July 4, 2024 11:39 pm
pregnancy

ਪ੍ਰਧਾਨ ਮੰਤਰੀ, ਵਿਰੋਧੀ ਧਿਰ ਦੇ ਨੇਤਾ ਅਤੇ ਚੀਫ਼ ਜਸਟਿਸ ਦੀ ਕਮੇਟੀ ਕਰੇਗੀ ਚੋਣ ਕਮਿਸ਼ਨਰ ਦੀ ਚੋਣ: ਸੁਪਰੀਮ ਕੋਰਟ

ਚੰਡੀਗੜ੍ਹ, 2 ਮਾਰਚ 2023: ਸੁਪਰੀਮ ਕੋਰਟ (Supreme Court) ਨੇ ਵੀਰਵਾਰ ਨੂੰ ਮੁੱਖ ਚੋਣ ਕਮਿਸ਼ਨਰ (ਸੀਈਸੀ) ਅਤੇ ਚੋਣ ਕਮਿਸ਼ਨਰਾਂ (ਈਸੀ) ਦੀ ਨਿਯੁਕਤੀ ਲਈ ਕਾਲਜੀਅਮ ਵਰਗੀ ਪ੍ਰਣਾਲੀ ਬਣਾਉਣ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ‘ਤੇ ਆਪਣਾ ਫੈਸਲਾ ਸੁਣਾਇਆ। ਜਸਟਿਸ ਕੇਐਮ ਜੋਸੇਫ ਦੀ ਅਗਵਾਈ ਵਾਲੇ ਪੰਜ ਜੱਜਾਂ ਦੇ ਸੰਵਿਧਾਨਕ ਬੈਂਚ ਨੇ ਆਪਣੇ ਫੈਸਲੇ ਵਿੱਚ ਕਿਹਾ ਕਿ ਪ੍ਰਧਾਨ ਮੰਤਰੀ, ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਜਾਂ ਸਭ ਤੋਂ ਵੱਡੀ ਵਿਰੋਧੀ ਪਾਰਟੀ ਦੇ ਨੇਤਾ ਅਤੇ ਭਾਰਤ ਦੇ ਚੀਫ਼ ਜਸਟਿਸ ਦੀ ਇੱਕ ਕਮੇਟੀ ਮੁੱਖ ਚੋਣ ਕਮਿਸ਼ਨਰ ਅਤੇ ਚੋਣ ਕਮਿਸ਼ਨਰ ਦੀ ਚੋਣ ਕਰੇਗੀ ਹਾਲਾਂਕਿ ਨਿਯੁਕਤੀ ਦਾ ਅਧਿਕਾਰ ਰਾਸ਼ਟਰਪਤੀ ਕੋਲ ਹੀ ਰਹੇਗਾ।

ਚੋਣ ਕਮਿਸ਼ਨ ਦੀ ਨਿਰਪੱਖਤਾ ਸਭ ਤੋਂ ਮਹੱਤਵਪੂਰਨ ਹੈ |

ਬੈਂਚ ਵਿੱਚ ਜਸਟਿਸ ਅਜੈ ਰਸਤੋਗੀ, ਜਸਟਿਸ ਅਨਿਰੁਧ ਬੋਸ, ਜਸਟਿਸ ਰਿਸ਼ੀਕੇਸ਼ ਰਾਏ ਅਤੇ ਜਸਟਿਸ ਸੀਟੀ ਰਵੀਕੁਮਾਰ ਸ਼ਾਮਲ ਹਨ। ਬੈਂਚ ਨੇ ਇਸ ਮੁੱਦੇ ‘ਤੇ ਪਿਛਲੇ ਸਾਲ 24 ਨਵੰਬਰ ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਸੁਪਰੀਮ ਕੋਰਟ ਨੇ ਸਰਬਸੰਮਤੀ ਨਾਲ ਫੈਸਲਾ ਸੁਣਾਉਂਦੇ ਹੋਏ ਚੋਣ ਪ੍ਰਕਿਰਿਆਵਾਂ ‘ਚ ਨਿਰਪੱਖਤਾ ਨੂੰ ਯਕੀਨੀ ਬਣਾਉਣ ‘ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਲੋਕਤੰਤਰ ਲੋਕਾਂ ਦੀ ਇੱਛਾ ਨਾਲ ਜੁੜਿਆ ਹੋਇਆ ਹੈ।

