ਹਰਿਆਣਾ, 04 ਨਵੰਬਰ 2026: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੰਗਲਵਾਰ ਨੂੰ ਜੀਂਦ ਜ਼ਿਲ੍ਹੇ ਦੀ ਅੰਤਰਰਾਸ਼ਟਰੀ ਭਲਵਾਨ ਅਤੇ ਵਿਸ਼ਵ ਚੈਂਪੀਅਨ ਮਨੀਸ਼ਾ ਭਾਨਵਾਲਾ ਨੇ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਕਜ਼ਾਕਿਸਤਾਨ ‘ਚ ਕਰਵਾਈ ਗਈ ਸੀਨੀਅਰ ਵਰਲਡ ਰੈਸਲਿੰਗ ਚੈਂਪੀਅਨਸ਼ਿਪ ‘ਚ ਸੋਨ ਤਗਮਾ ਜਿੱਤ ਕੇ ਦੇਸ਼ ਦਾ ਨਾਮ ਰੋਸ਼ਨ ਕਰਨ ‘ਤੇ ਮਨੀਸ਼ਾ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਮਨੀਸ਼ਾ ਦੀ ਇਹ ਇਤਿਹਾਸਕ ਪ੍ਰਾਪਤੀ ਹਰਿਆਣਾ ਸਮੇਤ ਪੂਰੇ ਦੇਸ਼ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਨੇ ਮਨੀਸ਼ਾ ਨੂੰ ਭਵਿੱਖ ‘ਚ ਵੀ ਇਸੇ ਤਰ੍ਹਾਂ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਉਤਸ਼ਾਹਿਤ ਕੀਤਾ ਅਤੇ ਹਰ ਸੰਭਵ ਸਹਿਯੋਗ ਅਤੇ ਸਮਰਥਨ ਦਾ ਭਰੋਸਾ ਦਿੱਤਾ। ਇਸ ਮੌਕੇ ਖੇਡ ਰਾਜ ਮੰਤਰੀ ਗੌਰਵ ਗੌਤਮ, ਕੋਚ ਮਨਦੀਪ ਸਿੰਘ ਵੀ ਮੌਜੂਦ ਸਨ।
ਮਨੀਸ਼ਾ ਭਾਨਵਾਲਾ ਨੇ ਕਜ਼ਾਕਿਸਤਾਨ ‘ਚ ਕਰਵਾਈ ਗਈ ਸੀਨੀਅਰ ਵਰਲਡ ਰੈਸਲਿੰਗ ਚੈਂਪੀਅਨਸ਼ਿਪ ‘ਚ 59 ਕਿਲੋਗ੍ਰਾਮ ਭਾਰ ਵਰਗ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੋਨ ਤਗਮਾ ਜਿੱਤ ਕੇ ਵਰਲਡ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ। ਇਸ ਪ੍ਰਾਪਤੀ ਦੇ ਨਾਲ ਹੀ ਉਨ੍ਹਾਂ ਨੇ ਦੇਸ਼ ਦੀ ਪਹਿਲੀ ਮਹਿਲਾ ਪਹਿਲਵਾਨ ਵਜੋਂ ਇਹ ਇਤਿਹਾਸਕ ਸਫਲਤਾ ਪ੍ਰਾਪਤ ਕੀਤੀ।
ਮਨੀਸ਼ਾ ਇਸ ਤੋਂ ਪਹਿਲਾਂ ਵੀ ਅੰਤਰਰਾਸ਼ਟਰੀ ਕੁਸ਼ਤੀ ਮੁਕਾਬਲਿਆਂ ‘ਚ ਆਪਣੀ ਪ੍ਰਤਿਭਾ ਅਤੇ ਮਿਹਨਤ ਦਾ ਲੋਹਾ ਮਨਵਾ ਚੁੱਕੀ ਹੈ। ਉਨ੍ਹਾਂ ਨੇ ਸਾਲ 2025 ‘ਚ ਜਾਰਡਨ ‘ਚ ਕਰਵਾਈ ਗਈ ਏਸ਼ੀਅਨ ਚੈਂਪੀਅਨਸ਼ਿਪ ‘ਚ 62 ਕਿਲੋਗ੍ਰਾਮ ਭਾਰ ਵਰਗ ‘ਚ ਸੋਨ ਤਗਮਾ ਹਾਸਲ ਕੀਤਾ। ਇਸ ਤੋਂ ਇਲਾਵਾ, ਸਾਲ 2026 ‘ਚ ਕਰਵਾਈ ਗਈ ਵਰਲਡ ਰੈਂਕਿੰਗ ਸੀਰੀਜ਼ ‘ਚ ਵੀ ਉਨ੍ਹਾਂ ਨੇ ਸੋਨ ਤਗਮਾ ਜਿੱਤ ਕੇ ਆਪਣੀ ਸਰਵੋਤਮਤਾ ਸਾਬਤ ਕੀਤੀ।
ਮਨੀਸ਼ਾ ਨੇ ਸਾਲ 2022 ਦੀ ਏਸ਼ੀਅਨ ਚੈਂਪੀਅਨਸ਼ਿਪ ‘ਚ ਕਾਂਸੀ ਦਾ ਤਗਮਾ, ਸਾਲ 2023 ‘ਚ ਕਾਂਸੀ ਦਾ ਤਗਮਾ ਅਤੇ ਸਾਲ 2024 ‘ਚ ਫਿਰ ਤੋਂ ਕਾਂਸੀ ਦਾ ਤਗਮਾ ਜਿੱਤ ਕੇ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕੀਤਾ।




