ਚੰਡੀਗੜ, 27 ਜਨਵਰੀ 2025: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ (CM Nayab Singh Saini) ਨੇ ਅੱਜ 324 ਕ੍ਰੈਚ ਸੈਂਟਰਾਂ ਦਾ ਉਦਘਾਟਨ ਕੀਤਾ, ਜੋ ਕਿ ਸੂਬੇ ‘ਚ ਮਹਿਲਾ ਅਤੇ ਬਾਲ ਭਲਾਈ ਲਈ ਇੱਕ ਵੱਡੀ ਪਹਿਲ ਹੈ। ਇਨ੍ਹਾਂ ਕੇਂਦਰਾਂ ਦਾ ਉਦੇਸ਼ ਕੰਮਕਾਜੀ ਔਰਤਾਂ ਨੂੰ ਉਨ੍ਹਾਂ ਦੇ ਕੰਮ ਵਾਲੀ ਥਾਂ ‘ਤੇ ਸਹਾਇਤਾ ਪ੍ਰਦਾਨ ਕਰਨਾ ਅਤੇ ਉਨ੍ਹਾਂ ਦੇ ਬੱਚਿਆਂ ਲਈ ਇੱਕ ਸੁਰੱਖਿਅਤ ਅਤੇ ਪਾਲਣ-ਪੋਸ਼ਣ ਵਾਲਾ ਵਾਤਾਵਰਣ ਪ੍ਰਦਾਨ ਕਰਨਾ ਹੈ।
ਮੁੱਖ ਮੰਤਰੀ ਨਾਇਬ ਸਿੰਘ ਅੱਜ ਇੱਥੇ ਹਰਿਆਣਾ ਸਰਕਾਰ ਦੇ ਤੀਜੇ ਕਾਰਜਕਾਲ ਦੇ 100 ਦਿਨ ਪੂਰੇ ਹੋਣ ਦੇ ਮੌਕੇ ‘ਤੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਕੈਬਨਿਟ ਮੰਤਰੀ ਅਨਿਲ ਵਿਜ, ਵਿਪੁਲ ਗੋਇਲ, ਸ਼ਿਆਮ ਸਿੰਘ ਰਾਣਾ, ਰਣਬੀਰ ਗੰਗਵਾ, ਸ਼ਰੂਤੀ ਚੌਧਰੀ ਅਤੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਡਾ. ਕ੍ਰਿਸ਼ਨ ਲਾਲ ਮਿੱਢਾ ਮੌਜੂਦ ਸਨ।
ਇਸ ਮੌਕੇ ਮੁੱਖ ਮੰਤਰੀ ਨੇ ਔਰਤਾਂ ਅਤੇ ਬੱਚਿਆਂ ਦੇ ਸਸ਼ਕਤੀਕਰਨ ਲਈ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਹੋਰ ਯੋਜਨਾਵਾਂ ਦਾ ਵੀ ਜ਼ਿਕਰ ਕੀਤਾ ਅਤੇ ਕਿਹਾ ਕਿ ਸਰਕਾਰ ਹਰਿਆਣਾ ਨੂੰ ਇੱਕ ਖੁਸ਼ਹਾਲ, ਮਜ਼ਬੂਤ ਅਤੇ ਸਮਾਨਤਾ ਅਧਾਰਤ ਰਾਜ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਔਰਤਾਂ ਨੂੰ ਸਵੈ-ਨਿਰਭਰ ਬਣਾ ਕੇ ਉਨ੍ਹਾਂ ਨੂੰ ਸਸ਼ਕਤ ਬਣਾਉਣਾ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਬੇਟੀ ਬਚਾਓ-ਬੇਟੀ ਪੜ੍ਹਾਓ ਮੁਹਿੰਮ ਨੂੰ ਹੋਰ ਹੁਲਾਰਾ ਦੇਣ ਲਈ, ਸਾਰੀਆਂ ਮਹਿਲਾ ਸਰਪੰਚਾਂ ਨੂੰ ਉਨ੍ਹਾਂ ਦੇ ਪਿੰਡਾਂ ਦੀਆਂ ਬ੍ਰਾਂਡ ਅੰਬੈਸਡਰ ਬਣਾਉਣ ਦਾ ਫੈਸਲਾ ਕੀਤਾ ਹੈ।
