ਸ੍ਰੀ ਗੁਰੂ ਰਵਿਦਾਸ ਯਾਦਗਾਰ

ਖੁਰਾਲਗੜ੍ਹ ‘ਚ ਸ੍ਰੀ ਗੁਰੂ ਰਵਿਦਾਸ ਯਾਦਗਾਰ ਦਾ ਵਿਸਥਾਰ ਤੇ ਫਰੀਦਪੁਰ ‘ਚ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਬਣੇਗਾ: CM ਭਗਵੰਤ ਮਾਨ

ਖੁਰਾਲਗੜ੍ਹ, 06 ਫਰਵਰੀ 2026: ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਲੜੀਵਾਰ ਸਮਾਗਮਾਂ ਦੀ ਰਸਮੀ ਤੌਰ ‘ਤੇ ਸ਼ੁਰੂਆਤ ਕੀਤੀ ਹੈ। ਇਨ੍ਹਾਂ ਲੜੀਵਾਰ ਸਮਾਗਮਾਂ ਤਹਿਤ 20 ਫਰਵਰੀ, 2027 ਤੱਕ ਸੂਬਾ ਭਰ ‘ਚ ਧਾਰਮਿਕ, ਸੱਭਿਆਰਚਾਰਕ ਅਤੇ ਅਕਾਦਮਿਕ ਪੱਧਰ ਉਤੇ ਵੱਖ-ਵੱਖ ਉਪਰਾਲੇ ਕੀਤੇ ਜਾਣਗੇ।

ਮੁੱਖ ਮੰਤਰੀ ਭਗਵੰਤ ਮਾਨ ਨੇ ਇਨ੍ਹਾਂ ਸਮਾਗਮਾਂ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਸਾਲ ਭਰ ਸੰਤ ਸੰਮੇਲਨ, ਕਾਨਫਰੰਸਾਂ, ਕਥਾ-ਕੀਰਤਨ ਅਤੇ ਯੂਨੀਵਰਸਿਟੀਆਂ ‘ਚ ਸੈਮੀਨਾਰ ਕਰਵਾਏ ਜਾਣਗੇ। ਇਸ ਦੇ ਨਾਲ ਹੀ ਖੁਰਾਲਗੜ੍ਹ ਵਿਖੇ ਸ੍ਰੀ ਗੁਰੂ ਰਵਿਦਾਸ ਯਾਦਗਾਰ ਦੇ ਵਿਸਥਾਰ ਦਾ ਕੰਮ ਅਤੇ ਫਰੀਦਪੁਰ ਵਿਖੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦੀ ਸਥਾਪਨਾ ਸਮੇਤ ਬੁਨਿਆਦੀ ਢਾਂਚੇ ਦੇ ਵੱਡੇ ਪ੍ਰਾਜੈਕਟ ਦਾ ਐਲਾਨ ਕੀਤਾ ਹੈ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਗੁਰੂ ਸਾਹਿਬ ਜੀ ਨੂੰ ਸਮਰਿਪਤ ਮਹਾਨ ਸਮਾਗਮਾਂ ਅਤੇ ਪ੍ਰਾਜੈਕਟਾਂ ਲਈ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਸੰਤ ਸਮਾਜ ਦੇ ਸਾਰੇ ਆਦੇਸ਼ ਪੂਰੀ ਤਰ੍ਹਾਂ ਲਾਗੂ ਕੀਤੇ ਜਾਣਗੇ। ਸਾਲ ਭਰ ਚੱਲਣ ਵਾਲੇ ਪ੍ਰੋਗਰਾਮ ‘ਆਪ’ ਸਰਕਾਰ ਦੇ ਸ਼ਾਸਨ ਦੇ ਅਨੁਕੂਲ ਹੋਣਗੇ ਜੋ ਸਿੱਖਿਆ ਸੁਧਾਰਾਂ ਨੂੰ ਤਰਜੀਹ ਦਿੰਦਾ ਹੈ, 10 ਲੱਖ ਰੁਪਏ ਤੱਕ ਦੇ ਨਕਦ ਰਹਿਤ ਇਲਾਜ ਨਾਲ ਜਨਤਕ ਸਿਹਤ ਸੰਭਾਲ ਦਾ ਵਿਸਤਾਰ ਕਰਦਾ ਹੈ ਅਤੇ ਲੋਕ ਭਲਾਈ ਤੇ ਅਧਾਰਿਤ ਫੈਸਲੇ ਲੈਂਦਾ ਹੈ।

