ਚੰਡੀਗੜ੍ਹ, 20 ਸਤੰਬਰ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹਲਵਾਰਾ ਹਵਾਈ ਅੱਡੇ (Halwara Airport) ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ (Shaheed Kartar Singh Sarabha) ਦੇ ਨਾਂ ‘ਤੇ ਰੱਖਣ ਦੀ ਮੰਗ ਦੁਹਰਾਈ ਹੈ ।ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮਮੋਹਨ ਨਾਇਡੂ ਕਿੰਜਰਾਪੂ ਨੂੰ ਲਿਖੇ ਪੱਤਰ ‘ਚ ਮੁੱਖ ਮੰਤਰੀ ਨੇ ਯਾਦ ਦਿਵਾਇਆ ਕਿ ਪੰਜਾਬ ਅਸੈਂਬਲੀ ਨੇ 22 ਮਾਰਚ, 2023 ਨੂੰ ਹੋਈ ਆਪਣੀ ਬੈਠਕ ‘ਚ ਸਰਬਸੰਮਤੀ ਨਾਲ ਇੱਕ ਅਧਿਕਾਰਤ ਮਤਾ ਪਾਸ ਕੀਤਾ ਸੀ ਜਿਸ ‘ਚ ਭਾਰਤ ਸਰਕਾਰ ਦੇ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੂੰ ਬੇਨਤੀ ਕੀਤੀ ਗਈ ਸੀ।
ਇਸ ‘ਚ ਏਅਰ ਫੋਰਸ ਸਟੇਸ਼ਨ, ਹਲਵਾਰਾ, ਜ਼ਿਲ੍ਹਾ ਲੁਧਿਆਣਾ, ਪੰਜਾਬ ‘ਚ ਬਣਨ ਵਾਲੇ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ “ਸ਼ਹੀਦ ਕਰਤਾਰ ਸਿੰਘ ਸਰਾਭਾ ਅੰਤਰਰਾਸ਼ਟਰੀ ਹਵਾਈ ਅੱਡਾ” ਰੱਖਣ ਦੀ ਬੇਨਤੀ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਇਸ ਹਵਾਈ ਅੱਡੇ ਦੀ ਅੰਤਰਿਮ ਟਰਮੀਨਲ ਇਮਾਰਤ ਇਸ ਮਹੀਨੇ ਦੇ ਅੰਤ ਤੱਕ ਬਣ ਕੇ ਤਿਆਰ ਹੋ ਜਾਣ ਦੀ ਉਮੀਦ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਾਲ ਦੇ ਅੰਤ ਤੱਕ ਹਵਾਈ ਅੱਡੇ ਤੋਂ ਉਡਾਣਾਂ ਸ਼ੁਰੂ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਉਨ੍ਹਾਂ ਪਿਛਲੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨੂੰ ਵੀ ਬੇਨਤੀ ਕੀਤੀ ਸੀ।
Read More: ਪਟਿਆਲਾ ‘ਚ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੀ ਬੀਬੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਨਿੱਜੀ ਤੌਰ ‘ਤੇ ਇਹ ਮਾਮਲਾ ਉਨ੍ਹਾਂ ਕੋਲ ਉਠਾਇਆ ਹੈ ਕਿਉਂਕਿ ਇਹ ਮੁੱਦਾ ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਦੁਹਰਾਇਆ ਕਿ ਹਵਾਈ ਅੱਡੇ (Halwara Airport) ਦਾ ਨਾਂ ਕਰਤਾਰ ਸਿੰਘ ਸਰਾਭਾ (Shaheed Kartar Singh Sarabha) ਦੇ ਨਾਂ ‘ਤੇ ਰੱਖਣਾ ਉਸ ਮਹਾਨ ਸ਼ਹੀਦ ਨੂੰ ਨਿਮਰ ਸ਼ਰਧਾਂਜਲੀ ਹੋਵੇਗੀ, ਜਿਨ੍ਹਾਂ ਨੇ ਮਾਤ ਭੂਮੀ ਲਈ ਆਪਣੀ ਜਾਨ ਨਿਛਾਵਰ ਕਰ ਦਿੱਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨੌਜਵਾਨ ਸ਼ਹੀਦ ਸਦੀਆਂ ਤੋਂ ਨੌਜਵਾਨ ਪੀੜ੍ਹੀ ਲਈ ਆਪਣੇ ਦੇਸ਼ ਲਈ ਨਿਰਸਵਾਰਥ ਹੋ ਕੇ ਕੰਮ ਕਰਨ ਦਾ ਪ੍ਰੇਰਨਾ ਸਰੋਤ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਚੁੰਗਲ ਤੋਂ ਮੁਕਤ ਕਰਵਾਉਣ ਲਈ ਮਹਾਨ ਸ਼ਹੀਦ ਨੇ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਗ਼ਦਰ ਪਾਰਟੀ ਦੇ ਸਰਗਰਮ ਆਗੂ ਹੋਣ ਦੇ ਨਾਤੇ ਉਨ੍ਹਾਂ ਪਹਿਲਾਂ ਵਿਦੇਸ਼ ਅਤੇ ਫਿਰ ਦੇਸ਼ ਵਿੱਚ ਆਜ਼ਾਦੀ ਦੀ ਪ੍ਰਾਪਤੀ ਲਈ ਅਣਥੱਕ ਮਿਹਨਤ ਕੀਤੀ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਪਹਿਲਾਂ ਹੀ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ’ਤੇ ਰੱਖਣਾ ਹੀ ਸ਼ਹੀਦ ਨੂੰ ਨਿਮਰ ਸ਼ਰਧਾਂਜਲੀ ਹੋਵੇਗੀ।
ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਹਵਾਈ ਅੱਡਿਆਂ, ਯੂਨੀਵਰਸਿਟੀਆਂ ਅਤੇ ਹੋਰ ਸੰਸਥਾਵਾਂ ਦਾ ਨਾਂ ਇਨ੍ਹਾਂ ਮਹਾਨ ਸ਼ਹੀਦਾਂ ਦੇ ਨਾਂ ‘ਤੇ ਰੱਖਣਾ ਉਨ੍ਹਾਂ ਦੀ ਗੌਰਵਮਈ ਵਿਰਾਸਤ ਨੂੰ ਕਾਇਮ ਰੱਖਣ ਲਈ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੰਸਥਾਵਾਂ ਦਾ ਨਾਮ ਮਹਾਨ ਕੌਮੀ ਆਗੂਆਂ ਦੇ ਨਾਂ ’ਤੇ ਰੱਖ ਕੇ ਸਾਡੇ ਨੌਜਵਾਨਾਂ ਨੂੰ ਦੇਸ਼ ਪ੍ਰਤੀ ਨਿਰਸਵਾਰਥ ਸੇਵਾ ਲਈ ਪ੍ਰੇਰਿਤ ਕੀਤਾ ਜਾ ਸਕਦਾ ਹੈ।