ਚੰਡੀਗੜ੍ਹ 24 ਮਾਰਚ 2022 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਅੱਜ ਦਿੱਲੀ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨਾਲ ਮੁਲਾਕਾਤ ਕੀਤੀ। ਸੀਐਮ ਦਾ ਅਹੁਦਾ ਸੰਭਾਲਣ ਤੋਂ ਬਾਅਦ ਭਗਵੰਤ ਮਾਨ ਦੀ ਪੀਐਮ ਮੋਦੀ ਨਾਲ ਇਹ ਪਹਿਲੀ ਮੁਲਾਕਾਤ ਹੈ। ਇਸ ਮੁਲਾਕਾਤ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਸੂਬੇ ਦੇ ਕਈ ਅਹਿਮ ਮੁੱਦੇ ਪ੍ਰਧਾਨ ਮੰਤਰੀ ਦੇ ਸਾਹਮਣੇ ਰੱਖੇ ਅਤੇ ਪੰਜਾਬ ਦੇ ਵਿਕਾਸ ਲਈ ਕੇਂਦਰ ਤੋਂ ਮਦਦ ਦੀ ਮੰਗ ਕੀਤੀ।
ਪੀਐੱਮ ਮੋਦੀ ਤੋਂ 50 ਹਜ਼ਾਰ ਕਰੋੜ ਸਾਲਾਨਾ ਮੰਗ
ਪੰਜਾਬ ਦੀ ਵਿੱਤੀ ਹਾਲਤ ਬਹੁਤ ਖਰਾਬ ਹੈ। ਤਿੰਨ ਲੱਖ ਕਰੋੜ ਤੋਂ ਵੱਧ ਦਾ ਕਰਜ਼ਾ ਹੈ। ਸਰਕਾਰ ਬਣਨ ਤੋਂ ਬਾਅਦ ਦਿਨ ਰਾਤ ਮਿਹਨਤ ਕਰ ਰਹੇ ਹਾਂ। ਖਜਾਨੇ ਨੂੰ ਲੁੱਟਣ ਵਾਲੇ ਮਾਫੀਆ ਨੂੰ ਖਤਮ ਕਰਕੇ ਮੁੜ ਤੋਂ ਭਰਿਆ ਜਾਵੇ। ਉਨ੍ਹਾਂ ਨੇ ਮੰਗ ਕੀਤੀ ਹੈ ਕਿ 50 ਹਜ਼ਾਰ ਕਰੋੜ ਸਾਲਾਨਾ ਘੱਟੋ ਘੱਟ ਦੋ ਸਾਲ ਲਈ ਪੈਕੇਜ ਦਿੱਤਾ ਜਾਵੇ। ਇਸ ਸਮੇਂ ਦੌਰਾਨ ਅਸੀਂ ਪੰਜਾਬ ਦੀ ਵਿੱਤੀ ਹਾਲਤ ਮੁੜ ਤੋਂ ਲੀਹ ਤੇ ਲਿਆਵਾਂਗੇ। ਮਾਨ ਨੇ ਕਿਹਾ ਕਿ ਮੈਨੂੰ ਉਮੀਦ ਹੈ ਕਿ ਪੀਐੱਮ ਮੋਦੀ ਵਿੱਤ ਮੰਤਰੀ ਨਾਲ ਗੱਲਬਾਤ ਕਰਕੇ ਸਾਡੀ ਮੰਗ ਪੂਰੀ ਕਰਨਗੇ। ਪ੍ਰਧਾਨ ਮੰਤਰੀ ਨੇ ਕਿਹਾ ਕਿ ਮਿਲ ਕੇ ਦੇਸ਼ ਨੂੰ ਅੱਗ ਵਧਾਉਣ ਹੈ ਤਾਂ ਮਾਨ ਨੇ ਕਿਹਾ ਕਿ ਪੰਜਾਬ ਦੇ ਵਿਕਾਸ ਨਾਲ ਹੀ ਦੇਸ਼ ਦਾ ਵਿਕਾਸ ਹੋਵੇਗਾ।