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਗਤ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ, “ਗੁਰੂ ਜੀ ਦੇ ਸੰਦੇਸ਼ ਨੂੰ ਦੁਨੀਆ ਭਰ ‘ਚ ਫੈਲਾਉਣਾ ਸਾਡਾ ਸਮੂਹਿਕ ਫਰਜ਼ ਹੈ। ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਹਰੇਕ ਤਰ੍ਹਾਂ ਦੇ ਭੇਦਭਾਵ ਤੋਂ ਮੁਕਤ ਬਰਾਬਰੀ ਵਾਲੇ ਸਮਾਜ ਦੀ ਕਲਪਨਾ ਕੀਤੀ ਸੀ।”

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਹ ਖੁਰਾਲਗੜ੍ਹ ਦੀ ਪਾਵਨ ਧਰਤੀ ਨਾਲ ਜੁੜ ਕੇ ਸੁਭਾਗਾ ਮਹਿਸੂਸ ਕਰਦੇ ਹਨ ਕਿਉਂਕਿ ਗੁਰੂ ਜੀ ਨੇ ਇੱਥੇ ਚਾਰ ਸਾਲ ਤੋਂ ਵੱਧ ਸਮਾਂ ਰਹਿ ਕੇ ਭਗਤੀ ਕੀਤੀ ਅਤੇ ਬਰਾਬਰਤਾ ਦਾ ਸੰਦੇਸ਼ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਾਨ ਵਿਰਾਸਤ ਨੂੰ ਕਾਇਮ ਰੱਖਣ ਲਈ ਪੰਜਾਬ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਖੋਜ ਲਈ ਚੇਅਰਾਂ ਸਥਾਪਤ ਕੀਤੀਆਂ ਹਨ।

ਉਨ੍ਹਾਂ ਕਿਹਾ ਕਿ ਸੰਤ ਸਮਾਜ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸਮਾਗਮ ਕਰਵਾਏਗੀ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਦੇ ਅਨੁਸਾਰ ਉਹ ਇਹ ਭਾਵਨਾ ਰੱਖਦੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਗਰੀਬ ਤੋਂ ਗਰੀਬ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ, ਜਿਸ ਲਈ ਲੋਕ ਭਲਾਈ ਦੀਆਂ ਕਈ ਵੱਡੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਸਮੁੱਚੀ ਮਨੁੱਖਤਾ ਦੀ ਭਲਾਈ ਅਤੇ ਸਮਾਜ ਦੇ ਸਾਰੇ ਵਰਗਾਂ ਦੀ ਬਰਾਬਰੀ ਦਾ ਸੰਦੇਸ਼ ਦਿੱਤਾ।

ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਮਹਾਨ ਜੀਵਨ ਅਤੇ ਸਿੱਖਿਆਵਾਂ ਮਨੁੱਖਤਾ ਨੂੰ ਬਰਾਬਰੀ ਵਾਲਾ ਸਮਾਜ ਸਿਰਜਣ ਵੱਲ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਸਮਾਜ ਦੇ ਗਰੀਬ ਅਤੇ ਪਛੜੇ ਵਰਗਾਂ ਦੇ ਮਹਾਨ ਅਧਿਆਤਮਕ ਦੂਤ ਅਤੇ ਮਸੀਹਾ ਸਨ, ਜਿਨ੍ਹਾਂ ਨੇ ਸਾਨੂੰ ਜੀਵਨ ਜਿਊਣ ਦਾ ਸਹੀ ਰਸਤਾ ਦਿਖਾਇਆ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਭਾਰਤ ਰਤਨ ਬਾਬਾ ਸਾਹਿਬ ਬੀ.ਆਰ. ਅੰਬੇਡਕਰ ਦੀ ਵਿਚਾਰਧਾਰਾ ਮੁਤਾਬਕ ਪੰਜਾਬ ਸਰਕਾਰ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਮਿਆਰੀ ਸਿੱਖਿਆ ਦੇ ਕੇ ਉਨ੍ਹਾਂ ਨੂੰ ਸਸ਼ਕਤ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੁਆਰਾ ਸਥਾਪਿਤ ‘ਸਕੂਲ ਆਫ਼ ਐਮੀਨੈਂਸ’ ਹੋਣਹਾਰ ਗ਼ਰੀਬ ਵਿਦਿਆਰਥੀਆਂ ਨੂੰ ਖੁਸ਼ਹਾਲ ਭਵਿੱਖ ਲਈ ਤਿਆਰ ਕਰਕੇ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੇ ਹਨ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ‘ਮੁੱਖ ਮੰਤਰੀ ਸਿਹਤ ਯੋਜਨਾ’ ਪੰਜਾਬ ਭਰ ‘ਚ ਲਾਗੂ ਕੀਤੀ ਜਾ ਰਹੀ ਹੈ, ਹੁਣ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਇੱਕ ਪਰਿਵਾਰ 5 ਲੱਖ ਰੁਪਏ ਤੱਕ ਦਾ ਇਲਾਜ ਕਰਵਾ ਸਕਦਾ ਸੀ, ਜਿਸ ਨੂੰ ਹੁਣ ਵਧਾ ਕੇ 10 ਲੱਖ ਰੁਪਏ ਕਰ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਯੋਜਨਾ ਨਾਲ ਲਗਭਗ 65 ਲੱਖ ਪਰਿਵਾਰਾਂ ਨੂੰ ਲਾਭ ਹੋਵੇਗਾ |

