Site icon TheUnmute.com

CM ਮਾਨ ਨੇ ਸਤਲੁਜ ਯਮੁਨਾ ਲਿੰਕ ਨਹਿਰ ਦੀ ਉਸਾਰੀ ਨੂੰ ਕੋਰੀ ਨਾਂਹ, ਚੰਡੀਗੜ੍ਹ ਨੂੰ ਪੰਜਾਬ ਦੇ ਹਵਾਲੇ ਕਰਨ ਲਈ ਕਿਹਾ

ਸਤਲੁਜ ਯਮੁਨਾ ਲਿੰਕ

ਅੰਮ੍ਰਿਤਸਰ, 26 ਸਤੰਬਰ 2023: ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਹੇਠ ਹੋਈ ਉੱਤਰੀ ਜ਼ੋਨਲ ਕੌਂਸਲ (North Zonal Council) ਦੀ 31ਵੀਂ ਬੈਠਕ ਵਿੱਚ ਸੂਬੇ ਦੇ ਵੱਖ-ਵੱਖ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਚੁੱਕਿਆ।

ਇਸਦੇ ਨਾਲ ਹੀ ਮੁੱਖ ਮੰਤਰੀ ਨੇ ਭਾਰਤ ਸਰਕਾਰ ਦੇ ਬਿਜਲੀ ਮੰਤਰਾਲੇ ਵੱਲੋਂ 15 ਮਈ, 2023 ਨੂੰ ਆਪਣੇ ਪੱਤਰ ਰਾਹੀਂ, ਬੀ.ਬੀ.ਐਮ.ਬੀ. ਦੇ ਚੇਅਰਮੈਨ ਨੂੰ ਹਿਮਾਚਲ ਪ੍ਰਦੇਸ਼ ਰਾਜ ਦੁਆਰਾ ਜਲ ਸਪਲਾਈ ਅਤੇ ਸਿੰਚਾਈ ਸਕੀਮਾਂ ਲਈ ਪਾਣੀ ਕੱਢਣ ਬਾਰੇ ਐਨ.ਓ.ਸੀ. ਲੈਣ ਦੀਆਂ ਸ਼ਰਤਾਂ ਵਿੱਚ ਢਿੱਲ ਦੇਣ ਦੇ ਜਾਰੀ ਕੀਤੇ ਨਿਰਦੇਸ਼ਾਂ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੁਆਰਾ ਬੀ.ਬੀ.ਐਮ.ਬੀ. ਨੂੰ ਜਾਰੀ ਕੀਤੇ ਗਏ ਨਿਰਦੇਸ਼, ਪੰਜਾਬ ਰਾਜ ਨੂੰ ਸਵੀਕਾਰ ਨਹੀਂ ਹਨ ਅਤੇ ਭਾਰਤ ਸਰਕਾਰ ਵੱਲੋਂ ਇਸ ‘ਤੇ ਮੁੜ ਵਿਚਾਰ ਕੀਤੇ ਜਾਣ ਦੀ ਲੋੜ ਹੈ ਕਿਉਂਕਿ ਜਲ ਸਮਝੌਤੇ ਦੇ ਮੱਦੇਨਜ਼ਰ, ਸਤਲੁਜ ਅਤੇ ਬਿਆਸ ਦਰਿਆ ਵਿੱਚੋਂ ਹਿਮਾਚਲ ਪ੍ਰਦੇਸ਼ ਰਾਜ ਨੂੰ ਪਾਣੀ ਦੀ ਵੰਡ ਕਰਨ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਬੀ.ਬੀ.ਐਮ.ਬੀ. ਦਾ ਕੰਮ ਰੋਪੜ, ਹਰੀਕੇ ਅਤੇ ਫਿਰੋਜ਼ਪੁਰ ਵਿਖੇ ਡੈਮ, ਜਲ ਭੰਡਾਰਾਂ, ਨੰਗਲ ਹਾਈਡਲ ਚੈਨਲ ਅਤੇ ਸਿੰਚਾਈ ਹੈੱਡਵਰਕਸ ਦਾ ਸਿਰਫ ਪ੍ਰਬੰਧਨ, ਰੱਖ-ਰਖਾਅ ਅਤੇ ਸੰਚਾਲਨ ਕਰਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਪੁਨਰਗਠਨ ਐਕਟ ਅਧੀਨ ਬੀ.ਬੀ.ਐਮ.ਬੀ. ਨੂੰ ਦਰਿਆਵਾਂ ਵਿੱਚੋਂ ਪਾਣੀ ਭਾਈਵਾਲ ਰਾਜਾਂ ਤੋਂ ਇਲਾਵਾ ਕਿਸੇ ਹੋਰ ਰਾਜ ਨੂੰ ਦੇਣ ਦਾ ਅਧਿਕਾਰ ਨਹੀਂ ਹੈ ਅਤੇ ਹਿਮਾਚਲ ਪ੍ਰਦੇਸ਼ ਤਾਂ ਭਾਈਵਾਲ ਸੂਬਾ ਵੀ ਨਹੀਂ ਹੈ।