ਸੰਵਿਧਾਨਕ ਬੈਂਚ ਨੇ ਕਿਹਾ ਕਿ ਲੋਕਤੰਤਰ ਨਾਜ਼ੁਕ ਹੈ ਅਤੇ ਕਾਨੂੰਨ ਦੇ ਸ਼ਾਸਨ ‘ਤੇ ਬਿਆਨਬਾਜ਼ੀ ਇਸ ਲਈ ਨੁਕਸਾਨਦੇਹ ਹੋ ਸਕਦੀ ਹੈ। ਅਦਾਲਤ ਨੇ ਕਿਹਾ ਕਿ ਲੋਕਤੰਤਰ ‘ਚ ਚੋਣਾਂ ‘ਚ ਨਿਰਪੱਖਤਾ ਬਣਾਈ ਰੱਖਣੀ ਚਾਹੀਦੀ ਹੈ, ਨਹੀਂ ਤਾਂ ਇਸ ਦੇ ਭਿਆਨਕ ਨਤੀਜੇ ਨਿਕਲਣਗੇ। ਅਦਾਲਤ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ (ਈਸੀਆਈ) ਸੁਤੰਤਰ ਅਤੇ ਨਿਰਪੱਖ ਢੰਗ ਨਾਲ ਕੰਮ ਕਰਨ ਲਈ ਪਾਬੰਦ ਹੈ ਅਤੇ ਉਸ ਨੂੰ ਸੰਵਿਧਾਨਕ ਢਾਂਚੇ ਦੇ ਅੰਦਰ ਕੰਮ ਕਰਨਾ ਚਾਹੀਦਾ ਹੈ।

ਚੋਣ ਕਮਿਸ਼ਨਰ ਦੀ ਨਿਯੁਕਤੀ ‘ਤੇ ਕਿਉਂ ਉੱਠਿਆ ਸਵਾਲ?

ਇਸ ਤੋਂ ਪਹਿਲਾਂ ਸੁਪਰੀਮ ਕੋਰਟ (Supreme Court) ਨੇ ਸਾਬਕਾ ਨੌਕਰਸ਼ਾਹ ਅਰੁਣ ਗੋਇਲ ਨੂੰ ਚੋਣ ਕਮਿਸ਼ਨਰ ਵਜੋਂ ਨਿਯੁਕਤ ਕਰਨ ਵਿੱਚ ਕੇਂਦਰ ਦੁਆਰਾ ਦਿਖਾਈ ਗਈ ਜਲਦਬਾਜ਼ੀ ‘ਤੇ ਸਵਾਲ ਚੁੱਕਦੇ ਹੋਏ ਕਿਹਾ ਸੀ ਕਿ ਉਨ੍ਹਾਂ ਦੀ ਫਾਈਲ 24 ਘੰਟਿਆਂ ਵਿੱਚ ਬਿਜਲੀ ਦੀ ਰਫ਼ਤਾਰ ਨਾਲ ਵਿਭਾਗਾਂ ਤੋਂ ਪਾਸ ਕੀਤੀ ਗਈ ਸੀ। ਹਾਲਾਂਕਿ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਦੀਆਂ ਟਿੱਪਣੀਆਂ ਦਾ ਸਖ਼ਤ ਵਿਰੋਧ ਕੀਤਾ। ਅਟਾਰਨੀ ਜਨਰਲ ਆਰ ਵੈਂਕਟਾਰਮਣੀ ਨੇ ਦਲੀਲ ਦਿੱਤੀ ਸੀ ਕਿ ਉਨ੍ਹਾਂ ਦੀ ਨਿਯੁਕਤੀ ਨਾਲ ਜੁੜੇ ਸਾਰੇ ਮਾਮਲੇ ਨੂੰ ਪੂਰੀ ਤਰ੍ਹਾਂ ਨਾਲ ਦੇਖਣ ਦੀ ਲੋੜ ਹੈ।

ਸਿਖਰਲੀ ਅਦਾਲਤ ਨੇ ਪੁੱਛਿਆ ਸੀ ਕਿ ਕੇਂਦਰੀ ਕਾਨੂੰਨ ਮੰਤਰੀ ਨੇ ਚੋਣ ਕਮਿਸ਼ਨਰ ਵਜੋਂ ਨਿਯੁਕਤੀ ਲਈ ਪ੍ਰਧਾਨ ਮੰਤਰੀ ਨੂੰ ਸਿਫ਼ਾਰਸ਼ ਕੀਤੇ ਚਾਰ ਨਾਵਾਂ ਦੇ ਪੈਨਲ ਦੀ ਚੋਣ ਕਿਵੇਂ ਕੀਤੀ, ਜਦੋਂ ਉਨ੍ਹਾਂ ਵਿੱਚੋਂ ਕਿਸੇ ਨੇ ਵੀ ਛੇ ਸਾਲ ਦਾ ਕਾਰਜਕਾਲ ਪੂਰਾ ਨਹੀਂ ਕੀਤਾ। ਚੋਣ ਕਮਿਸ਼ਨ ਐਕਟ, 1991 ਦੇ ਤਹਿਤ ਚੋਣ ਕਮਿਸ਼ਨ ਦਾ ਕਾਰਜਕਾਲ ਛੇ ਸਾਲ ਜਾਂ 65 ਸਾਲ ਦੀ ਉਮਰ ਤੱਕ ਹੁੰਦਾ ਹੈ।