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਖੁਰਾਲਗੜ੍ਹ ‘ਚ ਲਗਭੱਗ 148 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਵਿਸ਼ਵ ਪੱਧਰੀ ਯਾਦਗਾਰ ਬਣਾਈ ਹੈ ਅਤੇ ਇਹ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੂੰ ਸ਼ਰਧਾਂਜਲੀ ਹੈ। ਉਨ੍ਹਾਂ ਕਿਹਾ ਕਿ ਇਹ ਯਾਦਗਾਰ ਸੈਲਾਨੀ ਸਹੂਲਤਾਂ ਵਾਲੀ ਇਮਾਰਤ, ਬਹੁ-ਪੱਧਰੀ ਪਾਰਕਿੰਗ, ਮੀਨਾਰ-ਏ-ਬੇਗਮਪੁਰਾ, ਸੰਗਤ ਹਾਲ, ਅਤਿ-ਆਧੁਨਿਕ ਆਡੀਟੋਰੀਅਮ ਅਤੇ ਹੋਰ ਸਹੂਲਤਾਂ ਨਾਲ ਲੈਸ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਅਧਿਐਨ ਕੇਂਦਰ ਲਈ 10 ਕਰੋੜ ਰੁਪਏ ਦੀ ਲਾਗਤ ਨਾਲ ਜਲੰਧਰ ਦੇ ਪਿੰਡ ਫਰੀਦਪੁਰ ਅਤੇ ਨੌਗਜ਼ਾ ‘ਚ 12 ਏਕੜ ਜ਼ਮੀਨ ਖਰੀਦੀ ਹੈ। ਇਹ ਅਤਿ-ਆਧੁਨਿਕ ਕੇਂਦਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਅਤੇ ਦਰਸ਼ਨ ‘ਤੇ ਵਿਸ਼ਾਲ ਅਧਿਐਨ ਕੇਂਦਰ ਵਜੋਂ ਉਭਰੇਗਾ।

ਇਸ ਮੌਕੇ ‘ਆਪ’ ਆਗੂ ਮਨੀਸ਼ ਸਿਸੋਦੀਆ ਨੇ ਕਿਹਾ ਕਿ ਉਹ ਖੁਰਾਲਗੜ੍ਹ ਦੀ ਪਵਿੱਤਰ ਧਰਤੀ ‘ਤੇ ਆਉਣ ਦਾ ਮੌਕਾ ਮਿਲਣ ‘ਤੇ ਖੁਦ ਨੂੰ ਸੁਭਾਗਾ ਮਹਿਸੂਸ ਕਰ ਰਹੇ ਹਨ, ਜਿੱਥੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਆਪਣੇ ਚਰਨ ਪਾਏ। ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਇਸ ਧਰਤੀ ਤੋਂ ਮਨੁੱਖਤਾ ਲਈ ਬਰਾਬਰਤਾ ਦਾ ਸੰਦੇਸ਼ ਦਿੱਤਾ | ਮਨੀਸ਼ ਸਿਸੋਦੀਆ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਬਰਾਬਰੀ ਦੇ ਸਿਧਾਂਤ ਨੂੰ ਕਾਇਮ ਰੱਖਦਿਆਂ ਸੂਬਾ ਸਰਕਾਰ ਹਰੇਕ ਨਾਗਰਿਕ ਨੂੰ ਸਿੱਖਿਆ, ਸਿਹਤ ਅਤੇ ਹੋਰ ਸਹੂਲਤਾਂ ਪ੍ਰਦਾਨ ਕਰ ਰਹੀ ਹੈ।

Read More: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਸ਼ੁਰੂਆਤ

ਵਿਦੇਸ਼

Scroll to Top