ਉਨ੍ਹਾਂ (CM Nayab Singh Saini) ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀ ਅੱਧੀ ਆਬਾਦੀ ਨੂੰ ਸਸ਼ਕਤ ਬਣਾਉਣ ਲਈ ਪਾਣੀਪਤ ਤੋਂ ‘ਬੀਮਾ ਸਖੀ ਯੋਜਨਾ’ ਸ਼ੁਰੂ ਕੀਤੀ। ਇਸ ਵਿੱਚ ਔਰਤਾਂ ਨੂੰ ਪਹਿਲੇ ਸਾਲ 7 ਹਜ਼ਾਰ ਰੁਪਏ, ਦੂਜੇ ਸਾਲ 6 ਹਜ਼ਾਰ ਰੁਪਏ ਅਤੇ ਤੀਜੇ ਸਾਲ 5 ਹਜ਼ਾਰ ਰੁਪਏ ਮਹੀਨਾਵਾਰ ਤਨਖਾਹ ਮਿਲੇਗੀ। ਇਸ ਤੋਂ ਇਲਾਵਾ, ਹਰ ਮਹੀਨੇ ਬੀਮਾ ਕਮਿਸ਼ਨ ਅਤੇ 2100 ਰੁਪਏ ਦੀ ਵਾਧੂ ਪ੍ਰੋਤਸਾਹਨ ਰਕਮ ਵੀ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਹਰ ਘਰ-ਹਰ ਗ੍ਰਹਿਣੀ ਯੋਜਨਾ ਤਹਿਤ ਗਰੀਬ ਪਰਿਵਾਰਾਂ ਨੂੰ ਸਿਰਫ਼ 500 ਰੁਪਏ ਪ੍ਰਤੀ ਮਹੀਨਾ ਗੈਸ ਸਿਲੰਡਰ ਮੁਹੱਈਆ ਕਰਵਾ ਰਹੀ ਹੈ। 13 ਲੱਖ 2 ਹਜ਼ਾਰ 400 ਪਰਿਵਾਰ ਲਗਾਤਾਰ ਇਸਦਾ ਲਾਭ ਪ੍ਰਾਪਤ ਕਰ ਰਹੇ ਹਨ। ਸਰਕਾਰ ਨੇ ਆਂਗਣਵਾੜੀ ਵਰਕਰਾਂ ਦੇ ਮਾਣਭੱਤੇ ‘ਚ 750 ਰੁਪਏ ਅਤੇ ਸਹਾਇਕਾਂ ਦੇ ਮਾਣਭੱਤੇ ‘ਚ 400 ਰੁਪਏ ਪ੍ਰਤੀ ਮਹੀਨਾ ਵਾਧਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ 2023 ਦੇ ਆਜ਼ਾਦੀ ਦਿਵਸ ਦੇ ਮੌਕੇ ‘ਤੇ ਲਖਪਤੀ ਦੀਦੀ ਯੋਜਨਾ ਦੀ ਸ਼ੁਰੂਆਤ ਦਾ ਐਲਾਨ ਕੀਤਾ ਸੀ। ਇਸ ਯੋਜਨਾ ਰਾਹੀਂ, ਰਾਜ ਦੀਆਂ ਔਰਤਾਂ ਨੂੰ ਹੁਨਰ ਵਿਕਾਸ ਸਿਖਲਾਈ ਦੇ ਕੇ ਸੂਖਮ ਉੱਦਮ ਸਥਾਪਤ ਕਰਨ ‘ਚ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਸੂਬੇ ਵਿੱਚ 5 ਲੱਖ ਔਰਤਾਂ ਨੂੰ ‘ਲਖਪਤੀ ਦੀਦੀ’ ਬਣਾਉਣ ਦਾ ਟੀਚਾ ਰੱਖਿਆ ਹੈ। ਹੁਣ ਤੱਕ 1 ਲੱਖ 85 ਹਜ਼ਾਰ ਔਰਤਾਂ ਨੂੰ ਲਖਪਤੀ ਦੀਦੀ ਬਣਾਇਆ ਜਾ ਚੁੱਕਾ ਹੈ।
ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨਮੋ ਡਰੋਨ ਦੀਦੀ ਦੇ ਵਿਜ਼ਨ ਨੂੰ ਅੱਗੇ ਵਧਾਉਣ ਲਈ 5,000 ਔਰਤਾਂ ਨੂੰ ਡਰੋਨ ਪਾਇਲਟ ਸਿਖਲਾਈ ਪ੍ਰਦਾਨ ਕਰੇਗੀ। ਹੁਣ ਤੱਕ 100 ਔਰਤਾਂ ਨੂੰ ਡਰੋਨ ਉਡਾਉਣ ਦੀ ਸਿਖਲਾਈ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਮੁਫ਼ਤ ਡਰੋਨ ਵੀ ਦਿੱਤੇ ਗਏ ਹਨ। ਉਨ੍ਹਾਂ ਨੂੰ 8 ਲੱਖ ਰੁਪਏ ਤੱਕ ਦੇ ਡਰੋਨ ਮੁਫ਼ਤ ਦਿੱਤੇ ਜਾਣਗੇ।
Read More: Haryana: ਨਾਇਬ ਸੈਣੀ ਸਰਕਾਰ ਦੇ 100 ਦਿਨ ਹੋਏ ਪੂਰੇ, ਗਿਣਾਏ ਆਪਣੇ ਕੰਮ