ਹੜ੍ਹ ਰਾਹਤ ਦੇ ਨੇਮਾਂ ਵਿੱਚ ਬਦਲਾਅ ਦੀ ਜ਼ੋਰਦਾਰ ਵਕਾਲਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਇਸ ਸਾਲ ਪਹਾੜੀ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਦਾ ਬਹੁਤ ਨੁਕਸਾਨ ਝੱਲਿਆ ਹੈ। ਪਹਾੜੀ ਇਲਾਕਿਆਂ ਵਿੱਚ ਮੋਹਲੇਧਾਰ ਮੀਂਹ ਕਾਰਨ ਸੂਬੇ ਦੇ 16 ਜ਼ਿਲ੍ਹਿਆਂ ਵਿੱਚ ਹੜ੍ਹ ਆਉਣ ਕਾਰਨ ਜਾਨ-ਮਾਲ ਦਾ ਵੱਡਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਜਿਹੜੇ ਸੂਬੇ ਪੰਜਾਬ ਤੋਂ ਪਾਣੀਆਂ ਵਿੱਚ ਹਿੱਸਾ ਮੰਗਦੇ ਹਨ, ਉਹ ਸੂਬੇ ਇਸ ਸਮੇਂ ਦੌਰਾਨ ਪਾਣੀ ਲੈਣ ਲਈ ਵੀ ਤਿਆਰ ਨਹੀਂ ਹੋਏ। ਉਨ੍ਹਾਂ ਕਿਹਾ ਕਿ ਭਾਰੀ ਹੜ੍ਹਾਂ ਨਾਲ ਖੇਤਾਂ ਅਤੇ ਹੋਰ ਇਲਾਕਿਆਂ ਦਾ ਵੱਡੇ ਪੱਧਰ ਉਤੇ ਨੁਕਸਾਨ ਹੋਇਆ ਜਿਸ ਨਾਲ ਆਮ ਜਨ-ਜੀਵਨ ਪੱਟੜੀ ਤੋਂ ਲਹਿ ਗਿਆ ਪਰ ਲੋਕਾਂ ਨੂੰ ਦਿੱਤਾ ਜਾਣ ਵਾਲਾ ਮੁਆਵਜ਼ਾ ਬਹੁਤ ਘੱਟ ਹੈ। ਹੜ੍ਹ ਪੀੜਤਾਂ ਨੂੰ ਵਿੱਤੀ ਸਹਾਇਤਾ ਦੇਣ ਦੇ ਨੇਮਾਂ ਵਿੱਚ ਢਿੱਲ ਦੇਣ ਦੀ ਅਪੀਲ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਆਫਤ ਪ੍ਰਬੰਧਨ ਫੰਡ ਵਿੱਚ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਨੁਕਸਾਨ ਦੇ ਮੁਆਵਜ਼ੇ ਲਈ ਨੇਮਾਂ ਵਿੱਚ ਢਿੱਲ ਦੇਣ ਦੀ ਲੋੜ ਹੈ ਤਾਂ ਕਿ ਲੋਕਾਂ ਨੂੰ ਪੂਰਾ ਮੁਆਵਜ਼ਾ ਦਿੱਤਾ ਜਾ ਸਕੇ।

ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਕੋਲ ਕਿਸੇ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ। ਉਨ੍ਹਾਂ ਕਿਹਾ ਕਿ ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਦੀ ਬਜਾਏ ਯਮੁਨਾ ਸਤਲੁਜ ਲਿੰਕ (ਵਾਈ.ਐਸ.ਐਲ.) ਦੇ ਪ੍ਰਾਜੈਕਟ ਉਤੇ ਸੋਚ ਵਿਚਾਰ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਤਲੁਜ ਦਰਿਆ ਵਿੱਚ ਤਾਂ ਪਹਿਲਾਂ ਹੀ ਪਾਣੀ ਨਹੀਂ ਅਤੇ ਇਸ ਵਿੱਚੋਂ ਕਿਸੇ ਹੋਰ ਨੂੰ ਪਾਣੀ ਦੀ ਬੂੰਦ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਤਾਂ ਸਗੋਂ ਸਤਲੁਜ ਦਰਿਆ ਰਾਹੀਂ ਗੰਗਾ ਅਤੇ ਯਮੁਨਾ ਤੋਂ ਪਾਣੀ ਦੀ ਸਪਲਾਈ ਕਰਨੀ ਚਾਹੀਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਤਲੁਜ ਯਮੁਨਾ ਲਿੰਕ ਨਹਿਰ ਪੰਜਾਬ ਲਈ ਬਹੁਤ ਹੀ ‘ਜਜ਼ਬਾਤੀ ਮਸਲਾ’ ਹੈ ਅਤੇ ਇਸ ਨਹਿਰ ਦੀ ਉਸਾਰੀ ਨਾਲ ਅਮਨ-ਕਾਨੂੰਨ ਦੀ ਵਿਵਸਥਾ ਉਤੇ ਡੂੰਘਾ ਪ੍ਰਭਾਵ ਪਵੇਗਾ। ਇਹ ਇਕ ਕੌਮੀ ਸਮੱਸਿਆ ਬਣ ਜਾਵੇਗੀ, ਜਿਸ ਦਾ ਪ੍ਰਭਾਵ ਹਰਿਆਣਾ ਅਤੇ ਰਾਜਸਥਾਨ ਵੀ ਭੁਗਤਣਗੇ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਹਰਿਆਣਾ ਨਾਲ ਸਾਂਝਾ ਕਰਨ ਲਈ ਕੋਈ ਵਾਧੂ ਪਾਣੀ ਨਹੀਂ ਹੈ ਅਤੇ ਅੰਤਰਰਾਸ਼ਟਰੀ ਨਿਯਮਾਂ ਅਨੁਸਾਰ ਪਾਣੀ ਦੀ ਮੌਜੂਦਗੀ ਦਾ ਮੁੜ ਮੁਲਾਂਕਣ ਕਰਨਾ ਜ਼ਰੂਰੀ ਹੈ। ਯਮੁਨਾ ਦੇ ਪਾਣੀਆਂ ਸਮੇਤ ਨਵੀਆਂ ਸ਼ਰਤਾਂ ਅਤੇ ਬਦਲੇ ਹੋਏ ਹਾਲਾਤ ਅਨੁਸਾਰ ਨਵੇਂ ਟ੍ਰਿਬਿਊਨਲ ਦੀ ਸਥਾਪਨਾ ਕਰਨਾ ਹੀ ਪਾਣੀਆਂ ਦੇ ਵਿਵਾਦ ਦਾ ਇੱਕੋ-ਇੱਕ ਹੱਲ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ 76.5% ਬਲਾਕਾਂ (153 ਵਿੱਚੋਂ 117) ਵਿੱਚ ਧਰਤੀ ਹੇਠਲੇ ਪਾਣੀ ਦੀ ਨਿਕਾਸੀ ਦਾ ਪੱਧਰ 100 ਫੀਸਦੀ ਤੋਂ ਵੱਧ ਹੈ, ਜਦੋਂ ਕਿ ਹਰਿਆਣਾ ਵਿੱਚ 61.5 ਫੀਸਦੀ (143 ਵਿੱਚੋਂ 88) ਬਲਾਕ ਪ੍ਰਭਾਵਿਤ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਰਾਵੀ ਅਤੇ ਬਿਆਸ ਦਰਿਆਵਾਂ ਵਾਂਗ ਯਮੁਨਾ ਨਦੀ ਵੀ ਪੁਨਰਗਠਨ ਤੋਂ ਪਹਿਲਾਂ ਪੁਰਾਣੇ ਪੰਜਾਬ ਵਿੱਚੋਂ ਵਗਦੀ ਸੀ। ਹਾਲਾਂਕਿ, ਦਰਿਆਈ ਪਾਣੀਆਂ ਦੀ ਵੰਡ ਕਰਦੇ ਸਮੇਂ ਪੰਜਾਬ ਅਤੇ ਹਰਿਆਣਾ ਵਿਚਕਾਰ ਯਮੁਨਾ ਦੇ ਪਾਣੀਆਂ ਨੂੰ ਨਹੀਂ ਮੰਨਿਆ ਗਿਆ ਸੀ, ਜਦੋਂ ਕਿ ਵੰਡ ਲਈ ਰਾਵੀ ਅਤੇ ਬਿਆਸ ਦੇ ਪਾਣੀ ਨੂੰ ਧਿਆਨ ਵਿੱਚ ਰੱਖਿਆ ਗਿਆ ਸੀ। ਉਨ੍ਹਾਂ ਕਿਹਾ ਕਿ ਯਮੁਨਾ ਦੇ ਪਾਣੀਆਂ ਦੀ ਵੰਡ ਲਈ ਗੱਲਬਾਤ ਵਿੱਚ ਪੰਜਾਬ ਸਹਿਯੋਗ ਲਈ ਬੇਨਤੀ ਕਰਦਾ ਆ ਰਿਹਾ ਹੈ, ਪਰ ਸਾਡੀ ਬੇਨਤੀ ਨੂੰ ਇਸ ਆਧਾਰ ‘ਤੇ ਨਹੀਂ ਮੰਨਿਆ ਗਿਆ ਕਿ ਪੰਜਾਬ ਦਾ ਕੋਈ ਭੂਗੋਲਿਕ ਖੇਤਰ ਯਮੁਨਾ ਬੇਸਿਨ ਵਿੱਚ ਨਹੀਂ ਆਉਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰਿਆਣਾ ਰਾਵੀ ਅਤੇ ਬਿਆਸ ਦਰਿਆਵਾਂ ਦਾ ਬੇਸਿਨ ਸੂਬਾ ਨਹੀਂ ਹੈ, ਪਰ ਪੰਜਾਬ ਨੂੰ ਇਨ੍ਹਾਂ ਦਰਿਆਵਾਂ ਦਾ ਪਾਣੀ ਹਰਿਆਣਾ ਨਾਲ ਸਾਂਝਾ ਕਰਨ ਲਈ ਮਜਬੂਰ ਕੀਤਾ ਗਿਆ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਹਰਿਆਣਾ ਨੂੰ ਰਾਵੀ-ਬਿਆਸ ਦਾ ਪਾਣੀ ਪੰਜਾਬ ਵਿੱਚੋਂ ਨਿਕਲਿਆ ਸੂਬਾ ਬਣ ਕੇ ਮਿਲਦਾ ਹੈ, ਤਾਂ ਉਸੇ ਬਰਾਬਰੀ ਦੇ ਸਿਧਾਂਤ ਦੇ ਆਧਾਰ ‘ਤੇ ਯਮੁਨਾ ਦੇ ਪਾਣੀਆਂ ਨੂੰ ਵੀ ਪੰਜਾਬ ਨਾਲ ਸਾਂਝਾ ਕੀਤਾ ਜਾਣਾ ਚਾਹੀਦਾ ਹੈ।

