਉਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ‘ਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।

ਸੀਐੱਮ ਮਾਨ ਨੇ ਕਿਹਾ ਕਿ ਪੰਜਾਬ ‘ਚ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਸਪੱਸ਼ਟ ਸ਼ਬਦਾਂ ‘ਚ ਕਿਹਾ ਕਿ ਮੰਡੀਆਂ ‘ਚ ਸਖ਼ਤ ਮਿਹਨਤ ਨਾਲ ਬੀਜੀ ਝੋਨੇ ਦੀ ਫ਼ਸਲ ਨੂੰ ਖ਼ਰਾਬ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਇਸ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਸੀਐੱਮ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਝੋਨੇ ਦੀ ਖਰੀਦ ਲਈ ਠੋਸ ਪ੍ਰਬੰਧ ਕੀਤੇ ਹਨ, ਜਿਸ ਤਹਿਤ ਸੂਬੇ ਭਰ ‘ਚ 2651 ਮੰਡੀਆਂ ਸਥਾਪਿਤ ਕੀਤੀਆਂ ਹਨ। ਸੀਐੱਮ ਮਾਨ ਨੇ ਕਿਹਾ ਕਿ ਆਰਬੀਆਈ ਵੱਲੋਂ ਸੀਸੀਐਲ ਤਹਿਤ 41,378 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀਆਂ ਜਾਰੀ ਕੀਤੀਆਂ ਜਾ ਰਹੀਆਂ ਹਨ।

ਮੁੱਖ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਪੰਜਾਬ ਦੀਆਂ ਮੰਡੀਆਂ ‘ਚ 24.88 ਲੱਖ ਮੀਟ੍ਰਿਕ ਟਨ ਦੀ ਆਮਦ ਹੋਈ ਹੈ, ਜਿਸ ‘ਚੋਂ 22.22 ਲੱਖ ਮੀਟ੍ਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਅਦਾਇਗੀ ਲਈ 4027 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ।

Exit mobile version