Gazipur

ਗਾਜ਼ੀਪੁਰ ‘ਚ ਬੱਸ ਹਾਦਸੇ ‘ਤੇ CM ਯੋਗੀ ਆਦਿਤਿਆਨਾਥ ਨੇ ਜਤਾਇਆ ਦੁੱਖ, ਪੀੜਤ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ

ਚੰਡੀਗੜ੍ਹ, 11 ਮਾਰਚ 2024: ਉੱਤਰ ਪ੍ਰਦੇਸ਼ ਦੇ ਗਾਜ਼ੀਪੁਰ (Gazipur) ਜ਼ਿਲ੍ਹੇ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਇੱਕ ਬਰਾਤੀਆਂ ਦੀ ਮਿੰਨੀ ਬੱਸ ਨੂੰ ਅੱਗ ਲੱਗਣ ਤੋਂ ਬਾਅਦ ਹੁਣ ਤੱਕ ਪੰਜ ਲਾਸ਼ਾਂ ਕੱਢੀਆਂ ਜਾ ਚੁੱਕੀਆਂ ਹਨ। ਕਈ ਜਣੇ ਸੜ ਚੁੱਕੇ ਹਨ। ਝੁਲਸੇ ਵਿਅਕਤੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਬੱਸ ਵਿੱਚ ਵਿਆਹ ਦੇ ਕੁੱਲ 38 ਮਹਿਮਾਨ ਸਵਾਰ ਸਨ। ਸੂਚਨਾ ਮਿਲਣ ਤੋਂ ਬਾਅਦ ਮੋਬਾਈਲ ਫੋਰੈਂਸਿਕ ਟੀਮ ਵੀ ਜਾਂਚ ਲਈ ਮੌਕੇ ‘ਤੇ ਪਹੁੰਚ ਗਈ ਹੈ।

ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਗਾਜ਼ੀਪੁਰ ਹਾਦਸੇ ਦਾ ਨੋਟਿਸ ਲਿਆ ਹੈ। ਮੁੱਖ ਮੰਤਰੀ ਯੋਗੀ ਨੇ ਮ੍ਰਿਤਕਾਂ ਦੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਹੈ। ਮੁੱਖ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਪੀੜਤਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਜਾਵੇ ਅਤੇ ਉਨ੍ਹਾਂ ਦਾ ਢੁੱਕਵਾਂ ਇਲਾਜ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਵੀ ਕੀਤੀ।

ਮੁੱਖ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਮੌਕੇ ’ਤੇ ਪੁੱਜ ਕੇ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਅਨੁਸਾਰ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਝੁਲਸੇ ਪੀੜਤਾਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਗਿਆ ਹੈ।

ਬੱਸ ਵਿੱਚ ਸਫ਼ਰ ਕਰ ਰਹੀ ਇੱਕ ਬੀਬੀ ਨੇ ਆਪਣੇ ਆਪ ਨੂੰ ਬਚਾਉਣ ਲਈ ਛਾਲ ਮਾਰ ਦਿੱਤੀ। ਉਨ੍ਹਾਂ ਦੱਸਿਆ ਕਿ ਬੱਸ ਵਿੱਚ ਬੀਬੀਆਂ ਦੇ ਨਾਲ ਬੱਚੇ ਵੀ ਸਵਾਰ ਸਨ। ਸਾਰੇ ਜਣੇ ਖੁਸ਼ੀ-ਖੁਸ਼ੀ ਵਿਆਹ ਵਿੱਚ ਜਾ ਰਹੇ ਸਨ। ਇਹ ਹਾਦਸਾ (Gazipur) ਅਚਾਨਕ ਵਾਪਰਿਆ। ਜਦੋਂ ਤੱਕ ਲੋਕਾਂ ਨੂੰ ਬਚਾਇਆ ਜਾਂਦਾ, ਉਦੋਂ ਤੱਕ ਸਥਿਤੀ ਨੇ ਭਿਆਨਕ ਰੂਪ ਧਾਰਨ ਕਰ ਲਿਆ ਸੀ। ਦੱਸਿਆ ਜਾ ਰਿਹਾ ਹੈ ਕਿ ਮਿੰਨੀ ਬੱਸ 11000 ਦੀ ਹਾਈਟੈਂਸ਼ਨ ਤਾਰਾਂ ਦੀ ਲਪੇਟ ‘ਚ ਆ ਗਈ ਅਤੇ ਬੱਸ ਨੂੰ ਭਿਆਨਕ ਅੱਗ ਲੱਗ ਗਈ |

Scroll to Top