ਪਾਕਿਸਤਾਨ ਨੂੰ ਅਜਾਈਂ ਜਾਂਦੇ ਉੱਜ ਅਤੇ ਰਾਵੀ ਦਰਿਆਵਾਂ ਦੇ ਪਾਣੀ ਦੀ ਵਰਤੋਂ ਦੀ ਵਕਾਲਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਬਹੁਤ ਸਮਾਂ ਪਹਿਲਾਂ ਇਹ ਤਜਵੀਜ਼ ਦਿੱਤੀ ਸੀ ਕਿ ਰਾਵੀ ਦਰਿਆ ਦੇ ਨਾਲ-ਨਾਲ ਬਰਾਜ ਦਾ ਨਿਰਮਾਣ ਕੀਤਾ ਜਾਵੇ ਜਿਹੜਾ ਦਰਿਆ ਉੱਜ ਤੇ ਰਾਵੀ ਦਰਿਆ ਦੇ ਸੁਮੇਲ ਵਾਲੀ ਥਾਂ ਮਕੌੜਾ ਪੱਤਣ ਤੱਕ ਬਣੇ ਜੋ ਭਾਰਤ-ਪਾਕਿਸਤਾਨ ਸਰਹੱਦ ਦੇ ਚਾਰ ਕਿਲੋਮੀਟਰ ਦੇ ਘੇਰੇ ਵਿੱਚ ਪੈਂਦੀ ਹੈ। ਇਸ ਤੋਂ ਇਲਾਵਾ ਇਸ ਪਾਣੀ ਦੀ ਵਰਤੋਂ ਕਰਨ ਅਤੇ ਡਿਸਚਾਰਜ ਨੂੰ ਯੂ.ਬੀ.ਡੀ.ਸੀ. ਕੈਨਾਲ ਸਿਸਟਮ ਦੇ ਕਲਾਨੌਰ ਅਤੇ ਰਮਦਾਸ ਡਿਸਟਰੀਬਿਊਟਰੀ ਸਿਸਟਮ ਵੱਲ ਮੋੜਨ ਦੀ ਤਜਵੀਜ਼ ਵੀ ਰੱਖੀ ਗਈ ਸੀ ਤਾਂ ਜੋ ਇਸ ਸਿਸਟਮ ਨੂੰ ਗੈਰ-ਨਿਰੰਤਰ ਤੋਂ ਸਦੀਵੀ ਬਣਾਇਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪ੍ਰਾਜੈਕਟ ਨੂੰ ਛੇਤੀ ਪ੍ਰਵਾਨਗੀ ਦੇਣੀ ਚਾਹੀਦੀ ਹੈ ਅਤੇ ਇਸ ਕੰਮ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੀ ਇਜਾਜ਼ਤ ਦਿੱਤੀ ਜਾਵੇ।