ਹੁਣ ਤੱਕ ਚੋਣ ਕਮਿਸ਼ਨਰ ਦੀ ਨਿਯੁਕਤੀ ਕਿਵੇਂ ਹੋਈ?

ਚੋਣ ਕਮਿਸ਼ਨਰ ਦੀ ਨਿਯੁਕਤੀ ਪ੍ਰਧਾਨ ਮੰਤਰੀ ਅਤੇ ਕੈਬਨਿਟ ਦੀ ਸਿਫ਼ਾਰਸ਼ ‘ਤੇ ਰਾਸ਼ਟਰਪਤੀ ਦੁਆਰਾ ਕੀਤੀ ਜਾਂਦੀ ਹੈ। ਆਮ ਤੌਰ ‘ਤੇ ਦੇਖਿਆ ਜਾਂਦਾ ਹੈ ਕਿ ਇਸ ਸਿਫ਼ਾਰਿਸ਼ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ ਮਿਲ ਜਾਂਦੀ ਹੈ। ਇਸ ਕਾਰਨ ਚੋਣ ਕਮਿਸ਼ਨਰ ਦੀ ਨਿਯੁਕਤੀ ‘ਤੇ ਸਵਾਲ ਖੜ੍ਹੇ ਹੋ ਗਏ ਹਨ। ਚੋਣ ਕਮਿਸ਼ਨਰ ਦਾ ਇੱਕ ਨਿਸ਼ਚਿਤ ਕਾਰਜਕਾਲ ਹੁੰਦਾ ਹੈ | ਚੋਣ ਕਮਿਸ਼ਨਰ ਵਜੋਂ ਸੇਵਾਮੁਕਤੀ ਦੀ ਵੱਧ ਤੋਂ ਵੱਧ ਉਮਰ 65 ਸਾਲ ਤੈਅ ਕੀਤੀ ਗਈ ਹੈ। ਯਾਨੀ ਜੇਕਰ ਕੋਈ 62 ਸਾਲ ਦੀ ਉਮਰ ਵਿੱਚ ਚੋਣ ਕਮਿਸ਼ਨਰ ਬਣ ਜਾਂਦਾ ਹੈ ਤਾਂ ਉਸ ਨੂੰ ਤਿੰਨ ਸਾਲ ਬਾਅਦ ਇਹ ਅਹੁਦਾ ਛੱਡਣਾ ਪਵੇਗਾ।

ਚੋਣ ਕਮਿਸ਼ਨਰ ਨੂੰ ਕਿਵੇਂ ਹਟਾਇਆ ਜਾਂਦਾ ਹੈ?

ਸੇਵਾਮੁਕਤੀ ਅਤੇ ਕਾਰਜਕਾਲ ਪੂਰਾ ਹੋਣ ਤੋਂ ਇਲਾਵਾ ਚੋਣ ਕਮਿਸ਼ਨਰ ਕਾਰਜਕਾਲ ਤੋਂ ਪਹਿਲਾਂ ਅਸਤੀਫਾ ਵੀ ਦੇ ਸਕਦਾ ਹੈ ਅਤੇ ਹਟਾਇਆ ਵੀ ਜਾ ਸਕਦਾ ਹੈ। ਉਨ੍ਹਾਂ ਨੂੰ ਹਟਾਉਣ ਦਾ ਅਧਿਕਾਰ ਸੰਸਦ ਕੋਲ ਹੈ। ਚੋਣ ਕਮਿਸ਼ਨਰ ਨੂੰ ਸੁਪਰੀਮ ਕੋਰਟ ਦੇ ਜੱਜਾਂ ਦੇ ਬਰਾਬਰ ਤਨਖਾਹ ਅਤੇ ਭੱਤੇ ਦਿੱਤੇ ਜਾਂਦੇ ਹਨ।