Site icon TheUnmute.com

ਮੁੱਖ ਮੰਤਰੀ ਨੇ ਸ਼ੁੱਭਕਰਨ ਦੇ ਪਰਿਵਾਰ ਦਾ ਦੁੱਖ ਵੰਡਾਉਂਦਿਆਂ ਮਾਲੀ ਮੱਦਦ ਵਜੋਂ ਇਕ ਕਰੋੜ ਰੁਪਏ ਤੇ ਭੈਣ ਲਈ ਸਰਕਾਰੀ ਨੌਕਰੀ ਦੇਣ ਦਾ ਕੀਤਾ ਐਲਾਨ

ਸ਼ੁੱਭਕਰਨ

ਚੰਡੀਗੜ੍ਹ, 23 ਫਰਵਰੀ 2024: ਕਿਸਾਨ ਸੰਘਰਸ਼ ਦੌਰਾਨ ਖਨੌਰੀ ਬਾਰਡਰ ਉਤੇ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁੱਭਕਰਨ ਸਿੰਘ ਦੇ ਪਰਿਵਾਰ ਦਾ ਦੁੱਖ ਵੰਡਾਉਂਦਿਆਂ ਤੇ ਇਕਜੁੱਟਤਾ ਜ਼ਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਪੀੜਤ ਪਰਿਵਾਰ ਨੂੰ ਮਾਲੀ ਮੱਦਦ ਵਜੋਂ ਇਕ ਕਰੋੜ ਰੁਪਏ ਦੇਣ ਦੇ ਨਾਲ-ਨਾਲ ਉਸ ਦੀ ਭੈਣ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ।

ਮੁੱਖ ਮੰਤਰੀ ਨੇ ਹਰਿਆਣਾ ਦੀ ਸਰਹੱਦ ਉਤੇ ਚੱਲ ਰਹੇ ਪ੍ਰਦਰਸ਼ਨ ਦੌਰਾਨ ਮਾਰੇ ਗਏ ਇਸ ਸ਼ਹੀਦ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਦੁਹਰਾਇਆ ਕਿ ਦੁੱਖ ਦੀ ਇਸ ਘੜੀ ਵਿੱਚ ਸੂਬਾ ਸਰਕਾਰ ਪਰਿਵਾਰ ਨਾਲ ਖੜ੍ਹੀ ਹੈ ਅਤੇ ਪਰਿਵਾਰ ਨੂੰ ਦਿੱਕਤਾਂ ਵਿੱਚੋਂ ਕੱਢਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਪਰਿਵਾਰ ਦੀ ਆਰਥਿਕ ਤੇ ਸਮਾਜਿਕ ਦੋਵਾਂ ਫਰੰਟਾਂ ਉਤੇ ਪੂਰੀ ਮਦਦ ਕਰਨ ਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪਰਿਵਾਰ ਦੀ ਬਾਂਹ ਫੜਨਾ ਸੂਬਾ ਸਰਕਾਰ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ।

ਮੁੱਖ ਮੰਤਰੀ ਨੇ ਦੁਹਰਾਇਆ ਕਿ ਸ਼ੁੱਭਕਰਨ ਦੇ ਕਾਤਲਾਂ ਨੂੰ ਸਲਾਖਾਂ ਪਿੱਛੇ ਡੱਕਣ ਲਈ ਸੂਬਾ ਸਰਕਾਰ ਦ੍ਰਿੜ੍ਹ ਹੈ। ਉਨ੍ਹਾਂ ਕਿਹਾ ਕਿ ਇਸ ਨੌਜਵਾਨ ਦੀ ਮੌਤ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ। ਭਗਵੰਤ ਸਿੰਘ ਮਾਨ ਨੇ ਅਫ਼ਸੋਸ ਜ਼ਾਹਰ ਕੀਤਾ ਕਿ ਜਦੋਂ ਉਹ ਮਹਿਜ਼ ਆਪਣੇ ਜਮਹੂਰੀ ਅਧਿਕਾਰ ਦੀ ਵਰਤੋਂ ਕਰ ਰਿਹਾ ਸੀ ਤਾਂ ਉਸ ਨੂੰ ‘ਨਫ਼ਰਤ ਭਰੇ ਲਹਿਜ਼ੇ ਨਾਲ ਚਲਾਈ ਗੋਲੀ’ ਦਾ ਸ਼ਿਕਾਰ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਇਸ ਘਿਨਾਉਣੇ ਜੁਰਮ ਲਈ ਜ਼ਿੰਮੇਵਾਰੀ ਵਿਅਕਤੀ ਕਿਸੇ ਵੀ ਤਰ੍ਹਾਂ ਦੀ ਨਰਮੀ ਦੇ ਹੱਕਦਾਰ ਨਹੀਂ ਹਨ ਅਤੇ ਉਨ੍ਹਾਂ ਨੂੰ ਆਪਣੇ ਗੁਨਾਹ ਦੀ ਢੁਕਵੀਂ ਸਜ਼ਾ ਮਿਲੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਨੌਜਵਾਨ ਦੀ ਮੌਤ ਲਈ ਜ਼ਿੰਮੇਵਾਰ ਬੰਦਿਆਂ ਖ਼ਿਲਾਫ਼ ਜਾਂਚ ਮਗਰੋਂ ਐਫ.ਆਈ.ਆਰ. ਦਰਜ ਹੋਵੇਗੀ ਅਤੇ ਉਨ੍ਹਾਂ ਨੂੰ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਔਖੀ ਘੜੀ ਵਿੱਚ ਵੀ ਪੰਜਾਬ ਦੇ ਅੰਨਦਾਤੇ ਨਾਲ ਖੜ੍ਹੀ ਹੈ, ਜਿਨ੍ਹਾਂ ਦੇ ਰਾਹ ਵਿੱਚ ਪੰਜਾਬ ਵਿਰੋਧੀ ਤਾਕਤਾਂ ਅੜਿੱਕੇ ਖੜ੍ਹੇ ਕਰ ਰਹੀਆਂ ਹਨ ਤਾਂ ਕਿ ਉਹ ਆਪਣੀਆਂ ਜਾਇਜ਼ ਮੰਗਾਂ ਮੰਨਵਾਉਣ ਲਈ ਸ਼ਾਂਤੀਪੂਰਵਕ ਪ੍ਰਦਰਸ਼ਨ ਕਰਨ ਵਾਸਤੇ ਕੌਮੀ ਰਾਜਧਾਨੀ ਵਿੱਚ ਨਾ ਜਾ ਸਕਣ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ, ਦੇਸ਼ ਨੂੰ ਅਨਾਜ ਪੱਖੋਂ ਆਤਮ-ਨਿਰਭਰ ਬਣਾਉਣ ਤੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਲਾਮਿਸਾਲ ਯੋਗਦਾਨ ਦਿੱਤਾ ਪਰ ਇਸ ਦੇ ਬਾਵਜੂਦ ਪੰਜਾਬੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜੋ ਸਰਾਸਰ ਬੇਇਨਸਾਫ਼ੀ ਤੇ ਧੱਕੇਸ਼ਾਹੀ ਹੈ।

Exit mobile version