ਪ੍ਰਕਾਸ਼ ਪੁਰਬ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ

ਸ੍ਰੀ ਫਤਿਹਗੜ੍ਹ ਸਾਹਿਬ, 21 ਨਵੰਬਰ 2026: ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸ਼ਰਧਾ ਅਤੇ ਸਤਿਕਾਰ ਸਹਿਤ ਧਾਰਮਿਕ ਸਮਾਗਮ ਕਰਵਾਏ ਗਏ। ਇਸ ਮੌਕੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਹਜ਼ੂਰੀ ਰਾਗੀ ਜਥਿਆਂ ਵੱਲੋਂ ਇਲਾਹੀ ਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ।

ਸਮਾਗਮ ਦੌਰਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਜਿੰਦਰ ਸਿੰਘ ਨੇ ਸੰਗਤਾਂ ਨੂੰ ਗੁਰੂ ਸਾਹਿਬ ਦੇ ਜੀਵਨ, ਫਲਸਫ਼ੇ ਅਤੇ ‘ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ’ ਦੇ ਮਹਾਨ ਉਪਦੇਸ਼ਾਂ ‘ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਾਨਵਤਾ ਨੂੰ ਆਪਸੀ ਭਾਈਚਾਰੇ, ਸੱਚਾਈ ਅਤੇ ਸਮਾਨਤਾ ਦਾ ਰਾਹ ਦਿਖਾਇਆ ਹੈ।

ਸਵੇਰ ਤੋਂ ਹੀ ਵੱਡੀ ਗਿਣਤੀ ‘ਚ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਲਈ ਆਈਆਂ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਪਵਿੱਤਰ ਸਰੋਵਰ ‘ਚ ਇਸ਼ਨਾਨ ਕੀਤਾ। ਪ੍ਰਕਾਸ਼ ਪੁਰਬ ਦੇ ਸ਼ੁਭ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਵਿਖੇ ਸੁੰਦਰ ਦੀਪਮਾਲਾ ਅਤੇ ਫੁੱਲਾਂ ਦੀ ਸਜਾਵਟ ਵੀ ਕੀਤੀ ਗਈ। ਇਸ ਮੌਕੇ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ।

Read More: ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਅੰਮ੍ਰਿਤਸਰ ‘ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ

ਵਿਦੇਸ਼

Scroll to Top