ਚੰਡੀਗੜ੍ਹ ਨੂੰ ਪੰਜਾਬ ਦੇ ਹਵਾਲੇ ਕੀਤਾ ਜਾਵੇ

ਚੰਡੀਗੜ੍ਹ ਨੂੰ ਪੰਜਾਬ ਦੇ ਹਵਾਲੇ ਕਰਨ ਦਾ ਮਸਲਾ ਜ਼ੋਰਦਾਰ ਢੰਗ ਨਾਲ ਉਠਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਰਾਜਧਾਨੀ ਨੂੰ ਅਧਿਕਾਰਤ ਤੌਰ ‘ਤੇ 21 ਸਤੰਬਰ, 1953 ਨੂੰ ਸ਼ਿਮਲਾ ਤੋਂ ਚੰਡੀਗੜ੍ਹ ਤਬਦੀਲ ਕਰ ਦਿੱਤਾ ਗਿਆ ਸੀ ਅਤੇ ਇਸ ਦਾ ਉਦਘਾਟਨ ਭਾਰਤ ਦੇ ਪਹਿਲੇ ਰਾਸ਼ਟਰਪਤੀ ਡਾ. ਰਾਜਿੰਦਰ ਪ੍ਰਸਾਦ ਜੀ ਵੱਲੋਂ 7 ਅਕਤੂਬਰ, 1953 ਨੂੰ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਹਾਲਾਂਕਿ, 1966 ਵਿੱਚ ਸੂਬੇ ਦੀ ਵੰਡ ਸਮੇਂ ਪੰਜਾਬ ਪੁਨਰਗਠਨ ਐਕਟ, 1966 ਦੇ ਸੈਕਸ਼ਨ 4 ਦੇ ਉਪਬੰਧਾਂ ਤਹਿਤ ਚੰਡੀਗੜ੍ਹ ਸ਼ਹਿਰ ਨੂੰ 1 ਨਵੰਬਰ, 1966 ਤੋਂ ਕੇਂਦਰੀ ਸ਼ਾਸਤ ਪ੍ਰਦੇਸ਼ ਬਣਾ ਦਿੱਤਾ ਗਿਆ ਸੀ। ਹੁਣ ਤੱਕ ਇਹੀ ਸਥਿਤੀ ਬਰਕਰਾਰ ਹੈ, ਜੋ ਕਿ ਸੂਬੇ ਦੇ ਲੋਕਾਂ ਨਾਲ ਘੋਰ ਬੇਇਨਸਾਫ਼ੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਚੰਡੀਗੜ੍ਹ ਸ਼ਹਿਰ ਨੂੰ ਪੰਜਾਬ ਦੀ ਐਕੁਆਇਰ ਕੀਤੀ ਗਈ ਜ਼ਮੀਨ ਉੱਤੇ ਪੰਜਾਬ ਦੀ ਨਵੀਂ ਰਾਜਧਾਨੀ ਵਜੋਂ ਵਸਾਇਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦੀ ਰਾਜਧਾਨੀ ਵਜੋਂ ਇਸ ਦਾ ਦਰਜਾ ਬਹਾਲ ਕਰਨ ਦਾ ਮਾਮਲਾ ਅਜੇ ਲਟਕਿਆ ਹੋਇਆ ਹੈ ਜਿਸ ਨਾਲ ਹਰੇਕ ਪੰਜਾਬੀ ਦੇ ਮਨ ਨੂੰ ਡੂੰਘੀ ਠੇਸ ਪਹੁੰਚਦੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਇਹ ਮਸਲਾ ਵੱਖ-ਵੱਖ ਮੰਚਾਂ ‘ਤੇ ਵਿਚਾਰ ਅਧੀਨ ਹੈ, ਪਰ ਵੱਖ-ਵੱਖ ਪੱਧਰ ‘ਤੇ ਇਸ ਮਸਲੇ ਨੂੰ ਉਠਾਉਣ ਦੇ ਬਾਵਜੂਦ, ਪੰਜਾਬ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਇਸ ਮੰਗ ਦਾ ਨਿਪਟਾਰਾ ਨਹੀਂ ਹੋਇਆ।

Exit mobile version